ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਪੁਲੀਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਲਈ ਏਡੀਜੀਪੀ (ਐਸਟੀਐਫ/ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਪੁਲੀਸ ਮੁਲਾਜ਼ਮਾਂ ਵਿਰੁੱਧ ਖਾਸ ਤੌਰ ’ਤੇ ਸਖ਼ਤ ਕਾਰਵਾਈ ਲਈ ਕਿਹਾ ਹੈ।
  ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਨੇ ਗ਼ੈਰ-ਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਪੁਲੀਸ ਮੁਲਾਜ਼ਮਾਂ ਨਾਲ ਕਰੜੇ ਹੱਥੀਂ ਨਜਿੱਠਣ ਲਈ ਪੁਲੀਸ ਮੁਖੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਏਡੀਜੀਪੀ ਨੂੰ ਸਰਹੱਦੀ ਜ਼ਿਲ੍ਹਿਆਂ ਵਿਚ ਐਸਟੀਐਫ ਦੀਆਂ ਦੋ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਹ ਨਸ਼ਿਆਂ ਦੇ ਖਾਤਮੇ ਲਈ ਘਿਣਾਉਣੀਆਂ ਸਰਗਰਮੀਆਂ ਕਰਨ ਵਾਲਿਆਂ ਵਿਰੁੱਧ ਚੌਕਸੀ ਵਰਤਣ। ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਪੁਲੀਸ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
  ਜਗਦੀਸ਼ ਭੋਲਾ ਅਤੇ ਉਸ ਦੇ ਜੋਟੀਦਾਰਾਂ ਦੀ ਹਵਾਲਗੀ ਵਿਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਉਹ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣ। ਕੈਪਟਨ ਨੇ ਸਾਬਕਾ ਜੱਜਾਂ, ਵਕੀਲਾਂ, ਕਾਨੂੰਨੀ ਮਾਹਿਰਾਂ ਅਤੇ ਕਾਨੂੰਨਦਾਨਾਂ ਦਾ ਇੱਕ ਪੈਨਲ ਬਣਾਉਣ ਲਈ ਸੂਬੇ ਦੇ ਐਡਵੋਕੇਟ ਜਨਰਲ ਨੂੰ ਆਖਿਆ ਹੈ।ਉਨ੍ਹਾਂ ਕਿਹਾ ਕਿ ਇਹ ਪੈਨਲ ਪੁਲੀਸ ਮੁਲਾਜ਼ਮਾਂ ਨੂੰ ਤਕਨੀਕੀ ਕਾਨੂੰਨੀ ਖਾਮੀਆਂ ਬਾਰੇ ਜਾਣਕਾਰੀ ਦੇਣ ਅਤੇ ਨਸ਼ਿਆਂ ਦੇ ਕੇਸਾਂ ਵਿਚ ਗ੍ਰਿਫ਼ਤਾਰ ਵਿਅਕਤੀਆਂ ਵੱਲੋਂ ਕਾਨੂੰਨੀ ਚੋਰ-ਮੋਰੀਆਂ ਦੀ ਕੀਤੀ ਜਾ ਰਹੀ ਦੁਰਵਰਤੋਂ ਬਾਰੇ ਗਿਆਨ ਮੁਹੱਈਆ ਕਰਵਾਏਗਾ। ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਕੰਮ-ਕਾਜ ਉੱਤੇ ਨਿਯਮਤ ਤੌਰ ’ਤੇ ਨਿਗਰਾਨੀ ਰੱਖਣ ਲਈ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ। ਇਹ ਕੇਂਦਰ ਨਿਮਨ ਪੱਧਰ ਦੀਆਂ ਸੇਵਾਵਾਂ ਦਿੰਦੇ ਹਨ ਅਤੇ ਨਸ਼ਿਆਂ ਦੇ ਇਲਾਜ ਲਈ ਬਹੁਤ ਉੱਚੀਆਂ ਦਰਾਂ ਪ੍ਰਾਪਤ ਕਰਦੇ ਹਨ। ਕੈਪਟਨ ਨੇ ਨਸ਼ੇ ਵਿਚ ਫਸੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਏ ਜਾਂਦੇ ਮੁੜ ਵਸੇਬਾ ਕੇਂਦਰਾਂ ਵਿਚ ਵਧੀਆ ਇਲਾਜ ਪ੍ਰਾਪਤ ਕਰਨ ਲਈ ਅੱਗੇ ਆਉਣ। ਮੀਟਿੰਗ ਵਿਚ ਪੇਸ਼ ਇੱਕ ਸੁਝਾਅ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਹਫ਼ਤੇ ਦੇ ਆਧਾਰ ’ਤੇ ਦਿੱਤੀ ਜਾ ਰਹੀ ਲੋੜੀਂਦੀ ਦਵਾਈ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਨੂੰ ਆਖਿਆ ਹੈ ਕਿਉਂਕਿ ਨਸ਼ੇ ਦੇ ਬਹੁਤੇ ਆਦੀ ਦਿਹਾੜੀਦਾਰ ਮਜ਼ਦੂਰ ਹਨ ਅਤੇ ਉਹ ਦਵਾਈ ਦੀ ਪ੍ਰਾਪਤੀ ਲਈ ਲਾਈਨਾਂ ਵਿਚ ਲੱਗ ਕੇ ਆਪਣਾ ਸਮਾਂ ਖ਼ਰਾਬ ਨਹੀਂ ਕਰ ਸਕਦੇ। ਮੀਟਿੰਗ ਵਿਚ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਕਾਰਜਕਾਰੀ ਡੀਜੀਪੀ ਵੀ ਕੇ ਭਾਵੜਾ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

  ਅੰਮ੍ਰਿਤਸਰ - ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।
  ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦਿਹਾੜਾ ਕੌਮ ਲਈ ਸਵੈ-ਮੰਥਨ ਦਾ ਸਮਾਂ ਹੈ ਅਤੇ ਸਾਨੂੰ ਕੌਮ ਦੀ ਚੜ੍ਹਦੀ ਕਲਾ ਲਈ ਪੁਰਾਤਨ ਪੰਥਕ ਰਵਾਇਤਾਂ ਦੀ ਮਜ਼ਬੂਤੀ ਲਈ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕੌਮ ਦੇ ਸਾਰੇ ਮਸਲੇ ਰਲਮਿਲ ਕੇ ਹੀ ਹੱਲ ਕੀਤੇ ਜਾ ਸਕਦੇ ਹਨ। ਉਨ੍ਹਾਂ ਪੰਜਾਬ ਦੀ ਨੌਜੁਆਨੀ ਦੇ ਵਿਦੇਸ਼ ਜਾਣ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਸੰਜੀਦਾ ਮਾਮਲੇ ’ਤੇ ਕੌਮ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ। ਕਿ ਜੇਕਰ ਇਹ ਰੁਝਾਨ ਇਸੇ ਤਰ੍ਹਾਂ ਹੀ ਜਾਰੀ ਰਿਹਾ ਤਾਂ ਭਵਿੱਖ ਵਿਚ ਪੰਜਾਬ ਦੇ ਉੱਚ ਅਹੁਦਿਆਂ ’ਤੇ ਸਿੱਖ ਅਧਿਕਾਰੀ ਨਹੀਂ ਲੱਭਣਗੇ। ਉਨ੍ਹਾਂ ਸਿੱਖ ਕੌਮ ਨੂੰ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਚੰਗੀ ਵਿਦਿਆ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ। ਕਿ ਜੇਕਰ ਸਾਡੀ ਨੌਜੁਆਨੀ ਚੰਗੀ ਵਿੱਦਿਆ ਦੀ ਧਾਰਨੀ ਬਣਗੇ ਤਾਂ ਕੌਮ ਹਰ ਖੇਤਰ ਵਿਚ ਤਰੱਕੀ ਦੀ ਬੁਲੰਦੀਆਂ ਛੂਹੇਗੀ।
  ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਅਣਮਨੁੱਖੀ ਤਸ਼ੱਦਦ ਦੀ ਸਿਖਰ ਸੀ, ਜਿਸ ਨੂੰ ਭੁੱਲਣਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਹੈ। ਇਸ ਦਿਹਾੜੇ ਮੌਕੇ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ। ਇਹ ਅਤਿਭਾਵੁਕ ਅਤੇ ਸੰਵੇਦਨਸ਼ੀਲ ਦਿਹਾੜਾ ਹੈ, ਜਿਸ ਨੂੰ ਮਨਾਉਣ ਲਈ ਸਮੁੱਚੀ ਕੌਮ ਨੂੰ ਇਕਜੁਟਤਾ ਦਿਖਾਉਣੀ ਚਾਹੀਦੀ ਹੈ। ਇਸ ਦਿਹਾੜੇ ਮੌਕੇ ਉਤੇਜਨਾ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਨਾਲ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਸ਼ਹੀਦੀ ਸਮਾਗਮ ਦੌਰਾਨ ਹਾਜ਼ਰੀ ਭਰਨ ਅਤੇ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

   

  ਅੰਮ੍ਰਿਤਸਰ - ਜੂਨ 1984 ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਆਖਿਆ ਕਿ ਇਸ ਮਾਮਲੇ ਵਿੱਚ ਦੇਸ਼ ਦੀ ਸੰਸਦ ਵਿੱਚ ਮਤਾ ਪਾਸ ਕਰਕੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਭਲਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ‘ਤੇ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਪ੍ਰਸ਼ਾਸਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧ ਵਿੱਚ ਸਮੂਹ ਸਿੱਖ ਸੰਗਤ ਨੂੰ ਇਹ ਦਿਹਾੜਾ ਸੰਜੀਦਗੀ ਅਤੇ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ ਕਰਦਿਆਂ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ 35 ਸਾਲ ਪਹਿਲਾਂ ਵਾਪਰੇ ਇਸ ਸਾਕੇ ਸਬੰਧੀ ਸੰਸਦ ਨੂੰ ਮੰਨਣਾ ਚਾਹੀਦਾ ਹੈ ਕਿ ਸਰਕਾਰ ਕੋਲੋਂ ਗਲਤੀ ਹੋਈ ਸੀ। ਇਸ ਸਬੰਧ ਵਿੱਚ ਇੱਕ ਮੁਆਫ਼ੀ ਮਤਾ ਪੇਸ਼ ਕਰਕੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗੀ ਜਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇਹ ਦਿਹਾੜਾ ਸਮੁੱਚੀ ਸਿੱਖ ਕੌਮ ਨੂੰ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ ਪਰ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 35 ਸਾਲ ਪਹਿਲਾਂ ਇਹ ਇੱਕ ਵੱਡਾ ਹਾਦਸਾ ਵਾਪਰਿਆ ਸੀ, ਜਿਸ ਦੀ ਪੀੜ ਸਿੱਖ ਕੌਮ ਨੇ ਆਪਣੇ ਪਿੰਡੇ ਉੱਤੇ ਹੰਢਾਈ ਹੈ ਅਤੇ ਅੱਜ ਵੀ ਇਸ ਦੀ ਪੀੜ ਮਹਿਸੂਸ ਹੁੰਦੀ ਹੈ। ਉਨ੍ਹਾਂ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਵਿਖੇ ਨਤਮਸਤਕ ਹੋ ਕੇ ਇਸ ਪੀੜ ਨੂੰ ਮਹਿਸੂਸ ਕਰਦਿਆਂ ਇਸ ਦਿਹਾੜੇ ਨੂੰ ਸੰਜੀਦਗੀ ਅਤੇ ਸ਼ਾਂਤੀ ਨਾਲ ਮਨਾਉਣ। ਮੁਤਵਾਜ਼ੀ ਜਥੇਦਾਰਾਂ ਦੀ ਭਲਕੇ ਆਮਦ ਬਾਰੇ ਅਤੇ ਸਿੱਖ ਕੌਮ ਦੇ ਨਾਂ ਸੰਦੇਸ਼ ਪੜ੍ਹਨ ਦੇ ਕੀਤੇ ਐਲਾਨ ਬਾਰੇ ਉਨ੍ਹਾਂ ਨੇ ਕੁੱਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ।
  ਇਸ ਦੌਰਾਨ ਅੱਜ ਸਵੇਰੇ ਪੁਲੀਸ ਕਮਿਸ਼ਨਰ ਐੱਸਐੱਸ ਸ੍ਰੀਵਾਸਤਵਾ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਪੁਲੀਸ ਵਲੋਂ ਲਗਪਗ 3500 ਸੁਰੱਖਿਆ ਕਰਮਚਾਰੀ ਇਥੇ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਨੀਮ ਫੌਜੀ ਬਲ, ਬੀਐੱਸਐੱਫ, ਆਰਏਐੱਫ, ਪੀਏਪੀ ਆਦਿ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਵਲੋਂ ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਕੱਲ੍ਹ ਤੋਂ ਰੱਖੇ ਅਖੰਡ ਪਾਠ ਦੇ ਭੋਗ 6 ਜੂਨ ਨੂੰ ਪੈਣਗੇ। ਇਸ ਮੌਕੇ ਗੁਰਬਾਣੀ ਦੇ ਕੀਰਤਨ ਮਗਰੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵੀ ਸਨਮਾਨਿਤ ਕਰਨ ਦੀ ਰਵਾਇਤ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਮੁੱਚੀ ਸਿੱਖ ਕੌਮ ਨੂੰ ਇਹ ਦਿਹਾੜਾ ਸ਼ਾਂਤਮਈ ਅਤੇ ਸੰਜੀਦਗੀ ਨਾਲ ਮਨਾਉਣ ਦੀ ਅਪੀਲ ਕਰਦਿਆਂ ਵਿਸ਼ਵ ਭਰ ਵਿੱਚ ਗੁਰਦੁਆਰਿਆਂ ਵਿੱਚ ਪਾਠ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਹੈ।

  ਫ਼ਤਹਿਗੜ੍ਹ ਸਾਹਿਬ - ਸਿੱਖ ਇਤਿਹਾਸ ਦੇ ਅੰਦਰ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਦਰਬਾਰ ਸਾਹਿਬ ਉੱਤੇ ਕੀਤਾ ਗਿਆ ਹਮਲਾ ਸਦੀਆਂ ਤੱਕ ਵੀ ਸਿੱਖ ਭੁਲਾ ਨਹੀਂ ਸਕਣਗੇ। ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ 6 ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਦੇ ਇਸ ਘੱਲੂਘਾਰੇ ਦਿਵਸ ਨੂੰ ਮਨਾਉਣ ਲਈ ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਆਰੰਭਿਆ ਗਿਆ ਤੇ 6 ਜੂਨ ਨੂੰ ਭੋਗ ਪਾਏ ਜਾਣਗੇ ਤੇ ਕੀਰਤਨ ਸਮਾਗਮ ਵੀ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਸ ਘੱਲੂਘਾਰੇ ਦੇ ਰੋਸ ਵਜੋਂ ਸਿੱਖਾਂ ਨੂੰ ਹਰ ਗੁਰਦੁਆਰਿਆਂ ਵਿਚ ਦੀਵਾਨ ਸਜਾਉਣੇ ਚਾਹੀਦੇ ਹਨ, ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨਾ ਚਾਹੀਦਾ ਹੈ। ਜਥੇਦਾਰ ਪੰਜੋਲੀ ਨੇ ਹਰ ਸਿੱਖ ਭੈਣ, ਹਰ ਸਿੱਖ ਵੀਰ ਤੇ ਹਰ ਇਨਸਾਫ਼ ਪਸੰਦ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ 6 ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਦੇ ਹਮਲੇ ਦੇ ਰੋਸ ਵਜੋਂ ਕਾਲੇ ਦੁਪੱਟੇ ਅਤੇ ਕਾਲੀਆਂ ਦਸਤਾਰਾਂ ਸਜਾਉਣ।

  ਅੰਮ੍ਰਿਤਸਰ - ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ’ਚ ਦਰਬਾਰ ਸਾਹਿਬ ਸਮੂਹ ’ਤੇ ਕੀਤੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਅੱਜ ਸ਼ਾਮ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਤੇ ਛੇ ਜੂਨ ਦੇ ਦਿਨ ਨੂੰ ‘ਖ਼ਾਲਿਸਤਾਨੀ ਸੰਘਰਸ਼ ਦਿਵਸ’ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ। ਜਥੇਬੰਦੀ ਵਲੋਂ ਇਸ ਫ਼ੌਜੀ ਹਮਲੇ ਦੇ ਰੋਸ ਵਜੋਂ ਭਲਕੇ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ ਹੋਇਆ ਹੈ। ਮਾਰਚ ਦੀ ਅਗਵਾਈ ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਰਦਿਆਂ ਆਖਿਆ ਕਿ ਫ਼ੌਜ ਵੱਲੋਂ ਦਰਬਾਰ ਸਾਹਿਬ ਸਮੂਹ ਸਥਿਤ ਹੋਰ ਗੁਰਦੁਆਰਿਆਂ ‘ਤੇ ਕੀਤੇ ਹਮਲੇ ਨੇ ਖ਼ਾਲਿਸਤਾਨ ਦੀ ਨੀਂਹ ਬੰਨ੍ਹੀ ਸੀ। ਉਨ੍ਹਾਂ ਆਖਿਆ ਕਿ ਇਸ ਫ਼ੌਜੀ ਕਾਰਵਾਈ ਦੀ ਪੀੜ ਅੱਜ ਵੀ ਸਿੱਖ ਭਾਈਚਾਰੇ ਵਿਚ ਤਾਜ਼ਾ ਹੈ।
  ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਇਸ ਹਮਲੇ ਬਾਰੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਸਰਕਾਰ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ ਪਰ ਸਿਰਫ਼ ਮੁਆਫ਼ੀ ਨਾਲ ਹੀ ਜ਼ਖ਼ਮ ਨਹੀਂ ਭਰੇ ਜਾ ਸਕਦੇ। ਜ਼ਖ਼ਮਾਂ ’ਤੇ ਮੱਲ੍ਹਮ ਤਾਂ ਹੀ ਲੱਗੇਗੀ, ਜਦੋਂ ਇਸ ਸਮੱਸਿਆ ਦਾ ਰਾਜਨੀਤਕ ਹੱਲ ਕੀਤਾ ਜਾਵੇਗਾ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਮਾਰਚ ਵਿਚ ਨੌਜਵਾਨਾਂ ਨੇ ਫ਼ੌਜੀ ਹਮਲੇ ਵਿਚ ਨੁਕਸਾਨੇ ਗਏ ਅਕਾਲ ਤਖ਼ਤ ਦੀਆਂ ਤਸਵੀਰਾਂ ਅਤੇ ਫ਼ੌਜੀ ਹਮਲੇ ਦੇ ਸ਼ਹੀਦਾਂ ਦੀਆਂ ਤਸਵੀਰਾਂ ਚੁੱਕੀਆਂ ਹੋਈਆਂ ਸਨ।
  ਪੀਲੇ ਤੇ ਖ਼ਾਲਸਈ ਝੰਡੇ ਲੈ ਕੇ ਇਨ੍ਹਾਂ ਕਾਰਕੁਨਾਂ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੇਨਿਊ ਤੋਂ ਮਾਲ ਰੋਡ, ਲਾਰੈਂਸ ਰੋਡ, ਭੰਡਾਰੀ ਪੁਲ ਤੇ ਹਾਲ ਬਾਜ਼ਾਰ ਆਦਿ ਰਸਤੇ ਹੁੰਦੇ ਹੋਏ ਅਕਾਲ ਤਖ਼ਤ ਪੁੱਜ ਕੇ ਅਰਦਾਸ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਰਚ ਦੌਰਾਨ ਕਾਰਕੁਨਾਂ ਵੱਲੋਂ ਖ਼ਾਲਿਸਤਾਨ ਪੱਖੀ ਨਾਅਰੇ ਲਾਏ ਗਏ। ਮਾਰਚ ’ਚ ਸ਼ਾਮਲ ਛੋਟੇ ਬੱਚਿਆਂ ਨੇ ਦਲ ਖ਼ਾਲਸਾ ਦੇ ਝੰਡੇ ਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਬੁਲਾਰੇ ਨੇ ਦਾਅਵਾ ਕੀਤਾ ਕਿ ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਸਮਰਥਨ ਦਿੱਤਾ ਗਿਆ। ਇਸ ਤੋਂ ਇਲਾਵਾ ਯੂਨਾਈਟਿਡ ਅਕਾਲੀ ਦਲ ਤੇ ਅਕਾਲ ਫੈੱਡਰੇਸ਼ਨ ਸਣੇ ਹੋਰ ਸਿੱਖ ਜਥੇਬੰਦੀਆਂ ਨੇ ਵੀ ਸਮਰਥਨ ਦਿੱਤਾ।
  ਇਸ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ, ਅਕਾਲ ਫੈੱਡਰੇਸ਼ਨ ਦੇ ਨਰੈਣ ਸਿੰਘ ਚੌੜਾ ਆਦਿ ਨੇ ਸੰਬੋਧਨ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ 1984 ਦਾ ਦੁਖਾਂਤ ਨਾ ਭੁੱਲਣਯੋਗ ਵੱਡਾ ਦੁਖਾਂਤ ਹੈ। ਇਸ ਲਈ ਭਾਰਤ ਸਰਕਾਰ ਨੂੰ ਸਮੁੱਚੇ ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ 6 ਜੂਨ ਨੂੰ ਸਮੁੱਚੇ ਨਾਨਕ ਨਾਮ ਲੇਵਾ ਤੇ ਮਨੁੱਖੀ ਅਧਿਕਾਰਾਂ ਦੀ ਕਦਰ ਕਰਨ ਵਾਲੇ ਲੋਕਾਂ ਨੂੰ ਇਸ ਦਿਹਾੜੇ ਨੂੰ ਸ਼ਰਧਾ-ਸਤਿਕਾਰ ਰੱਖਦਿਆਂ ਗੰਭੀਰਤਾ ਨਾਲ ਮਨਾਉਣਾ ਚਾਹੀਦਾ ਹੈ। ਪ੍ਰੋ. ਬਡੂੰਗਰ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਲਾਮਿਸਾਲ ਕੁਰਬਾਨੀ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਹੋਇਆਂ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ’ਤੇ ਪੂਰੀ ਸੰਜੀਦਗੀ, ਗੰਭੀਰਤਾ ਤੇ ਸਤਿਕਾਰ ਨਾਲ ਸ਼ਹੀਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਤੇ ਕਿਸੇ ਤਰ੍ਹਾਂ ਦੀ ਅਜਿਹੀ ਕਾਰਵਾਈ ਨਾ ਕੀਤੀ ਜਾਵੇ ਜਿਸ ਨਾਲ ਸ਼ਹੀਦਾਂ ਦੀ ਕੁਰਬਾਨੀ ਛੁਟਿਆਈ ਜਾਵੇ ਤੇ ਸ਼ਹੀਦਾਂ ਦੇ ਪਰਿਵਾਰਾਂ ਦੇ ਮਨਾਂ ਨੂੰ ਕਿਸੇ ਤਰ੍ਹਾਂ ਦੀ ਠੇਸ ਪੁੱਜੇ।

  ਚੰਡੀਗੜ੍ਹ - ਪੰਜਾਬ ਦੇ ਸੇਵਾ-ਮੁਕਤ ਚੀਫ਼ ਸੈਕਟਰੀ ਰਮੇਸ਼ ਇੰਦਰ ਸਿੰਘ ਜਿਨ੍ਹਾਂ ਮਰਹੂਮ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਦੌਰ-ਏ-ਹਕੂਮਤ 'ਚ 1984 ਵਿਚ ਹੋਏ ਸਾਕਾ ਦਰਬਾਰ ਸਾਹਿਬ ਬਾਰੇ ਹੁਣੇ ਜਿਹੇ ਵਿਸਥਾਰ ਪੂਰਵਕ ਖ਼ੁਲਾਸਾ ਕੀਤਾ ਹੈ ਤੋਂ ਬਾਅਦ ਹੁਣ ਇਕ ਪੁਸਤਕ ਲਿਖਣ ਦਾ ਇਰਾਦਾ ਰੱਖਦੇ ਹਨ ਕਿ ਕਿਸ ਤਰ੍ਹਾਂ ਪੰਜਾਬ 'ਚ ਅੱਤਵਾਦ ਦੀ ਸ਼ੁਰੂਆਤ ਹੋਈ ਅਤੇ ਇਸ 'ਖ਼ੂਨੀ ਤਬਾਹੀ' ਲਈ ਕੌਣ-ਕੌਣ ਜ਼ਿੰਮੇਵਾਰ ਹਨ ਅਤੇ ਇਸ ਦੀ ਰੋਕਥਾਮ ਲਈ ਕੀ ਕੁਝ ਕੀਤਾ ਗਿਆ? ਰਮੇਸ਼ ਇੰਦਰ ਸਿੰਘ ਜੋ ਸ਼ੁਰੂ ਸ਼ੁਰੂ 'ਚ ਬੰਗਾਲ ਕੇਡਰ ਦੇ ਆਈ.ਏ.ਐਸ. ਅਧਿਕਾਰੀ ਰਹੇ ਹਨ ਤੇ ਮਗਰੋਂ ਜਾ ਕੇ ਉਨ੍ਹਾਂ ਦਾ ਕੇਡਰ ਬਦਲ ਕੇ ਪੰਜਾਬ ਕਰ ਦਿੱਤਾ ਗਿਆ | ਉਹ ਪੰਜਾਬ 'ਚ ਕਮਿਸ਼ਨਰ, ਜ਼ਿਲ੍ਹਾ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਤੇ ਕਈ ਸਾਲ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਪਿ੍ੰਸੀਪਲ ਸੈਕਟਰੀ ਵਜੋਂ ਵੀ ਕੰਮ ਕਰਦੇ ਰਹੇ ਹਨ ਤੇ ਇਸ ਤਰ੍ਹਾਂ ਉਹ ਸ਼ੁਰੂ ਤੋਂ ਲੈ ਕੇ ਅਖੀਰ ਤੱਕ ਅੱਤਵਾਦੀ ਸਰਗਰਮੀਆਂ ਨੂੰ ਨੇੜੇ ਹੋ ਕੇ ਦੇਖਦੇ ਰਹੇ ਹਨ | 1984 ਵਾਲੇ ਸਾਕਾ ਕਿਸ ਦੇ ਹੁਕਮ 'ਤੇ ਹੋਇਆ ਕਿਸ ਨੇ ਕੀਤਾ, ਕਿਹੜਾ ਕਿਹੜਾ ਦਿੱਲੀ ਤੋਂ ਫ਼ੌਜੀ ਤੇ ਦਿੱਲੀ ਅਤੇ ਪੰਜਾਬ ਦਾ ਸਿਵਲ ਆਫ਼ੀਸਰ ਸਿੱਧੇ ਜਾਂ ਅਸਿੱਧੇ ਢੰਗ ਨਾਲ ਇਸ ਵਿਚ ਸ਼ਾਮਿਲ ਸੀ ਬਾਰੇ ਪਹਿਲੀ ਵਾਰ ਕੀਤੇ ਗਏ ਪ੍ਰਗਟਾਵੇ ਨੇ ਸਿੱਖ ਜਗਤ ਦੇ ਕੰਨ ਖੜ੍ਹੇ ਕਰ ਦਿੱਤੇ ਹਨ |

  ਅੰਮ੍ਰਿਤਸਰ - ਘੱਲੂਘਾਰਾ ਹਫਤੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਡੀਜੀਪੀ ਵੀ ਕੇ ਭਾਵਰਾ ਤੇ ਏਡੀਜੀਪੀ ਇਸ਼ਵਰ ਸਿੰਘ ਦੀ ਅਗਵਾਈ ਹੇਠ ਇਕ ਉਚ ਪੱਧਰੀ ਪੁਲੀਸ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਮੀਟਿੰਗ ਦੌਰਾਨ ਡੀਜੀਪੀ ਨੇ ਜ਼ਿਲੇ ਵਿਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਆਖਿਆ ਕਿ ਸ਼ਹਿਰ ’ਚ ਆਉਣ ਜਾਣ ਵਾਲੇ ਰਸਤਿਆਂ ਤੇ ਖਾਸ ਕਰਕੇ ਧਾਰਮਿਕ ਥਾਵਾਂ ਨੇੜੇ ਸੀਸੀਟੀਵੀ ਕੈਮਰੇ ਲਾਏ ਜਾਣ। ਸੋਸ਼ਲ ਮੀਡੀਆ ਦੇ ਰਾਹੀਂ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਗੈਰ-ਸਮਾਜੀ ਤੱਤਾਂ ਨੂੰ ਮਾਹੌਲ ਖਰਾਬ ਕਰਨ ਤੋਂ ਰੋਕਣ ਲਈ ਇਨ੍ਹਾਂ ‘ਤੇ ਸਖਤ ਨਿਗਾਹ ਰੱਖੀ ਜਾਵੇ, ਅਫਵਾਹਾਂ ਫੈਲਾਉਣ ਤੋਂ ਰੋਕਿਆ ਜਾਵੇ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ। ਉਨ੍ਹਾਂ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਬੀਐਸਐਫ, ਸੀਆਰਪੀ, ਕਮਾਂਡੋ ਪੁਲੀਸ, ਪੀਏਪੀ, ਟੀਅਰ ਗੈਸ ਟੀਮਾਂ ਤੇ ਹੋਰ ਪੁਲੀਸ ਬਲ ਤੈਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲਗਪਗ 3500 ਜਵਾਨ ਘੱਲੂਘਾਰਾ ਡਿਊਟੀ ਲਈ ਤੈਨਾਤ ਕੀਤੇ ਗਏ ਹਨ ਤਾਂ ਜੋ ਇਥੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸਾਲ ਹੀ ਜੂਨ 1984 ਫੌਜੀ ਹਮਲੇ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਸ ਵਜੋਂ ਮਨਾਇਆ ਜਾਂਦਾ ਹੈ ਤੇ ਇਸ ਮੌਕੇ ਸ਼ਰਾਰਤੀ ਅਨਸਰਾਂ ਵਲੋਂ ਸ਼ਹਿਰ ਦਾ ਮਾਹੌਲ ਖਰਾਬ ਕਰਨ ਦਾ ਯਤਨ ਕੀਤਾ ਜਾਂਦਾ ਹੈ। ਇਸੇ ਲਈ ਪੁਲੀਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਹਿੱਸਿਆਂ ਵਿਚ ਸਥਾਨਕ ਪੁਲੀਸ ਤੇ ਨੀਮ ਫੌਜੀ ਬਲ ਤੈਨਾਤ ਕੀਤੇ ਗਏ ਹਨ। ਪੁਲੀਸ ਵੱਲੋਂ ਵਿਸ਼ੇਸ਼ ਨਾਕਾਬੰਦੀ ਅਤੇ ਵਿਸ਼ੇਸ਼ ਪੈਟਰੋਲਿੰਗ ਪਾਰਟੀਆਂ ਵੀ ਤੈਨਾਤ ਕੀਤੀਆਂ ਗਈਆਂ ਹਨ। ਮੀਟਿੰਗ ਵਿਚ ਇਨ੍ਹਾਂ ਤੋਂ ਇਲਾਵਾ ਆਈਜੀ ਬਾਰਡਰ ਰੇਂਜ ਐਸਐਸ ਪਰਮਾਰ, ਏਆਈਜੀ ਹਰਿੰਦਰਜੀਤ ਸਿੰਘ, ਪੁਲੀਸ ਕਮਿਸ਼ਨਰ ਐਸਐਸ ਸ੍ਰੀਵਾਸਤਵ, ਦਿਹਾਤੀ ਪੁਲੀਸ ਦੇ ਐਸਐਸਪੀ, ਤਰਨਤਾਰਨ ਪੁਲੀਸ ਦੇ ਐਸਐਸਪੀ ਤੇ ਕਮਿਸ਼ਨਰੇਟ ਪੁਲੀਸ ਦੇ ਅਧਿਕਾਰੀ ਮੀਟਿੰਗ ’ਚ ਸ਼ਾਮਲ ਹੋਏ।
  ਇਸ ਦੌਰਾਨ ਹਰਿਮੰਦਰ ਸਾਹਿਬ ਤੇ ਇਸ ਦੇ ਆਲੇ ਦੁਆਲੇ ਸੁਰੱਖਿਆ ਲਈ ਨੀਮ ਫੌਜੀ ਬਲ ਤੈਨਾਤ ਕਰ ਦਿੱਤੇ ਗਏ ਹਨ।

  ਫਰੀਦਕੋਟ - ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ਵਿੱਚ ਇੱਕ ਅਕਾਲੀ ਆਗੂ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਦੋਸ਼ ਪੱਤਰ ਦਾਇਰ ਕਰਨ ਤੋਂ ਬਾਅਦ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਲੁਧਿਆਣਾ ਦੇ ਸਹਾਇਕ ਪੁਲੀਸ ਕਮਿਸ਼ਨਰ ਪਰਮਪਾਲ ਸਿੰਘ ਪੰਨੂ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਪਰਮਪਾਲ ਸਿੰਘ ਪੰਨੂ ਨੇ ਸਪੈਸ਼ਲ ਜੱਜ ਹਰਪਾਲ ਸਿੰਘ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਵੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 4 ਜੂਨ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਜਿਹੜੇ ਪੁਲੀਸ ਅਧਿਕਾਰੀਆਂ ਨੇ ਅਦਾਲਤ ਪਾਸੋਂ ਜ਼ਮਾਨਤ ਦੀ ਮੰਗ ਕੀਤੀ ਹੈ, ਉਨ੍ਹਾਂ ਅਧਿਕਾਰੀਆਂ ਨੂੰ ਪੁਲੀਸ ਨੇ ਪੜਤਾਲ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਸੀ ਅਤੇ ਇਨ੍ਹਾਂ ਅਧਿਕਾਰੀਆਂ ਨੂੰ ਪੁੱਛ ਪੜਤਾਲ ਕਰਕੇ ਰਿਹਾਅ ਕਰ ਦਿੱਤਾ ਸੀ, ਜਦੋਂ ਕਿ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ ਵੀ ਇਸ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਹਨ ਅਤੇ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਾਈ ਹੋਈ ਹੈ। ਇਸੇ ਦਰਮਿਆਨ ਚਲਾਨ ਅਦਾਲਤ ਵਿੱਚ ਪੇਸ਼ ਕਰਨ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਨਿਪਟਾਉਣ ਲਈ ਡੀ.ਜੀ.ਪੀ ਪੰਜਾਬ ਨੇ ਜਾਂਚ ਟੀਮ ਅਧਿਕਾਰੀਆਂ ਨੂੰ ਗੱਲਬਾਤ ਲਈ ਬੁਲਾਇਆ ਜਿਸ ਵਿੱਚ ਏ.ਡੀ.ਜੀ.ਪੀ ਪ੍ਰਬੋਧ ਕੁਮਾਰ, ਆਈਜੀ ਕੁੰਵਰ ਵਿਜੇ ਪ੍ਰਤਾਪ ਅਤੇ ਦੋ ਹੋਰ ਜਾਂਚ ਅਧਿਕਾਰੀ ਸ਼ਾਮਲ ਹੋਏ। ਡੀਜੀਪੀ ਨੇ ਜਾਂਚ ਟੀਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਂਚ ਸਬੰਧੀ ਕਿਸੇ ਵੀ ਤੱਥ ਜਾਂ ਵਿਵਾਦ ਨੂੰ ਮੀਡੀਆ ਵਿੱਚ ਨਾ ਲਿਜਾਣ। ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਆਪਸ ਵਿੱਚ ਉਲਝਣ ਦੀ ਥਾਂ ਜਾਂਚ ਨੂੰ ਤੁਰੰਤ ਮੁਕੰਮਲ ਕਰਨ ਦੇ ਮੁੱਦੇ ’ਤੇ ਵੀ ਚਰਚਾ ਹੋਈ। ਮੀਟਿੰਗ ਦੌਰਾਨ ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਚਲਾਨ ਦੇਣ ਦੇ ਮੁੱਦੇ ਨੂੰ ਵੀ ਵਿਚਾਰਿਆ ਗਿਆ। ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਟੀਮ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਨਿਭਾਏ ਰੋਲ ਦੀ ਜਾਂਚ ਹੋ ਰਹੀ ਹੈ। ਸੂਤਰਾਂ ਅਨੁਸਾਰ ਜਾਂਚ ਟੀਮ ਦੇ ਆਪਸੀ ਵਿਵਾਦ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਜਲਦ ਹੀ ਸੁਮੇਧ ਸੈਣੀ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈੇ।

   

  ਅੰਮ੍ਰਿਤਸਰ - ਐਨੀਮੇਟਿਡ ਫਿਲਮ ‘ਦਾਸਤਾਨ ਏ ਮੀਰੀ-ਪੀਰੀ’ ਦੇ ਮਾਮਲੇ ’ਚ ਅੱਜ ਮੁੜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮ ਪ੍ਰਬੰਧਕਾਂ ਨੂੰ ਆਦੇਸ਼ ਦਿੱਤਾ ਕਿ ਬਿਨਾਂ ਮਾਨਤਾ ਮਿਲੇ ਇਸ ਫਿਲਮ ਨੂੰ ਰਿਲੀਜ਼ ਨਾ ਕੀਤਾ ਜਾਵੇ। ਫਿਲਮ ਖ਼ਿਲਾਫ਼ ਸਿੱਖ ਜਥੇਬੰਦੀ ਵਲੋਂ ਸ਼ੁਰੂ ਕੀਤਾ ਰੋਸ ਦਿਖਾਵਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ।
  ਅਕਾਲ ਤਖ਼ਤ ਦੇ ਸਕੱਤਰੇਤ ਤੋਂ ਇਸ ਸਬੰਧੀ ਜਾਰੀ ਆਦੇਸ਼ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮ ਪ੍ਰਬੰਧਕਾਂ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਫਿਲਮ ਸਮੀਖਿਆ ਕਮੇਟੀ ਦੀ ਮੁਕੰਮਲ ਰਿਪੋਰਟ ਹੁਣ ਤਕ ਅਕਾਲ ਤਖ਼ਤ ‘ਤੇ ਨਹੀਂ ਪੁੱਜੀ। ਇਹ ਰਿਪੋਰਟ ਆਉਣ ਤਕ ਅਕਾਲ ਤਖ਼ਤ ਵੱਲੋਂ ਰੋਕ ਲਾਈ ਹੋਈ ਹੈ। ਫਿਲਮ ਪ੍ਰਬੰਧਕ ਫਿਲਮ ਨੂੰ ਰਿਲੀਜ਼ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਕੀਤੇ ਮਤਿਆਂ ਰਾਹੀਂ ਗੁਰੂ ਸਾਹਿਬਾਨ ਦਾ ਫਿਲਮ ਜਾਂ ਨਾਟਕ ਵਿਚ ਕਿਰਦਾਰ ਦਿਖਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ ਕਰਾਰ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਜਰਨੈਲ ਜਾਂ ਹੋਰ ਸਿੱਖ ਸ਼ਖ਼ਸੀਅਤਾਂ ਬਾਰੇ ਫਿਲਮ ਜਾਂ ਐਨੀਮੇਸ਼ਨ ਫਿਲਮ ਬਣਾਉਣ ਬਾਰੇ ਸਿੱਖ ਜਥੇਬੰਦੀਆਂ, ਪੰਥਕ ਸੰਸਥਾਵਾਂ, ਸੰਪਰਦਾਵਾਂ, ਸਿੱਖ ਬੁੱਧੀਜੀਵੀਆਂ ਅਤੇ ਚਿੰਤਕਾਂ ਦੀ ਰਾਏ ਲੈ ਕੇ ਫ਼ੈਸਲਾ ਕੀਤਾ ਜਾਵੇਗਾ।

  ਕਾਨ੍ਹਪੁਰ - ਰਾਸ਼ਟਰੀ ਸੋਇਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਜਦੋਂ ਕਿਤੇ ਸਰਕਾਰ ਦੀ ਕਾਰਗੁਜ਼ਾਰੀ ਵਿੱਚ ਕੋਈ ਨੁਕਸ ਨਜ਼ਰ ਆਇਆ ਤਾਂ ਉਹ ਸਰਕਾਰ ਨੂੰ ਉਸਾਰੂ ਸਲਾਹ ਦੇਣਗੇ। ਉਨ੍ਹ੍ਹ੍ਹ੍ਹਾਂ ਚੇਤਾਵਨੀ ਦਿੱਤੀ ਕਿ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਤੋਂ ਰੋਕਣ ਲਈ ਚੌਕੀਦਾਰੀ ਜ਼ਰੂਰੀ ਹੈ। ਇੱਥੇ ਸੰਘ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਜਮਹੂਰੀਅਤ ਵਿੱਚ ਚੁਣ ਕੇ ਆਏ ਹਨ, ਉਨ੍ਹਾਂ ਕੋਲ ਅਥਾਂਹ ਸ਼ਕਤੀ ਹੈ ਪਰ ਇਸ ਦਾ ਇਹ ਮਤਲਬ ਇਹ ਹਰਗਿਜ਼ ਨਹੀਂ ਕਿ ਉਹ ਆਪਣੀ ਤਾਕਤ ਦੀ ਦੁਰਵਰਤੋਂ ਕਰਨ। ਜੇ ਕਿਸੇ ਸਮੇਂ ਕਿਸੇ ਨੁਕਤੇ ਉੱਤੇ ਸਰਕਾਰ ਗਲਤ ਹੋਈ ਤਾਂ ਸੰਘ ਉਸਾਰੂ ਨਜ਼ਰਈਏ ਦੇ ਨਾਲ ਆਪਣੀ ਸਲਾਹ ਅਤੇ ਸੁਝਾਅ ਦੇਵੇਗਾ। ਸ੍ਰੀ ਭਾਗਵਤ ਦਾ ਇਹ ਬਿਆਨ ਦੂਜੀ ਵਾਰ ਬਣੀ ਮੋਦੀ ਸਰਕਾਰ ਤੋਂ ਬਾਅਦ ਆਇਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਹੋਰ ਮੀਟਿੰਗ ਨੂੰ ਵੀ ਸੰਬੋਧਨ ਕੀਤਾ। ਮੀਟਿੰਗ ਦੌਰਾਨ ਭਾਗਵਤੀ ਨੇ ਵਲੰਟੀਅਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਹੰਕਾਰੀ ਨਹੀਂ ਹੋਣਾ ਚਾਹੀਦਾ।

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com