ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਜਲੰਧਰ - 35 ਸਿੱਖ ਜਥੇਬੰਦੀਆਂ ਦੇ ਗੱਠਜੋੜ ‘ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼’ ਅਤੇ ਦਰਬਾਰ-ਏ-ਖਾਲਸਾ ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਕੈਪਟਨ ਸਰਕਾਰ ਵੱਲੋਂ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਕਾਂਡ ਸਬੰਧੀ ਇਨਸਾਫ਼ ਦਾ ਦਿਵਾਉਣ ਵਿਰੁੱਧ ਵਿੱਢੇ ਸੰਘਰਸ਼ ਦਾ ਦੂਜਾ ਪੜਾਅ 15 ਮਾਰਚ ਨੂੰ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਘਰ ਅੱਗੇ ਧਰਨਾ ਲਾ ਕੇ ਸ਼ੁਰੂ ਕੀਤਾ ਜਾਵੇਗਾ।
  ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਗੱਠਜੋੜ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾ ਅਤੇ ਦਰਬਾਰ-ਏ-ਖਾਲਸਾ ਜਥੇਬੰਦੀ ਦੇ ਆਗੂ ਹਰਜੀਤ ਸਿੰਘ ਢਪਾਲੀ ਨੇ ਕਿਹਾ ਕਿ ਬਰਗਾੜੀ ਮਾਮਲੇ ਸਬੰਧੀ ਇਨਸਾਫ਼ ਲਈ ਸਰਕਾਰ ਨੂੰ ਹਲੂਣਾ ਦੇਣ ਵਾਸਤੇ ਸੰਘਰਸ਼ ਦਾ ਦੂਜਾ ਪੜਾਅ 15 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਬਰਗਾੜੀ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦਾ ਫ਼ੈਸਲਾ ਲੈਣ ਦੇ 18 ਮਹੀਨਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਸੀਬੀਆਈ ਤੋਂ ਜਾਂਚ ਵਾਪਸ ਕਿਉਂ ਨਹੀਂ ਲਈ ਜਾ ਰਹੀ।
  ਇਨ੍ਹਾਂ ਆਗੂਆਂ ਨੇ ਦੱਸਿਆ ਕਿ 22 ਮਾਰਚ ਨੂੰ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, 29 ਮਾਰਚ ਨੂੰ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ 5 ਅਪਰੈਲ ਨੂੰ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰਾਂ ਦੇ ਬਾਹਰ ਕੀਰਤਨ ਮਗਰੋਂ ਧਰਨਾ ਲਾ ਕੇ ਜਵਾਬਤਲਬੀ ਮੰਗੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਧਰਨੇ ਦੌਰਾਨ ਸੱਤਾਧਾਰੀ ਵਿਧਾਇਕਾਂ ਤੇ ਮੰਤਰੀਆਂ ਕੋਲੋਂ ਉਨ੍ਹਾਂ ਸਵਾਲਾਂ ਦੇ ਜਵਾਬ ਮੰਗੇ ਜਾਣਗੇ, ਜਿਹੜੇ ਵਾਅਦੇ ਕਰ ਕੇ ਕਾਂਗਰਸ ਸਰਕਾਰ ਨੇ ਸੱਤਾ ਸੰਭਾਲੀ ਸੀ। ਊਨ੍ਹਾਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

  ਅੰਮ੍ਰਿਤਸਰ - ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਲਾਗੂ ਕਰਨ ਦਾ ਮਾਮਲਾ ਇਕ ਵਾਰ ਫੇਰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪੁੱਜਾ ਹੈ। ਦਲ ਖਾਲਸਾ ਨੇ ਨਵੇਂ ਵਰ੍ਹੇ ਦਾ ਜਾਰੀ ਕੀਤਾ ਕੈਲੰਡਰ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਟ ਕੀਤਾ ਹੈ।
  ਦਲ ਖਾਲਸਾ ਵੱਲੋਂ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਨਾਂ ਨੂੰ ਨਵੇਂ ਵਰ੍ਹੇ ਦਾ ਕੈਲੰਡਰ ਭੇਟ ਕੀਤਾ ਗਿਆ। ਬੀਤੇ ਦਿਨ ਸਿੱਖ ਜਥੇਬੰਦੀ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਇਹ ਕੈਲੰਡਰ ਜਾਰੀ ਕੀਤਾ ਗਿਆ ਸੀ। ਦਲ ਖਾਲਸਾ ਦੇ ਨੁਮਾਇੰਦਿਆਂ ਨੇ ਕੈਲੰਡਰ ਭੇਟ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਉਹ ਕੈਲੰਡਰ ਸਬੰਧੀ ਵਿਵਾਦ ਨੂੰ ਹੱਲ ਕਰਨ ਦੀ ਪਹਿਲਕਦਮੀ ਕਰਨ। ਇਹ ਕੈਲੰਡਰ ਸਿੱਖਾਂ ਦੀ ਅੱਡਰੀ ਪਛਾਣ ਅਤੇ ਵੱਖਰੇ ਧਰਮ ਦੀ ਨਿਸ਼ਾਨੀ ਹੈ। ਉਨ੍ਹਾਂ ਆਖਿਆ ਕਿ ਕੈਲੰਡਰ ਵਿਵਾਦ ਨੂੰ ਧੜਿਆਂ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਹੱਲ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਲਾਗੂ ਕਰਾਉਣ ਲਈ ਸਮੂਹ ਪੰਥਕ ਧਿਰਾਂ ਵਿਚ ਸਹਿਮਤੀ ਬਣਾਈ ਜਾਵੇ ਤਾਂ ਜੋ ਕੈਲੰਡਰ ਸਬੰਧੀ ਕੌਮ ਵਿਚ ਪੈਦਾ ਹੋਈਆਂ ਵੰਡੀਆਂ ਖਤਮ ਹੋ ਸਕਣ।
  ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਹੋਰਨਾਂ ਧਰਮਾਂ ਵਾਂਗ ਸਿੱਖ ਕੌਮ ਦਾ ਵੀ ਵੱਖਰਾ ਕੈਲੰਡਰ ਹੋਣਾ ਚਾਹੀਦਾ ਹੈ।
  ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੇ ਉੱਚ ਅਹੁਦਿਆਂ ’ਤੇ ਬੈਠੀਆਂ ਸ਼ਖ਼ਸੀਅਤਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਵਿਵਾਦ ਨੂੰ ਸਿੱਖੀ ਸਿਧਾਂਤਾਂ ਅਨੁਸਾਰ ਹੱਲ ਕਰਨ ਲਈ ਉਪਰਾਲੇ ਕਰਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਨੁਮਾਇੰਦਿਆਂ ਨੇ ਕੈਲੰਡਰ ਜਾਰੀ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਵੱਲੋਂ ਕੀਤੀ ਗਈ ਖਿੱਚਧੂਹ ਬਾਰੇ ਵੀ ਜਥੇਦਾਰ ਨੂੰ ਜਾਣੂ ਕਰਾਇਆ ਹੈ।
  ਇੱਥੇ ਦੱਸਣਯੋਗ ਹੈ ਕਿ ਦਲ ਖਾਲਸਾ ਵੱਲੋਂ ਇਹ ਕੈਲੰਡਰ ਪੀਜੀਪੀਸੀ ਦੇ ਸਹਿਯੋਗ ਨਾਲ 14 ਮਾਰਚ ਨੂੰ ਪਾਕਿਸਤਾਨ ਵਿਚ ਜਾਰੀ ਕੀਤਾ ਜਾ ਰਿਹਾ ਹੈ। ਇਹ ਕੈਲੰਡਰ ਗੁਰਦੁਆਰਾ ਕਰਤਾਰਪੁਰ ਦੇ ਲਾਂਘੇ ਨੂੰ ਸਮਰਪਿਤ ਕੀਤਾ ਗਿਆ ਹੈ।

  ਸਮਰਾਲਾ - ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਬਾਦਲ ਵਿਰੋਧੀ ਫ਼ਰੰਟ ਵਿੱਚ ਸ਼ਾਮਲ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਤੋਂ ਦੁੱਖੀ ਪੰਜਾਬ ਦੇ ਲੋਕ ਇਸ ਵਾਰ ਸ਼੍ਰੋਮਣੀ ਕਮੇਟੀ ਤੋਂ ਵੀ ਬਾਦਲਾਂ ਦਾ ਕਬਜ਼ਾ ਖ਼ਤਮ ਕਰ ਦੇਣਗੇ। ਉਹ ਅੱਜ ਇੱਥੇ ਸਾਬਕਾ ਮੰਤਰੀ ਜਸਦੇਵ ਸਿੰਘ ਦੇ ਪੁੱਤਰ ਅਤੇ ਅਕਾਲੀ ਆਗੂ ਗੁਰਤੇਜਪਾਲ ਸਿੰਘ ਭਗਵਾਨਪੁਰਾ ਦੀ ਅਗਵਾਈ ਹੇਠ ਹੋਈ ਇਕੱਤਰਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੰਭਾਵਿਤ ਇਸੇ ਸਾਲ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਬਾਦਲਾਂ ਦੇ ਕਹਿਣ ’ਤੇ ਹੁਣ ਕੇਂਦਰ ਦੀ ਭਾਜਪਾ ਸਰਕਾਰ ਵੀ ਹੁਣ ਟਾਲ ਨਹੀਂ ਸਕਦੀ ਹੈ ਕਿਊਕਿ ਇਨ੍ਹਾਂ ਚੋਣਾਂ ਸਬੰਧੀ ਸੁਣਵਾਈ ਹਾਈ ਕੋਰਟ ਵਿੱਚ 26 ਅਪਰੈਲ ਨੂੰ ਹੋਣੀ ਹੈ। ਉਨ੍ਹਾਂ ਕਿਹਾ ਕਿ ਹਰ ਪੰਜ ਸਾਲ ਬਾਅਦ ਨਵੀਂ ਕਮੇਟੀ ਦੀ ਚੋਣ ਦਾ ਕਾਨੂੰਨ ਹੈ ਅਤੇ ਵੋਟਰਾਂ ਦਾ ਇਹ ਅਧਿਕਾਰ ਵੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਚੋਣਾਂ ਸਬੰਧੀ ਅਦਾਲਤੀ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਹੀ ਆਵੇਗਾ ਅਤੇ ਉਸ ਤੋਂ ਬਾਅਦ ਇਨ੍ਹਾਂ ਚੋਣਾਂ ਨੂੰ ਕੇਂਦਰ ਵੀ ਟਾਲ ਨਹੀਂ ਸਕਦਾ।

  ਜਨੇਵਾ - ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੇ ਮੁਖੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਹੁਣ ਮਹਾਂਮਾਰੀ ਵਜੋਂ ਦਰਸਾਇਆ ਜਾ ਸਕਦਾ ਹੈ | ਡਬਲਯੂ.ਐਚ.ਓ. ਦੇ ਮੁਖੀ ਟੇਡਰੋਸ ਅਦਾਨੋਮ ਗੈਬੇਰੀਅਸ ਨੇ ਕਿਹਾ ਕਿ ਉਹ ਵਾਇਰਸ ਦੀ ਗੰਭੀਰਤਾ, ਇਸ ਦੇ ਫੈਲਣ ਅਤੇ ਇਸ ਨਾਲ ਮੁਕਾਬਲਾ ਕਰਨ ਲਈ ਕਾਰਵਾਈ ਦੀ ਕਮੀ ਤੋਂ ਚਿੰਤਤ ਸੀ | ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਇਕ ਮਹਾਂਮਾਰੀ ਵਜੋਂ ਦਰਸਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ਅਤੇ ਹਫ਼ਤਿਆਂ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਹੋਰ ਵਧੇਗੀ |

  ਅੰਮ੍ਰਿਤਸਰ - ਦਲ ਖਾਲਸਾ ਨੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਸੰਮਤ 552 ਦੇ ਜਾਰੀ ਕੀਤੇ ਕੈਲੰਡਰ ਵਿੱਚ ਵੱਡੀ ਤਬਦੀਲੀ ਕਰਦਿਆਂ ਇਸ ਕੈਲੰਡਰ ਦੀ ਮੁੱਖ ਤਸਵੀਰ ਦੇ ਪਿਛੋਕੜ ਵਿੱਚ ਗੁਰਦੁਆਰਾ ਕਰਤਾਰਪੁਰ (ਪਾਕਿਸਤਾਨ) ਦੀ ਤਸਵੀਰ ਸ਼ਾਮਲ ਕਰ ਦਿੱਤੀ ਹੈ। ਇਸ ਦੌਰਾਨ ਪਾਕਿਸਤਾਨੀ ਪੰਜਾਬ ਦੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਨੇ ਕੈਲੰਡਰ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ ਛਾਪੇ ਜਾਣ ’ਤੇ ਦਲ ਖਾਲਸਾ ਦੀ ਸ਼ਲਾਘਾ ਕੀਤੀ ਹੈ। ਸਿੱਖ ਜਥੇਬੰਦੀ ਵੱਲੋਂ ਕੱਲ੍ਹ ਇਹ ਕੈਲੰਡਰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਚ ਜਾਰੀ ਕੀਤਾ ਗਿਆ ਸੀ। ਇਸ ਕੈਲੰਡਰ ਨੂੰ ਜਾਰੀ ਕਰਨ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਸੀ। ਇਹ ਕੈਲੰਡਰ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਸੀ। ਕੈਲੰਡਰ ਵਿੱਚ ਗੁਰਦੁਆਰਾ ਕਰਤਾਰਪੁਰ ਦੀ ਤਸਵੀਰ ਗੈਰ ਹਾਜ਼ਰ ਸੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਵਧੇਰੇ ਤਰਜੀਹ ਦਿੱਤੀ ਗਈ ਸੀ। ਬਾਅਦ ਦਲ ਖਾਲਸਾ ਨੇ ਕੈਲੰਡਰ ਵਿੱਚ ਵੱਡੀ ਤਬਦੀਲੀ ਕੀਤੀ ਹੈ। ਕੈਲੰਡਰ ਦੀ ਮੌਜੂਦਾ ਤਸਵੀਰ ਦੇ ਪਿਛੋਕੜ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਸਵੀਰ ਸ਼ਾਮਲ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਗੁਰਦੁਆਰੇ ਵਿੱਚ ਸਥਾਪਤ ਕੀਤੀ ਸ੍ਰੀ ਸਾਹਿਬ ਦੀ ਤਸਵੀਰ ਪਹਿਲਾਂ ਵਾਂਗ ਹੀ ਰੱਖੀ ਗਈ ਹੈ।
  ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਕੈਲੰਡਰ ਵਿਚ ਤਬਦੀਲੀ ਮਗਰੋਂ ਇਸ ਨੂੰ ਨਵੇਂ ਸਿਰੇ ਤੋਂ ਛਪਵਾਇਆ ਗਿਆ ਹੈ। ਇਹ ਕੈਲੰਡਰ ਹੋਲੇ-ਮਹੱਲੇ ਮੌਕੇ ਆਨੰਦਪੁਰ ਵਿਖੇ ਸੰਗਤ ਵਿੱਚ ਵੰਡਿਆ ਜਾਵੇਗਾ। ਇਸੇ ਤਰ੍ਹਾਂ ਹੋਰ ਗੁਰਦੁਆਰਿਆਂ ਵਿਚ ਵੀ ਸੰਗਤ ਨੂੰ ਭੇਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਪਾਕਿਸਤਾਨ ਵਿਚ ਵੀ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਵਿਸਾਖੀ ਮੌਕੇ ਜਦੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਜਾਵੇਗਾ ਤਾਂ ਉਸ ਵੇਲੇ ਉਧਰ ਸੰਗਤ ਵਿਚ ਇਹ ਕੈਲੰਡਰ ਵੰਡਣ ਵਾਸਤੇ ਭੇਜੇ ਜਾਣਗੇ। ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਸਿੱਖ ਜਥੇਬੰਦੀ ਨੇ ਸਿੱਖ ਕੈਲੰਡਰ ਵਿਚ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਇੰਨੀ ਤਰਜੀਹ ਦਿੱਤੀ ਹੈ। ਲਹਿੰਦੇ ਪੰਜਾਬ ਦੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਦੀ ਇਕ ਵੀਡਿਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿਚ ਉਨ੍ਹਾਂ ਦਲ ਖਾਲਸਾ ਵੱਲੋਂ ਛਾਪੇ ਕੈਲੰਡਰ ਵਿਚ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਤਸਵੀਰ ਛਾਪੇ ਜਾਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਇਕ ਮਿਸਾਲ ਹੈ, ਕਿ ਜੋ ਵੀ ਇਨਸਾਨੀਅਤ ਨੂੰ ਜੋੜਨ ਲਈ ਕੰਮ ਕਰੇਗਾ, ਉਸ ਨੂੰ ਇਸੇ ਤਰ੍ਹਾਂ ਆਦਰ ਸਤਿਕਾਰ ਪ੍ਰਾਪਤ ਹੋਵੇਗਾ।

  ਨਵੀਂ ਦਿੱਲੀ - ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਪਾਉਣ ਲਈ 104 ਸਾਲਾ ਦੌੜਾਕ ਬੇਬੇ ਮਾਨ ਕੌਰ ਦਾ 8 ਮਾਰਚ ਨੂੰ ਨਾਰੀ ਸ਼ਕਤੀ ਪੁਰਸਕਾਰ-2019 ਨਾਲ ਸਨਮਾਨ ਕੀਤਾ ਗਿਆ । ਮਹਿਲਾਵਾਂ ਲਈ ਇਸ ਨੂੰ ਦੇਸ਼ ਦਾ ਸਰਵੋਤਮ ਨਾਗਰਿਕ ਸਨਮਾਨ ਮੰਨਿਆ ਜਾਂਦਾ ਹੈ। ਮਾਨ ਕੌਰ ਦੇ 82 ਸਾਲ ਦੇ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਕੌਮਾਂਤਰੀ ਮਹਿਲਾ ਦਿਵਸ ਮੌਕੇ ਇਹ ਪੁਰਸਕਾਰ ਦਿੱਤਾ।
  ਬੇਬੇ ਮਾਨ ਕੌਰ ਨੂੰ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਤੋਂ ਮਿਲੇ ਪੱਤਰ ਵਿੱਚ ਲਿਖਿਆ ਗਿਆ ਹੈ, ‘‘ਤੁਹਾਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਤੁਹਾਨੂੰ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਅਸਾਧਾਰਨ ਯੋਗਦਾਨ ਪਾਉਣ ਲਈ ਨਾਰੀ ਸ਼ਕਤੀ ਪੁਰਸਕਾਰ-2019 ਲਈ ਚੁਣਿਆ ਗਿਆ ਹੈ। ਪੁਰਸਕਾਰ ਤਹਿਤ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦਿੱਤਾ ਜਾਂਦਾ ਹੈ।’’ ਪੱਤਰ ਮੁਤਾਬਕ, । ਰਾਸ਼ਟਰਪਤੀ ਨੇ ਅੱਠ ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿੱਚ ਇੱਕ ਸਮਾਰੋਹ ਵਿੱਚ ਇਹ ਪੁਰਸਕਾਰ ਦਿੱਤਾ।
  ਮਾਨ ਕੌਰ ਦੀ ਇਸ ਸਮੇਂ ਉਮਰ 104 ਸਾਲ ਹੈ। ਉਨ੍ਹਾਂ ਨੇ ਸਾਲ 2007 ਵਿੱਚ ਚੰਡੀਗੜ੍ਹ ਮਾਸਟਰਜ਼ ਅਥਲੈਟਿਕਸ ਮੀਟ ਵਿੱਚ ਆਪਣਾ ਪਹਿਲਾ ਤਗ਼ਮਾ ਜਿੱਤਿਆ ਸੀ। ਉਹ ਸਾਲ 2017 ਵਿੱਚ ਔਕਲੈਂਡ ਵਿੱਚ ਵਿਸ਼ਵ ਮਾਸਟਰਜ਼ ਖੇਡਾਂ ਵਿੱਚ 100 ਮੀਟਰ ਦੀ ਦੌੜ ਜਿੱਤ ਕੇ ਸੁਰਖ਼ੀਆਂ ਵਿੱਚ ਆਈ ਸੀ। ਉਨ੍ਹਾਂ ਦੇ ਨਾਮ ਕਈ ਰਿਕਾਰਡ ਦਰਜ ਹਨ। ਉਨ੍ਹਾਂ ਨੇ ਪੋਲੈਂਡ ਵਿੱਚ ਮਾਸਟਰਜ਼ ਅਥਲੈਟਿਕਸ ਵਿੱਚ ਟਰੈਕ ਐਂਡ ਫੀਲਡ ਵਿੱਚ ਚਾਰ ਸੋਨ ਤਗ਼ਮੇ ਜਿੱਤੇ ਸਨ। ਇਸ ਤੋਂ ਪਹਿਲਾਂ ਮਾਨ ਕੌਰ ਨੇ ਕਿਹਾ ਸੀ, ‘‘ਮੈਂ ਦੌੜਨਾ ਜਾਰੀ ਰੱਖਾਂਗੀ ਅਤੇ ਜਦੋਂ ਤੱਕ ਸੰਭਵ ਹੋਇਆ ਮੈਂ ਹਰੇਕ ਮੁਕਾਬਲੇ ਵਿੱਚ ਹਿੱਸਾ ਲੈਂਦੀ ਰਹਾਂਗੀ। ਜਦੋਂ ਮੈਂ ਦੌੜਦੀ ਹਾਂ ਤਾਂ ਮੈਨੂੰ ਬਹੁਤ ਜ਼ਿਆਦਾ ਖ਼ੁਸ਼ੀ ਮਿਲਦੀ ਹੈ।’’

  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਬਹੁ ਚਰਚਿਤ ਟਰਾਂਜ਼ਿਸਟਰ ਬੰਬ ਧਮਾਕਾ ਕੇਸ ਵਿਚੋਂ ਬਰੀ ਹੋਏ ਸਿੰਘਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਕਿ ਦਿੱਲੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਪਰਿਵਾਰਾਂ ਦੇ ਧੰਨਵਾਦੀ ਹਨ ਤੇ ਇਨ੍ਹਾਂ ‘ਤੇ ਫਖ਼ਰ ਮਹਿਸੂਸ ਕਰਦੇ ਹਨ ਜਿਨ੍ਹਾਂ ਨੇ 35 ਸਾਲ ਲੰਬੀ ਲੜਾਈ ਲੜੀ ਤੇ ਇਨਸਾਫ ਮਿਲਿਆ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦੀ ਵਧਾਈ ਕਿ ਇਨ੍ਹਾਂ ਪਰਿਵਾਰਾਂ ਨੇ 35 ਸਾਲ ਲੰਬੀ ਲੜਾਈ ਲੜੀ ਤੇ ਆਖਿਰਕਾਰ ਇਨਸਾਫ ਮਿਲਿਆ। ਉਨ੍ਹਾਂ ਕਿਹਾ ਕਿ ਇਸ ਲੰਬੀ ਲੜਾਈ ਦੌਰਾਨ 15 ਸਿੰਘ ਸਾਨੂੰ ਸਦੀਵੀਂ ਵਿਛੋੜਾ ਵੀ ਦੇ ਗਏ ਜੋ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ 1980 ਤੋਂ 1997 ਤੱਕ ਸਿੱਖ ਕੌਮ ਨੇ ਕਾਲੇ ਦੌਰ ਦਾ ਸਾਹਮਣਾ ਕੀਤਾ ਜਿਸ ਦੌਰਾਨ ਕਦੇ 1984 ਦੇ ਕਤਲੇਆਮ, ਕਦੇ ਸਾਕਾ ਨੀਲਾ ਤਾਰਾ ਤੇ ਕਦੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲੇ ਦੇ ਨਾਂ ‘ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਤੇ ਇਨ੍ਹਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ। ਸ੍ਰੀ ਸਿਰਸਾ ਨੇ ਕਿਹਾ ਕਿ ਸਿੱਖਾਂ ਖ਼ਿਲਾਫ਼ ਜੋ ਸਾਜ਼ਿਸ਼ਾਂ ਰਚੀਆਂ ਗਈਆਂ, ਉਨ੍ਹਾਂ ਦਾ ਅੰਦਰਲਾ ਸੱਚ ਅਸੀਂ ਬੇਨਕਾਬ ਜ਼ਰੂਰ ਕਰਾਂਗੇ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਸਮੇਤ ਹੋਰ ਕਈ ਦਿੱਲੀ ਕਮੇਟੀ ਮੈਂਬਰਾਨ ਅਤੇ ਅਕਾਲੀ ਦਲ ਦੇ ਆਗੂ ਮੌਜੂਦ ਰਹੇ।

  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਇਕ ਵਿਸ਼ੇਸ਼ ਜਥੇਬੰਦੀ ਜਾਂ ਧੜੇ ਦਾ ਨਹੀਂ, ਸਗੋਂ ਸਮੁੱਚੇ ਖਾਲਸਾ ਪੰਥ ਦਾ ਸਾਂਝਾ ਤਖ਼ਤ ਹੈ ਅਤੇ ਸਮੂਹ ਖਾਲਸਾ ਪੰਥ ਅੰਦਰ ਵਿਚਰ ਰਹੀਆਂ ਜਥੇਬੰਦੀਆਂ ਨੂੰ ਸ੍ਰੀ ਅਕਾਲ ਦੇ ਇਸ ਵਿਸ਼ੇਸ਼ ਤਖ਼ਤ ਸਾਹਿਬ ਨੂੰ ਕੇਂਦਰ ਬਿੰਦੂ ਮੰਨ ਕੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਤੇ ਪੰਥ ਦੀ ਚੜ੍ਹਦੀ ਕਲਾ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਹ ਅੱਜ ਇੱਥੇ ਨਿਹੰਗ ਸਿੰਘ ਜਥੇਬੰਦੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਥਕ ਚੁਣੌਤੀਆਂ ਦਾ ਮਿਲ ਕੇ ਹੱਲ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੋਂਦ ਹਸਤੀ ਮੁੜ ਬੁਲੰਦੀਆਂ ’ਤੇ ਲਿਜਾਣ ਤੇ ਪੰਥ ਦੀ ਭਲਾਈ ਲਈ ਸਾਰਿਆਂ ਨੂੰ ਵਖਰੇਵੇਂ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਫ਼ਲਸਫ਼ੇ ਨੂੰ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਮੁੱਚੇ ਦਲ ਡੱਟ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਲ ਖੜ੍ਹੇ ਹਨ।

  ਅੰਮ੍ਰਿਤਸਰ - ਸਿੱਖ ਜਥੇਬੰਦੀ ‘ਦਲ ਖਾਲਸਾ’ ਨੇ ਨਵੇਂ ਵਰ੍ਹੇ ਦਾ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਹੈ ਜਿਸ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ ਵੀ ਸ਼ਾਮਲ ਹੈ। ਇਹ ਨਾਨਕਸ਼ਾਹੀ ਕੈਲੰਡਰ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਕੈਲੰਡਰ ਜਾਰੀ ਕਰਨ ਮੌਕੇ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿੱਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅਤੇ ਦਲ ਖਾਲਸਾ ਕਾਰਕੁਨਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ ਹੈ। ਇਸ ਮੌਕੇ ਕੈਲੰਡਰ ਪਾੜੇ ਜਾਣ ਕਾਰਨ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸੀ।
  ਇਹ ਕੈਲੰਡਰ ਜਾਰੀ ਕਰਨ ਲਈ ਦਲ ਖਾਲਸਾ ਦੇ ਨੁਮਾਇੰਦੇ ਸ੍ਰੀ ਅਕਾਲ ਤਖ਼ਤ ਵਿਖੇ ਪੁੱਜੇ ਸਨ ਜਿੱਥੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਅਰਦਾਸ ਕੀਤੀ। ਜਦੋਂ ਕੈਲੰਡਰ ਰਿਲੀਜ਼ ਕੀਤਾ ਜਾਣ ਲੱਗਿਆ ਤਾਂ ਉੱਥੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਕੈਲੰਡਰ ਰਿਲੀਜ਼ ਕਰਨ ਤੋਂ ਰੋਕ ਦਿੱਤਾ। ਉਨ੍ਹਾਂ ਆਖਿਆ ਕਿ ਇਸ ਕੈਲੰਡਰ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਜਾਰੀ ਕੀਤਾ ਜਾਵੇ ਜਿਸ ਕਾਰਨ ਸਿੱਖ ਆਗੂ ਸਕੱਤਰੇਤ ਵਿਖੇ ਪੁੱਜ ਗਏ ਪਰ ਉੱਥੇ ਵੀ ਟਾਸਕ ਫੋਰਸ ਦੇ ਕਰਮਚਾਰੀ ਤਾਇਨਾਤ ਸਨ, ਜਿਨ੍ਹਾਂ ਨੇ ਕੈਲੰਡਰ ਰਿਲੀਜ਼ ਕਰਨ ਤੋਂ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਅਤੇ ਧੱਕਾ-ਮੁੱਕੀ ਵੀ ਹੋਈ। ਇਸ ਕਾਰਵਾਈ ਦੌਰਾਨ ਜਦੋਂ ਸਿੱਖ ਆਗੂਆਂ ਨੇ ਕੈਲੰਡਰ ਰਿਲੀਜ਼ ਕਰਨ ਲਈ ਖੋਲ੍ਹਿਆ ਤਾਂ ਉੱਥੇ ਤਾਇਨਾਤ ਸ਼੍ਰੋਮਣੀ ਕਮੇਟੀ ਕਰਮਚਾਰੀ ਨੇ ਕੈਲੰਡਰ ਨੂੰ ਖੋਹਣ ਦਾ ਯਤਨ ਕੀਤਾ ਜਿਸ ਕਾਰਨ ਕੈਲੰਡਰ ਪਾੜਿਆ ਗਿਆ। ਸਿੱਖ ਆਗੂਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਵੀ ਲਾਏ ਗਏ। ਮਗਰੋਂ ਸਕੱਤਰੇਤ ਦੇ ਇੰਚਾਰਜ ਦੇ ਦਖ਼ਲ ’ਤੇ ਮਾਮਲਾ ਠੰਢਾ ਹੋਇਆ ਅਤੇ ਕੈਲੰਡਰ ਰਿਲੀਜ਼ ਕੀਤਾ ਗਿਆ। ਸਿੱਖ ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਟਾਸਕ ਫੋਰਸ ਦੇ ਕਰਮਚਾਰੀ ਨੇ ਕੀਤੀ ਵਧੀਕੀ ਦੀ ਮੁਆਫ਼ੀ ਮੰਗੀ ਹੈ, ਜਿਸ ਮਗਰੋਂ ਮਾਮਲਾ ਸ਼ਾਂਤ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਸੰਮਤ 552 ਦਾ ਕੈਲੰਡਰ ਜਾਰੀ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਨਾਨਕਸ਼ਾਹੀ ਕੈਲੰਡਰ ਦੇ ਚਲ ਰਹੇ ਵਿਵਾਦ ਨੂੰ ਹੱਲ ਕੀਤਾ ਜਾਵੇ।
  ਜਥੇਬੰਦੀ ਦੇ ਮੁਖੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਮੂਲ ਨਾਨਕਸ਼ਾਹੀ ਕੈਲੰਡਰ ਜੋ 2003 ਵਿੱਚ ਸਰਬਸੰਮਤੀ ਨਾਲ ਜਾਰੀ ਕੀਤਾ ਗਿਆ ਸੀ, ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸ ਵੇਲੇ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਇਸ ਕੈਲੰਡਰ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਵੀ ਇਸ ਕੈਲੰਡਰ ਨੂੰ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਹੈ।
  ਇਸ ਮੌਕੇ ਕੈਲੰਡਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸੰਗਤ ਨੂੰ ਵੰਡਿਆ ਗਿਆ ਹੈ। ਦਲ ਖਾਲਸਾ ਵਲੋਂ ਇਹ ਕੈਲੰਡਰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਵੀ ਰਿਲੀਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਨੂੰ ਸਮਰਪਿਤ ਇਸ ਕੈਲੰਡਰ ਵਿੱਚ ਗੁਰਦੁਆਰਾ ਕਰਤਾਰਪੁਰ ਦੀ ਤਸਵੀਰ ਗੈਰ ਹਾਜ਼ਰ ਹੈ ਪਰ ਉੱਥੇ ਸਥਾਪਤ ਕੀਤੀ ਸ੍ਰੀ ਸਾਹਿਬ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ ਸ਼ਾਮਲ ਕੀਤੀ ਗਈ ਹੈ। ਕੈਲੰਡਰ ਦੇ ਹੇਠਾਂ ‘ਅਰਦਾਸ ਤੋਂ ਜੱਫੀ ਤੋਂ ਹਕੀਕਤ ਤਕ’ ਸਿਰਲੇਖ ਹੇਠ ਲਾਂਘਾ ਖੁੱਲ੍ਹਣ ਦੀ ਜਾਣਕਾਰੀ ਦਿੱਤੀ ਗਈ ਹੈ। ਸਿੱਖ ਆਗੂਆਂ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਭਰਵੀਂ ਸ਼ਲਾਘਾ ਕੀਤੀ ਹੈ ਪਰ ਭਾਰਤ ਸਰਕਾਰ ਦੇ ਇਸ ਸਬੰਧੀ ਯਤਨਾਂ ਨੂੰ ਅਣਡਿੱਠਾ ਕੀਤਾ ਹੈ। ਉਨ੍ਹਾਂ ਆਖਿਆ ਕਿ ਇਮਰਾਨ ਖਾਨ ਨੇ ਇਸ ਮਾਮਲੇ ਵਿਚ ਪਹਿਲਕਦਮੀ ਕੀਤੀ ਸੀ, ਇਸ ਲਈ ਲਾਂਘਾ ਖੁੱਲ੍ਹਣ ਦਾ ਸਿਹਰਾ ਉਸ ਦੇ ਗਲ ਪਾਇਆ ਹੈ।
  ਇਸ ਮੌਕੇ ਦਲ ਖਾਲਸਾ ਦੇ ਸਕੱਤਰ ਜਸਵੀਰ ਸਿੰਘ ਖਡੂਰ, ਬਾਬਾ ਹਰਦੀਪ ਸਿੰਘ, ਅਮਰੀਕ ਸਿੰਘ ਈਸੜੂ, ਰਣਬੀਰ ਸਿੰਘ, ਗੁਰਬਿੰਦਰ ਸਿੰਘ, ਕੁਲਵੰਤ ਸਿੰਘ ਫੇਰੂਮਾਨ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਬਲਦੇਵ ਸਿੰਘ ਗ੍ਰੰਥਗੜ੍ਹ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਰਜਧਾਨ ਤੇ ਹੋਰ ਹਾਜ਼ਰ ਸਨ।

  ਫ਼ਰੀਦਕੋਟ - ਇੱਥੇ ਜ਼ਿਲ੍ਹਾ ਅਦਾਲਤ ਵਿੱਚ ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਫ਼ਰੀਦਕੋਟ ਦੇ ਸ਼ੈਸ਼ਨ ਜੱਜ ਦੀ ਬਦਲੀ ਕਾਰਨ ਇਸ ਕੇਸ ਵਿੱਚ ਕੋਈ ਕਾਰਵਾਈ ਨਹੀਂ ਹੋਈ। ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਇਸ ਮਾਮਲੇ ਦੀ ਅਗਲੀ ਪੇਸ਼ੀ 27 ਮਾਰਚ ਤੈਅ ਕੀਤੀ ਹੈ। ਅਦਾਲਤ ਵਿੱਚ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ ਜਦੋਂ ਕਿ ਮੁਕੱਦਮੇ ਵਿੱਚ ਨਾਮਜ਼ਦ ਮੁਲਜ਼ਮ ਅਦਾਲਤ ਵਿੱਚ ਹਾਜ਼ਰ ਸਨ। ਅੱਜ ਇਸ ਮਾਮਲੇ ਵਿੱਚ ਐੱਸ.ਆਈ.ਟੀ ਦੇ ਅਧਿਕਾਰੀ ਵੀ ਸੁਣਵਾਈ ਸਮੇਂ ਅਦਾਲਤ ਵਿੱਚ ਮੌਜੂਦ ਸਨ।

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com