ਪਟਿਆਲਾ : ਕੈਪਟਨ ਸਰਕਾਰ ਨੇ ਵੀ ਅਧਿਆਪਕਾਂ ਨਾਲ ਹੁਣ ਸਖ਼ਤੀ ਵਰਤਣੀ ਸ਼ੁਰੂ ਕਰ ਦਿਤੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਵੱਲ ਵੱਧ ਰਹੇ ਅਧਿਆਪਕ ਪ੍ਰਦਰਸ਼ਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਲਾਠੀਚਾਰਜ ਕਰ ਦਿਤਾ ਅਤੇ ਪਾਣੀਆਂ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ। ਅਧਿਆਪਕਾਂ ‘ਚ ਕੈਪਟਨ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਪਟਿਆਲਾ ਵਿਖੇ ਅਧਿਆਪਕਾਂ ਨੇ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਸੰਘਰਸ਼ ਵਿੱਢਿਆ ਸੀ ਅਤੇ ਮੁੱਖ ਮੰਤਰੀ ਦੀ ਜੱਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ। ਅਧਿਆਪਕਾਂ ਵਿਚ ਇਸ ਗੱਲ ਨੂੰ ਲੈ ਕੇ ਰੋਸ ਹੈ ਕਿ ਸਰਕਾਰ ਬਣਨ ਦੇ ਲਗਭੱਗ 2 ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਅਧਿਆਪਕ ਤਨਖ਼ਾਹਾਂ ‘ਚ ਕੀਤੀ ਗਈ ਕਟੌਤੀਆਂ, ਪੱਕੇ ਨਾ ਕਰਨ, ਸੰਘਰਸ਼ੀ ਅਧਿਆਪਕਾਂ ਨੂੰ ਨਿਸ਼ਾਨੇ 'ਤੇ ਰੱਖਣ, ਮਹਿੰਗਾਈ ਭੱਤੇ ਦੀਆਂ ਬਕਾਇਆ ਪੰਜ ਕਿਸ਼ਤਾਂ ਵਿਚੋਂ ਸਿਰਫ਼ ਇਕ ਕਿਸ਼ਤ ਦੇ ਕੇ ਮੁਲਾਜ਼ਮਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਸਨ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਅਧਿਆਪਕਾਂ ਨੂੰ ਕਈ ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦਾ ਵੀ ਅਧਿਆਪਕਾਂ ਨੂੰ ਰੋਸ ਹੈ ਪਰ ਤਿਓਹਾਰ ਵਾਲੇ ਦਿਨ ਅਧਿਆਪਕਾਂ ਨੂੰ ਕੈਪਟਨ ਸਰਕਾਰ ਦੇ ਹਿੰਸਕ ਰਵੱਈਏ ਦਾ ਸ਼ਿਕਾਰ ਹੋਣਾ ਪਿਆ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਅਤੇ ਥੋੜਾ ਸਬਰ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਨਾਂ ਦੀਆਂ ਬਕਾਇਆ ਮੰਗਾਂ ਦਾ ਸੁਖਾਵਾਂ ਹੱਲ ਲੱਭਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਸੂਬੇ ਨੂੰ ਦਰਪੇਸ਼ ਘੋਰ ਵਿੱਤੀ ਸੰਕਟ ਦੇ ਬਾਵਜੂਦ ਰਾਜ ਸਰਕਾਰ ਮੁਲਾਜ਼ਮਾਂ ਦੇ ਸਾਰੇ ਬਕਾਇਆ ਮਾਮਲਿਆਂ ਨੂੰ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।
ਉਨਾਂ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਕੋਈ ਉਸਾਰੂ ਹੱਲ ਨਹੀਂ ਨਿਕਲੇਗਾ ਅਤੇ ਉਨਾਂ ਦੇ ਮਸਲੇ ਦਾ ਹੱਲ ਕੱਢਣ ਲਈ ਛੇਤੀ ਹੀ ਗੱਲਬਾਤ ਹੋਵੇਗੀ। ਅਧਿਆਪਕਾਂ ਸਮੇਤ ਸਾਰੇ ਮੁਲਾਜ਼ਮ ਸਮਾਜ ਦਾ ਬਹੁਤ ਹੀ ਅਹਿਮ ਹਿੱਸਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤੀ ਸਬ-ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਪਹਿਲਾਂ ਹੀ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਲਈ ਵੱਖ-ਵੱਖ ਮੁਲਾਜ਼ਮਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਉਹ ਖੁਦ ਵੀ ਛੇਤੀ ਹੀ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਤੰਗੀ ਦੇ ਬਾਵਜੂਦ ਉਨਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਸਰਕਾਰੀ ਖਜ਼ਾਨੇ ’ਤੇ 720 ਕਰੋੜ ਰੁਪਏ ਦਾ ਬੋਝ ਪਾ ਕੇ 6 ਫੀਸਦੀ ਮਹਿੰਗਾਈ ਭੱਤਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ ਜਿਸ ਨਾਲ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਪਹੁੰਚੇਗਾ।


