ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਫ਼ਰੀਦਕੋਟ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਲਈ ਪਿੰਡ ਬਰਗਾੜੀ ਵਿੱਚ ਪੰਥਕ ਧਿਰਾਂ ਵੱਲੋਂ ਪਹਿਲੀ ਜੂਨ ਤੋਂ ਸ਼ੁਰੂ ਕੀਤੇ ਇਨਸਾਫ਼ ਮੋਰਚੇ ਵਾਲੀ ਥਾਂ ’ਤੇ 14 ਅਕਤੂਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਇਕੱਠ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮਾਮਲਿਆਂ ਦੀ ਪੜਤਾਲ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਫ਼ਰੀਦਕੋਟ ਦਾ ਦੌਰਾ ਕੀਤਾ। ਇੱਥੇ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਆਈਟੀ ਦੇ ਚੇਅਰਮੈਨ ਏਡੀਜੀਪੀ ਪ੍ਰਬੋਧ ਕੁਮਾਰ, ਆਈਜੀ ਅਰੁਣਪਾਲ ਸਿੰਘ, ਕਪੂਰਥਲਾ ਦੇ ਐੱਸਐੱਸਪੀ ਸਤਿੰਦਰ ਸਿੰਘ ਅਤੇ ਐੱਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਮਿੱਥੇ ਸਮੇਂ ਵਿੱਚ ਨਿਰਪੱਖ ਜਾਂਚ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ। ਐੱਸਆਈਟੀ ਨੇ ਸਿਟੀ ਕੋਟਕਪੂਰਾ ਅਤੇ ਬਾਜਾਖਾਨਾ ਥਾਣਿਆਂ ਦੇ ਉਨ੍ਹਾਂ ਸਾਰੇ ਥਾਣਾ ਮੁਖੀਆਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ, ਜਿਨ੍ਹਾਂ ਦੀ ਤਾਇਨਾਤੀ 2015 ਤੋਂ ਲੈ ਕੇ 2018 ਤੱਕ ਇਨ੍ਹਾਂ ਥਾਣਿਆਂ ਵਿੱਚ ਹੋਈ ਹੈ। ਕਿਉਂਕਿ ਸਾਰੀਆਂ ਘਟਨਾਵਾਂ ਥਾਣਾ ਬਾਜਾਖਾਨਾ ਅਤੇ ਸਿਟੀ ਕੋਟਕਪੂਰਾ ਅਧੀਨ ਹੀ ਵਾਪਰੀਆਂ ਸਨ। ਜਾਣਕਾਰੀ ਅਨੁਸਾਰ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਾਂਡ ਨੂੰ ਆਗਾਮੀ 14 ਅਕਤੂਬਰ ਨੂੰ ਤਿੰਨ ਸਾਲ ਪੂਰੇ ਹੋ ਰਹੇ ਹਨ। ਇਸ ਦਿਨ ਬਰਗਾੜੀ ਵਿੱਚ ਪੰਥਕ ਧਿਰਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਜਿਸ ਤੋਂ ਪੰਜਾਬ ਸਰਕਾਰ ਕਾਫ਼ੀ ਚਿੰਤਤ ਹੈ। 7 ਅਕਤੂਬਰ ਦੇ ਰੋਸ ਮਾਰਚ ਵਿੱਚ ਹੋਏ ਰਿਕਾਰਡ ਤੋੜ ਇਕੱਠ ਨੇ ਸਰਕਾਰ ਦੀ ਨੀਂਦ ਉਡਾਈ ਹੋਈ ਹੈ। ਸਰਕਾਰ ਨੂੰ ਖਦਸ਼ਾ ਹੈ ਕਿ 14 ਅਕਤੂਬਰ ਨੂੰ ਬਰਗਾੜੀ ਵਿੱਚ ਫਿਰ ਵੱਡਾ ਇਕੱਠ ਹੋਵੇਗਾ, ਇਸੇ ਕਰਕੇ ਇਸ ਇਕੱਠ ਤੋਂ ਪਹਿਲਾਂ ਐੱਸਆਈਟੀ ਨੇ ਇਲਾਕੇ ਦਾ ਦੌਰਾ ਕਰਕੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਜਥੇਦਾਰ ਬਲਜੀਤ ਸਿੰਘ ਦਾਦੂਵਾਲਾ ਨੇ ਕਿਹਾ ਕਿ ਕਮਿਸ਼ਨ ਅਤੇ ਐੱਸਆਈਟੀ ਸਰਕਾਰ ਨੇ ਕਿਹਾ ਕਿ 14 ਅਕਤੂਬਰ ਨੂੰ ਬਰਗਾੜੀ ਵਿੱਚ ਵਿਸ਼ਾਲ ਇਕੱਠ ਹੋਵੇਗਾ ਅਤੇ ਇਨਸਾਫ਼ ਮਿਲਣ ਤੱਕ ਇਹ ਮੋਰਚਾ ਜਾਰੀ ਰੱਖਿਆ ਜਾਵੇਗਾ।

    ਬਠਿੰਡਾ - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇੱਥੇ ਆਖਿਆ ਕਿ ਬਰਗਾੜੀ ਵਿਚ ਲੱਗਾ ਧਰਨਾ ਸਰਕਾਰੀ ਹੈ ਅਤੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਖਾਤਰ ਏਦਾਂ ਕੀਤਾ ਜਾ ਰਿਹਾ ਹੈ। ਬੇਅਦਬੀ ਦੇ ਮਾਮਲੇ ਹੁਣ ਕਾਂਗਰਸ ਦੇ ਰਾਜ ਦੌਰਾਨ ਵੀ ਆਏ ਹਨ ਪਰ ਹੁਣ ਕਾਂਗਰਸ ਖ਼ਿਲਾਫ਼ ਕਿਉਂ ਧਰਨਾ ਨਹੀਂ ਲੱਗ ਰਿਹਾ। ਉਨ੍ਹਾਂ ਆਖਿਆ ਕਿ ਵਿਰੋਧੀ ਭੰਡੀ ਪ੍ਰਚਾਰ ਕਰਕੇ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ ਅਤੇ ਇਹ ਲੋਕ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨਵੇਂ ਟੈਕਸ ਵੀ ਲਾ ਰਹੀ ਹੈ ਅਤੇ ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਵੀ ਪਾ ਰਹੀ ਹੈ।
    ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ’ਚ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੈ ਤੇ ਪਾਰਟੀ ਵੱਲੋਂ ਪਹਿਲਾਂ ਦੀ ਤਰ੍ਹਾਂ ਇਹ ਚੋਣਾਂ ਭਾਜਪਾ ਨਾਲ ਰਲ ਕੇ ਲੜੀਆਂ ਜਾਣਗੀਆਂ। ਬੀਬੀ ਬਾਦਲ ਨੇ ਦੁਹਰਾਇਆ ਕਿ ਜੇਕਰ ਪਾਰਟੀ ਨੇ ਚਾਹਿਆ ਤਾਂ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਚੋਣ ਲੜਨਗੇ ਤੇ ਪਾਰਟੀ ਵਰਕਰਾਂ ਦੇ ਸਾਥ ਨਾਲ ਮੁੜ ਜਿੱਤ ਹਾਸਲ ਕਰਨਗੇ।
    ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜਨ ਨਾਲ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪਵੇਗਾ, ਭਾਵੇਂ ਸ੍ਰੀ ਕੇਜਰੀਵਾਲ ਤੇ ਕੈਪਟਨ ਇਕੱਠੇ ਚੋਣ ਮੈਦਾਨ ਵਿਚ ਪਾਰਟੀ ਖ਼ਿਲਾਫ਼ ਉਤਰ ਆਉਣ। ਉਨ੍ਹਾਂ ‘ਆਪ’ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਿਆ। ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦੇ ਲੋਕਾਂ ਦਾ ਹੱਕ ਹੈ, ਜਿਸ ਕਰਕੇ ਹੋਰ ਸਿਆਸੀ ਪਾਰਟੀਆਂ ਨੂੰ ਚੰਡੀਗੜ੍ਹ ਦੇ ਮੁੱਦੇ ’ਤੇ ਰਾਜਨੀਤੀ ਨਹੀਂ ਕਰਨ ਦਿੱਤੀ ਜਾਵੇਗੀ।
    ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਚ ਹਰ ਆਗੂ ਤੇ ਵਰਕਰ ਨੂੰ ਆਪਣਾ ਸੁਝਾਅ ਦੇਣ ਦਾ ਹੱਕ ਹੈ ਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਦੂਜੀਆਂ ਪਾਰਟੀਆਂ ਵੱਲੋਂ ਜਾਣ-ਬੁੱਝ ਕੇ ਪਾਰਟੀ ਦੀ ਫੁੱਟ ਨਾਲ ਜੋੜ ਕੇ ਪਰੋਸਿਆ ਜਾਣ ਲੱਗਿਆ ਹੈ। ਬੀਬੀ ਬਾਦਲ ਨੇ ਏਸ਼ਿਆਈ ਖੇਡਾਂ ਵਿਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਸਵਰਨ ਸਿੰਘ ਵਿਰਕ, ਸੁਖਮੀਤ ਸਿੰਘ ਕਿਸ਼ਨਗੜ੍ਹ ਫਰਵਾਹੀ ਤੇ ਸ਼ਗਨਦੀਪ ਸਿੰਘ ਦਾ ਸਨਮਾਨ ਕੀਤਾ ਗਿਆ।

    ਫ਼ਤਹਿਗੜ੍ਹ ਸਾਹਿਬ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਚੰਡੀਗੜ੍ਹ ਵਿਚਲੇ ਯੂਟੀ ਪ੍ਰਸ਼ਾਸਕ ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਸ਼ਰਤ ਨੂੰ ਹਟਾਏ ਜਾਣ ਦੀ ਨਿਖੇਧੀ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚੋਂ ਪੰਜਾਬੀ ਭਾਸ਼ਾ ਨੂੰ ਇੱਕ ਸਾਜਿਸ਼ ਤਹਿਤ ਮਿਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਜੂਨੀਅਰ ਬੇਸਿਕ ਟੀਚਰ (ਜੇਬੀਟੀ) ਦੀ ਭਰਤੀ ਲਈ ਰੱਖੀਆਂ ਯੋਗਤਾਵਾਂ ਵਿੱਚੋਂ ਪੰਜਾਬੀ ਲਾਜ਼ਮੀ ਦੀ ਸ਼ਰਤ ਨੂੰ ਹਟਾ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਨਾਲ ਵੱਡਾ ਧੱਕਾ ਕੀਤਾ ਸੀ, ਜਦਕਿ ਚੰਡੀਗੜ੍ਹ ਤੇ ਪੰਜਾਬ ਦਾ ਅਧਿਕਾਰ ਹੈ, ਕਿਉਂਕਿ ਚੰਡੀਗੜ੍ਹ ਪੰਜਾਬ ਦੇ ਕਈ ਪਿੰਡਾਂ ਨੂੰ ਉਜਾੜ ਕੇ ਪੰਜਾਬ ਦੀ ਰਾਜਧਾਨੀ ਵਜੋਂ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ 1966 ਦੇ ਪੁਨਰਗਠਨ ਐਕਟ ਵਿੱਚ ਫ਼ੈਸਲਾ ਹੋਇਆ ਸੀ ਕਿ ਜਿੰਨਾ ਚਿਰ ਚੰਡੀਗੜ੍ਹ ਪੰਜਾਬ ਨੂੰ ਨਹੀਂ ਦਿੱਤਾ ਜਾਂਦਾ ਤਦ ਤੱਕ ਚੰਡੀਗੜ੍ਹ ਵਿੱਚ 60 ਫ਼ੀਸਦੀ ਮੁਲਾਜ਼ਮ ਪੰਜਾਬ ਤੇ 40 ਫ਼ੀਸਦ ਹਰਿਆਣਾ ਤੋਂ ਲੈਣੇ ਨਿਸ਼ਚਿਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਲੰਮੇ ਸਮੇਂ ਤੋਂ ਚੰਡੀਗੜ੍ਹ ਪੰਜਾਬ ਨੂੰ ਦਿੱਤੇ ਜਾਣ ਸਬੰਧੀ, ਚੰਡੀਗੜ੍ਹ ਸਥਿਤ ਹੈੱਡ ਆਫ਼ਿਸ, ਹਾਈਕੋਰਟ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦਿੱਤੇ ਜਾਣ ਲਈ ਸੰਘਰਸ਼ ਕਰਦਾ ਆ ਰਿਹਾ ਹੈ।

    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਏ ਅੰਦਰੂਨੀ ਸੰਕਟ ਵਿਚ ਅੱਜ ਉਸ ਵੇਲੇ ਹੋਰ ਵਾਧਾ ਹੋ ਗਿਆ ਜਦੋਂ ਮਾਝੇ ਦੇ ਇਕ ਹੋਰ ਟਕਸਾਲੀ ਅਕਾਲੀ ਆਗੂ ਭਾਈ ਮਨਜੀਤ ਸਿੰਘ ਨੇ ਵੀ ਪਾਰਟੀ ਦੀਆਂ ਨੀਤੀਆਂ ’ਤੇ ਕਿੰਤੂ-ਪ੍ਰੰਤੂ ਕਰਦਿਆਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣਾ ਪਾਰਟੀ ਲਈ ਆਤਮਘਾਤੀ ਫੈਸਲਾ ਕਰਾਰ ਦਿੱਤਾ। ਉਨ੍ਹਾਂ ਨੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਬਰਗਾੜੀ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਮੁਆਫ਼ੀ ਮੰਗਣ ਦਾ ਸੁਝਾਅ ਦਿੱਤਾ ਹੈ।
    ਭਾਈ ਮਨਜੀਤ ਸਿੰਘ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਹਨ ਅਤੇ ਇਸ ਤੋਂ ਪਹਿਲਾਂ ਪਾਰਟੀ ਦੇ ਮੀਤ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਦੇ ਅਹੁਦੇ ’ਤੇ ਰਹਿ ਚੁੱਕੇ ਹਨ। ਉਹ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸਵਰਗੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਬੇਟੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਵਰਗੀ ਭਾਈ ਅਮਰੀਕ ਸਿੰਘ ਦੇ ਭਰਾ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਤ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਉਸ ਵੇਲੇ ਦੀ ਸਰਕਾਰ ਨੇ ਇਸ ਘਟਨਾ ਕ੍ਰਮ ਦੀ ਜੜ੍ਹ ਨੂੰ ਲੱਭ ਲਿਆ ਹੁੰਦਾ ਤਾਂ ਅੱਜ ਪੰਜਾਬ ਦੇ ਹਾਲਾਤ ਕੁਝ ਹੋਰ ਹੁੰਦੇ ਤੇ ਸਪੱਸ਼ਟੀਕਰਨ ਦੇਣ ਦੀ ਲੋੜ ਨਾ ਪੈਂਦੀ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਏਜੰਡੇ ਨੂੰ ਤਿਆਗ ਕੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦਿੱਤੀ ਸੀ, ਜੋ ਪਾਰਟੀ ਲਈ ਆਤਮਘਾਤੀ ਫੈਸਲਾ ਸਾਬਤ ਹੋਇਆ ਹੈ। ਇਸ ਫੈਸਲੇ ਨਾਲ ਸ੍ਰੀ ਅਕਾਲ ਤਖ਼ਤ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਨੂੰ ਢਾਹ ਲੱਗੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਦੀ ਲੀਡਰਸ਼ਿਪ ਵਿਚ ਬਦਲਾਅ ਬਾਰੇ ਸਮੂਹ ਸੀਨੀਅਰ ਆਗੂਆਂ ਨੂੰ ਮਿਲ ਬੈਠ ਕੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਪਾਰਟੀ ਵਿਚ ਰਹਿ ਕੇ ਅਜਿਹੀ ਨੀਤੀ ਦਾ ਵਿਰੋਧ ਕਰਨਗੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਹਟਾਉਣ ਦਾ ਸਮਰਥਨ ਕੀਤਾ ਹੈ। ਬਾਅਦ ਦੁਪਹਿਰ ਤਿੰਨ ਵਜੇ ਭਾਈ ਮਨਜੀਤ ਸਿੰਘ ਨੇ ਆਪਣੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ 14 ਅਕਤੂਬਰ ਨੂੰ ਬਰਗਾੜੀ ਵਿਖੇ ਹੋਣ ਵਾਲੇ ਸ਼ਹੀਦੀ ਸੰਮੇਲਨ ਵਿਚ ਸ਼ਾਮਲ ਹੋਣਗੇ।

    ਦੇਸੀ ਘਿਉ ਦੇ ਇਸ ਉਪਾਅ ਨਾਲ ਕੁੱਝ ਹੀ ਦਿਨਾਂ ਵਿਚ ਪਾਓ ਡਾਰਕ ਸਰਕਲਸ ਤੋਂ ਛੁਟਕਾਰਾ : ਅੱਜ-ਕੱਲ ਦੀ ਤਣਾਵ ਭਰੀ ਜਿੰਦਗੀ ਦੇ ਬਹੁਤ ਸਾਰੇ ਬੁਰੇ ਪ੍ਰਭਾਵ ਦੇਖਣ ਨੂੰ ਮਿਲਦੇ ਹਨ |ਇੱਕ ਪਾਸੇ ਜਿੱਥੇ ਇਹ ਤਣਾਵ ਕਈ ਸਾਰੀਆਂ ਸਮੱਸਿਆਵਾਂ ਨੂੰ ਪੈਦਾ ਕਰਦਾ ਹੈ ,ਉੱਥੇ ਤਣਾਵ ਅਤੇ ਨਿਯਮਿਤ ਦਿਨ ਚਾਰਿਆ ਦਾ ਅਸਰ ਚਿਹਰੇ ਉੱਪਰ ਵੀ ਸਾਫ਼ ਨਜਰ ਆਉਂਦਾ ਹੈ |

    ਚੰਡੀਗੜ੍ਹ - ਪੰਜਾਬ ਪੁਲੀਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੁੱਜ ਗਏ ਹਨ। ਭਾਵੇਂ ਕਿ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਦੇ ਵਿਸ਼ੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਣ ਦੀ ਕੋਸ਼ਿਸ਼ ਕੀਤੀ ਗਈ ਪਰ ਭਰੋਸੇਯੋਗ ਵਸੀਲਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨ ’ਚ ਸ੍ਰੀ ਸੈਣੀ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਵਿਰੁੱਧ ਲੱਗੇ ਦੋਸ਼ਾਂ ਦੀ ਜਾਂਚ ਪੰਜਾਬ ਪੁਲੀਸ ਕੋਲੋਂ ਨਾ ਕਰਵਾਈ ਜਾਵੇ।
    ਇਸ ਸਬੰਧੀ ਹਾਈ ਕੋਰਟ, ਪੰਜਾਬ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨੂੰ ਹਦਾਇਤਾਂ ਦੇਵੇ। ਇਹ ਵੀ ਸਮਝਿਆ ਜਾ ਰਿਹਾ ਹੈ ਕਿ ਸ੍ਰੀ ਸੈਣੀ ਨੇ ਆਪਣੇ ਵਿਰੁੱਧ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਏ ਜਾਣ ਦੀ ਵੀ ਮੰਗ ਕੀਤੀ ਹੈ ਤੇ ਉਹ ਸੀਬੀਆਈ ਵੀ ਹੋ ਸਕਦੀ ਹੈ। ਪਟੀਸ਼ਨ ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਲਈ ਲੱਗੀ ਹੈ ਤੇ ਇਸ ਉੱਤੇ ਵੀਰਵਾਰ ਸਵੇਰੇ ਸੁਣਵਾਈ ਹੋਵੇਗੀ।
    ਜ਼ਿਕਰਯੋਗ ਹੈ ਕਿ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਦਾ ਨਾਂਅ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪੇਸ਼ ਕੀਤੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਹੈ। ਤਿੰਨ ਸਾਲ ਪਹਿਲਾਂ ਪੁਲੀਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸ਼ਾਂਤਮਈ ਸਿੱਖਾਂ ਉੱਤੇ ਕੋਟਕਪੂਰਾ ਵਿੱਚ ਗੋਲੀ ਚਲਾ ਦਿੱਤੀ ਸੀ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਇਸ ਦੇ ਲਈ ਤਤਕਾਲੀ ਪੁਲੀਸ ਮੁਖੀ ਸੁਮੇਧ ਸੈਣੀ ਨੂੰ ਜਿੰਮੇਵਾਰ ਠਹਿਰਾਇਆ ਹੈ। ਇਸ ਘਟਨਾ ਲਈ ਸੈਣੀ ਤੋਂ ਇਲਾਵਾ ਕਮਿਸ਼ਨ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ ਅਤੇ ਤਿੰਨ ਐੱਸਐੱਸਪੀਜ਼ ਐੱਸ ਐੱਸ ਮਾਨ, ਚਰਨਜੀਤ ਸ਼ਰਮਾ ਅਤੇ ਰਘਬੀਰ ਸਿੰਘ ਦੇ ਨਾਲ ਦੋ ਗੰਨਮੈਨਾਂ ਨੂੰ ਵੀ ਦੋਸ਼ੀ ਮੰਨਿਆ ਹੈ। ਸੈਣੀ ਤੋਂ ਪਹਿਲਾਂ ਕਈ ਪੁਲੀਸ ਅਧਿਕਾਰੀ ਹਾਈ ਕੋਰਟ ਦਾ ਰੁਖ ਕਰਕੇ ਉਨ੍ਹਾਂ ਨੂੰ ਜਸਟਿਸ ਰਣਜੀਤ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਜ਼ਾ ਨਾ ਦੇਣ ਦੀ ਮੰਗ ਕੀਤੀ ਗਈ ਹੈ।

    ਬਠਿੰਡਾ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਜੁੱਤੀ ਵਗਾਹ ਕੇ ਮਾਰਨ ਵਾਲੇ ਗੁਰਬਚਨ ਸਿੰਘ ਨੂੰ ਮਲੋਟ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਅਸੈਂਬਲੀ ਚੋਣਾਂ 2017 ਦੇ ਚੋਣ ਪ੍ਰਚਾਰ ਦੌਰਾਨ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਦੋਂ ਹਲਕਾ ਲੰਬੀ ਦੇ ਪਿੰਡ ਰੱਤਾ ਖੇੜਾ ਵਿੱਚ ਜਲਸਾ ਕਰ ਰਹੇ ਸਨ ਤਾਂ ਉਦੋਂ ਗੁਰਬਚਨ ਸਿੰਘ ਨੇ ਬੇਅਦਬੀ ਦੇ ਰੋਸ ਵਜੋਂ ਬਾਦਲ ਵੱਲ ਜੁੱਤੀ ਮਾਰੀ ਸੀ। ਉਸ ਮਗਰੋਂ ਫ਼ੌਰੀ ਬਾਦਲ ਆਪਣਾ ਚੋਣ ਪ੍ਰਚਾਰ ਖ਼ਤਮ ਕਰਕੇ ਘਰ ਪਰਤ ਗਏ ਸਨ। ਘਟਨਾ ਵਿੱਚ ਬਾਦਲ ਦੀ ਐਨਕ ਵੀ ਨੁਕਸਾਨੀ ਗਈ ਸੀ। ਮੁਕਤਸਰ ਪੁਲੀਸ ਦੇ ਥਾਣਾ ਕਬਰਵਾਲਾ ਵਿਚ ਪੁਲੀਸ ਨੇ ਗੁਰਬਚਨ ਸਿੰਘ ਖ਼ਿਲਾਫ਼ ਧਾਰਾ 353, 355, 186 ਤਹਿਤ ਕੇਸ ਦਰਜ ਕੀਤਾ ਸੀ। ਪੁਲੀਸ ਨੇ ਫ਼ੌਰੀ ਗੁਰਬਚਨ ਸਿੰਘ ਨੂੰ ਕਾਬੂ ਕਰ ਲਿਆ ਸੀ। ਦੱਸਣਯੋਗ ਹੈ ਕਿ ਗੁਰਬਚਨ ਸਿੰਘ ਮੌਜੂਦਾ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦੇ ਭਰਾ ਹਨ ਤੇ ਖੇਤੀਬਾੜੀ ਕਰਦਾ ਹਨ। ਇਸ ਮਾਮਲੇ ਵਿੱਚ ਥਾਣਾ ਕਬਰਵਾਲਾ ਦੇ ਤਤਕਾਲੀ ਥਾਣਾ ਮੁਖੀ ਇੰਸਪੈਕਟਰ ਕੁਲਦੀਪ ਚੰਦ ਨੇ ਆਪਣੀ ਗਵਾਹੀ ਕਲਮਬੰਦ ਕਰਾਈ ਸੀ। ਦੂਜੇ ਪਾਸੀ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨਾਲ ਸੰਪਰਕ ਨਹੀਂ ਹੋ ਸਕਿਆ।

    ਅੰਮ੍ਰਿਤਸਰ - ਕੈਨੇਡਾ ਸਰਕਾਰ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਐਂਡਰਿਊ ਸ਼ੀਅਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਕੈਨੇਡਾ ਦੇ ਅਰਥਚਾਰੇ ਦੇ ਵਿਕਾਸ ਵਿਚ ਸਿੱਖਾਂ ਵੱਲੋਂ ਦਿੱਤੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਉਹ ਇਥੇ ਆਪਣੀ ਪਤਨੀ ਸਮੇਤ ਮੱਥਾ ਟੇਕਣ ਪੁੱਜੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਿੱਖ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਵਸ ਰਹੇ ਹਨ ਅਤੇ ਉਨ੍ਹਾਂ ਨੇ ਕੈਨੇਡਾ ਦੇ ਅਰਥਚਾਰੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਮਿਲਵਰਤਣ ਵਾਲਾ ਭਾਈਚਾਰਾ ਹੈ। ਸਿੱਖ ਭਾਈਚਾਰੇ ਵੱਲੋਂ ਕੈਨੇਡਾ ਵਿਚ ਛੋਟੇ ਤੇ ਵੱਡੇ ਪੱਧਰ ਦੇ ਬਿਜ਼ਨਸ ਸਥਾਪਤ ਕੀਤੇ ਹਨ, ਜਿਸ ਨਾਲ ਉਥੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਵੇਲੇ ਛੋਟੇ ਪੱਧਰ ਦੇ ਵਪਾਰ ’ਤੇ ਟੈਕਸ ਦੀ ਮਜ਼ਬੂਤ ਜਕੜ ਹੈ ਪਰ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਈ ਤਾਂ ਇਸ ਸਬੰਧੀ ਨਿਯਮਾਂ ਵਿਚ ਕੁਝ ਛੋਟ ਦਿੱਤੀ ਜਾਵੇਗੀ ਤਾਂ ਜੋ ਅਜਿਹੇ ਛੋਟੇ ਵਪਾਰ ਹੋਰ ਪ੍ਰਫੁਲਿਤ ਹੋ ਸਕਣ। ਉਨ੍ਹਾਂ ਨੇ ਪੰਜਾਬੀ ਭਾਈਚਾਰੇ ਵੱਲੋਂ ਚਲਾਏ ਜਾ ਰਹੇ ਟੈਕਸੀ ਬਿਜ਼ਨਸ ਦਾ ਵੀ ਜ਼ਿਕਰ ਕੀਤਾ। ਪ੍ਰਵਾਸੀ ਨਿਯਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਵੇਲੇ ਵਿਸ਼ਵ ਭਰ ਤੋਂ ਵਿਦਿਆਰਥੀ ਕੈਨੇਡਾ ਵਿਚ ਪੜ੍ਹਨ ਲਈ ਆ ਰਹੇ ਹਨ। ਜੇਕਰ ਉਨ੍ਹਾਂ ਦੀ ਸਰਕਾਰ ਆਈ ਤਾਂ ਇਸ ਸਬੰਧੀ ਇਮੀਗਰੇਸ਼ਨ ਨਿਯਮਾਂ ਨੂੰ ਹੋਰ ਸੁਖਾਲਾ ਬਣਾਇਆ ਜਾਵੇਗਾ ਤਾਂ ਜੋ ਕੈਨੇਡਾ ਵਿਚ ਪੜ੍ਹਾਈ ਲਈ ਆਉਣ ਵਾਲਿਆਂ ਵਾਸਤੇ ਵਧੇਰੇ ਮੌਕੇ ਪੈਦਾ ਹੋ ਸਕਣ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਉਹ ਗਰਮਖਿਆਲੀਆਂ ਦੀਆਂ ਗਤੀਵਿਧੀਆਂ ਨਾਲ ਸਹਿਮਤ ਨਹੀਂ ਹਨ ਅਤੇ ਉਹ ਇਕਜੁਟ ਭਾਰਤ ਦੇ ਹੱਕ ਵਿਚ ਹਨ।
    ਇਸ ਤੋਂ ਪਹਿਲਾਂ ਉਨ੍ਹਾਂ ਆਪਣੀ ਪਤਨੀ ਜ਼ਿਲ ਸ਼ੀਰ ਅਤੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸ੍ਰੀ ਬੌਬ ਸਰੋਆ ਤੋਂ ਇਲਾਵਾ ਰਮੋਨਾ ਸਿੰਘ, ਬੌਬ ਦੋਸਾਂਝ ਅਤੇ ਬਿਕਰਮਜੀਤ ਸਿੰਘ ਚੱਕਾ ਅੱਲਾ ਬਖ਼ਸ਼ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਹ ਲੰਗਰ ਘਰ ਵਿਚ ਵੀ ਗਏ। ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਜੀ ਆਇਆਂ ਕਿਹਾ ਤੇ ਸਿੱਖ ਕੌਮ ਵੱਲੋਂ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਕੈਨੇਡੀਅਨ ਆਗੂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦਾ ਖ਼ੂਬਸੂਰਤ ਅਸਥਾਨ ਦੱਸਿਆ ਅਤੇ ਕਿਹਾ ਕਿ ਇਥੋਂ ਸਰਬ-ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਸਵਾਗਤ ਦਾ ਵੀ ਧੰਨਵਾਦ ਕੀਤਾ। ਉਹ ਪਿੰਗਲਵਾੜੇ ਦਾ ਦੌਰਾ ਕਰਨ ਲਈ ਵੀ ਗਏ।

    ਬਰਗਾੜੀ/ਕੋਟਕਪੂਰਾ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਸੰਗਤਾਂ ਦਾ ਰੋਸ ਮਾਰਚ ਅੱਜ ਬਰਗਾੜੀ ਪਹੁੰਚਿਆ। ਪੰਡਾਲ ਵਾਲੀ ਥਾਂ ’ਤੇ ਲੋਕਾਂ ਨੂੰ ਖੜ੍ਹ ਕੇ ਬੁਲਾਰਿਆਂ ਨੂੰ ਸੁਣਨਾ ਪਿਆ। ਸਰਕਾਰੀ ਏਜੰਸੀਆਂ ਵੱਲੋਂ ਲਾਏ ਗਏ ਅੰਦਾਜ਼ੇ ਨਾਲੋਂ ਵੱਧ ਇਕੱਠ ਹੋਇਆ। ਕੋਟਕਪੂਰਾ ਤੋਂ ਬਰਗਾੜੀ ਤਕ ਰੋਸ ਮਾਰਚ ਕਾਰਨ ਹਾਈਵੇਅ ਜਾਮ ਰਿਹਾ। ਅਕਾਲ ਤਖ਼ਤ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਿੰਨੀ ਦੇਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਾਂਡ ਰਚਾਉਣ ਵਾਲੇ ਦੋਸ਼ੀ ਫੜੇ ਨਹੀਂ ਜਾਂਦੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਅਕਾਲ ਤਖ਼ਤ ਸਾਹਿਬ ਆਜ਼ਾਦ ਨਹੀਂ ਹੁੰਦੇ, ਉਦੋਂ ਤੱਕ ਉਹ ਟਿਕ ਕੇ ਨਹੀਂ ਬੈਠਣਗੇ। ਪਹਿਲਾਂ ਤੋਂ ਉਲਟ ਅੱਜ ਭਾਈ ਮੰਡ ਦੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਸੁਰ ਤਿੱਖੀ ਰਹੀ। ਉਹ ਪ੍ਰਧਾਨ ਮੰਤਰੀ ਅਤੇ ਬਾਦਲਾਂ ’ਤੇ ਵੀ ਰੱਜ ਕੇ ਵਰ੍ਹੇ। ਉਨ੍ਹਾਂ ਸਿੱਖਾਂ ਨੂੰ ਅਤਿਵਾਦੀ ਅਤੇ ਵੱਖਵਾਦੀ ਗਰਦਾਨਣ ਵਾਲਿਆਂ ਨੂੰ ਪੰਥ ਵਿਰੋਧੀ ਕਰਾਰ ਦਿੱਤਾ। ਬਾਗ਼ੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਹਿਬਲ ਕਲਾਂ ਗੋਲੀ ਕਾਂਡ ਵਾਲੇ ਦਿਨ 14 ਅਕਤੂਬਰ ਨੂੰ ਮੁੜ ਬਰਗਾੜੀ ’ਚ ਜੁੜਨ ਦਾ ਮਤਾ ਪੇਸ਼ ਕਰ ਕੇ ਪ੍ਰਵਾਨਗੀ ਮੰਗੀ ਤਾਂ ਇਕੱਠ ਨੇ ਉਸ ’ਤੇ ਮੋਹਰ ਲਗਾ ਦਿੱਤੀ। ਸ੍ਰੀ ਖਹਿਰਾ ਨੇ ਪੰਜਾਬ ਸਰਕਾਰ ਨੂੰ ਬਾਦਲ ਪਿਉ-ਪੁੱਤ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਬਹਿਬਲ ਕਾਂਡ ਦੇ ਦੋਸ਼ੀਆਂ ਉਪਰ 15 ਦਿਨਾਂ ਦੇ ਅੰਦਰ-ਅੰਦਰ ਮੁਕੱਦਮਾ ਦਰਜ ਕਰਨ ਦਾ ਅਲਟੀਮੇਟਮ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਹੋਰ ਵੱਡਾ ਪ੍ਰੋਗਰਾਮ ਉਲੀਕ ਕੇ ਰੋਸ ਜਤਾਇਆ ਜਾਵੇਗਾ।
    ਭਾਈ ਮੰਡ ਨੇ ਸਮੁੱਚੇ ਖਾਲਸਾ ਪੰਥ ਨੂੰ ਫੁੱਟ ਛੱਡ ਕੇ ਕੇਸਰੀ ਨਿਸ਼ਾਨ ਹੇਠ ਇਕੱਠੇ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਇੰਜ ਹੋਣ ਨਾਲ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਾਲਸਾ ਪੰਥ ਦੀਆਂ ਹੋਣਗੀਆਂ। ਅੱਜ ਦੇ ਰੋਸ ਮਾਰਚ ਨੂੰ ਸਫ਼ਲ ਕਰਨ ਲਈ ਪਿਛਲੇ ਦਿਨਾਂ ਤੋਂ ਸਰਗਰਮ ਰਹੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਨਾਲ ਪੈਰ-ਪੈਰ ’ਤੇ ਵਧੀਕੀਆਂ ਹੋਣ ਦੇ ਦੋਸ਼ ਲਾਉਣ ਸਮੇਤ ਰਾਜ ਵਿੱਚ ਫੈਲੇ ਭ੍ਰਿਸ਼ਟਾਚਾਰ, ਤਬਾਹ ਹੋਏ ਵਪਾਰ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਵੀ ਛੋਹਿਆ। ਉਨ੍ਹਾਂ ਬੇਅਦਬੀ ਘਟਨਾਵਾਂ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਹੁਣ ਸੁਖਬੀਰ ਬਾਦਲ ਨੂੰ ਇਨਸਾਫ਼ ਮੰਗਣ ਵਾਲੇ ਪਾਕਿਸਤਾਨੀ ਏਜੰਟ ਨਜ਼ਰ ਆਉਂਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਸ਼ਿਕੰਜੇ ਵਿੱਚੋਂ ਮੁਕਤ ਕਰਾਉਣ ਲਈ ਸਿੱਖ ਕੌਮ ਨੂੰ ਇੱਕਜੁਟ ਹੋਣ ਦਾ ਸੁਨੇਹਾ ਦਿੱਤਾ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬੇਅਦਬੀ ਘਟਨਾਵਾਂ ਲਈ ਅਕਾਲੀਆਂ ਨੂੰ ਦੋਸ਼ੀ ਦੱਸਦਿਆਂ ਕੈਪਟਨ ਸਰਕਾਰ ’ਤੇ ਦੋਸ਼ੀਆਂ ਨੂੰ ਖੰਭਾਂ ਹੇਠ ਲੁਕੋਣ ਦੇ ਇਲਜ਼ਾਮ ਲਾਏ। ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਖ ਕੌਮ ਨਾਲ ਕਦਮ-ਕਦਮ ’ਤੇ ਹੁੰਦੀ ਧੱਕੇਸ਼ਾਹੀ ਲਈ ਸਮੇਂ ਦੀਆਂ ਸਰਕਾਰਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਨਿਆਂ ਪ੍ਰਾਪਤੀ ਤੱਕ ਬਰਗਾੜੀ ਦੇ ਮੋਰਚੇ ਨੂੰ ਜਾਰੀ ਰੱਖਣ ਦੀ ਗੱਲ ਦੁਹਰਾਈ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਹਿੰਦੂ-ਸਿੱਖਾਂ ਵਿਚਾਲੇ ਨਫ਼ਰਤ ਦੇ ਬੀਜ ਬੋਅ ਕੇ ਆਪਣਾ ਉੱਲੂ ਸਿੱਧਾ ਕਰਨ ਦੀ ਤਾਕ ਵਿੱਚ ਲੱਗੀਆਂ ਤਾਕਤਾਂ ਤੋਂ ਚੌਕਸ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ ਵੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਕੋਲੋਂ ਮੁਕਤ ਕਰਾਉਣ ਲਈ ਸਿੱਖ ਕੌਮ ਨੂੰ ਏਕੇ ਦੀ ਅਪੀਲ ਕੀਤੀ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਬੀਰਦਵਿੰਦਰ ਸਿੰਘ ਨੇ ਇਨਸਾਫ਼ ਮੋਰਚੇ ਦੀਆਂ ਮੰਗਾਂ ਨੂੰ ਹਕੂਮਤ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ’ਤੇ ਅਫ਼ਸੋਸ ਜ਼ਾਹਿਰ ਕੀਤਾ। ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਤਖ਼ਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤਾ ਗਿਆ।

    ਪਟਿਆਲਾ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਖਾਲਸਾ ਪੰਥ ਸਿੱਖ ਕੌਮ ਦੀ ਦੁਸ਼ਮਣ ਕਾਂਗਰਸ ਪਾਰਟੀ ਨੂੰ ਕਦੇ ਵੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਅਤੇ ਸਿੱਖ ਕੌਮ ਦੀ ਤਕਦੀਰ ਦੇ ਫੈਸਲੇ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਇਥੇ ‘ਜਬਰ ਵਿਰੋਧੀ’ ਰੈਲੀ ’ਚ ਲੋਕਾਂ ਦੇ ਜੁਟਾਏ ਗਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮੁੱਦੇ ਉੱਤੇ ਉਨ੍ਹਾਂ ਦੀ ਪਾਰਟੀ ਖ਼ਿਲਾਫ਼ ਲਾਏ ਜਾ ਰਹੇ ਸਾਰੇ ਝੂਠ ਦੋਸ਼ ਕਾਂਗਰਸ ਪਾਰਟੀ ਦੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਲਈ ਰਚੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦਾ ਅਸਲੀ ਮੰਤਵ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਨ ਵਾਲਿਆਂ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਕਲੀਨ ਚਿਟ ਦੇਣਾ ਹੈ। ਉਨ੍ਹਾਂ ਕਿਹਾ ਕਿ ਹੁਣ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਦੀ ਆਪਣੀ ਨੀਯਤ ਬਾਰੇ ਜਨਤਕ ਤੌਰ ’ਤੇ ਐਲਾਨ ਕਰਕੇ ਬਿੱਲੀ ਨੂੰ ਥੈਲੇ ਵਿੱਚੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਮੁਤਵਾਜ਼ੀ ਜਥੇਦਾਰਾਂ ਅਤੇ ਪੰਥਕ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਦੇ ਖੁਲਾਸੇ ਨਾਲ ਸਾਬਤ ਹੋ ਗਿਆ ਹੈ ਕਿ ਕੁੱਝ ਅਖੌਤੀ ਸਿੱਖ ਜਥੇਬੰਦੀਆਂ ਸਿੱਖ-ਵਿਰੋਧੀ ਕਾਂਗਰਸ ਪਾਰਟੀ ਨਾਲ ਰਲੀਆਂ ਹੋਈਆਂ ਹਨ। ਰੈਲੀ ’ਚ ਅਕਾਲੀ ਦਲ ਵੱਲੋਂ ਆਪਣੇ ਆਪ ਨੂੰ ਸਿਰਮੌਰ ਪੰਥਕ ਜਥੇਬੰਦੀ ਸਿੱਧ ਕਰਨ ਦੀ ਪੂਰੀ ਵਾਹ ਲਾਈ ਗਈ। ਕਾਂਗਰਸ ਨੂੰ ਸਿੱਖਾਂ ਦੀ ਸਭ ਤੋਂ ਵੱਡੀ ਦੁਸ਼ਮਣ ਜਮਾਤ ਕਰਾਰ ਦਿੰਦਿਆਂ ਸ੍ਰੀ ਬਾਦਲ ਨੇ ਆਖਿਆ ਕਿ ਕਾਂਗਰਸ ਵੱਲੋਂ ਪੈਦਾ ਕੀਤੇ ਗਏ ਹਾਲਾਤ ਨਾਲ ਸਪੱਸ਼ਟ ਹੋ ਗਿਆ ਹੈ ਕਿ ਹੁਣ ਲੜਾਈ ਖਾਸਲਾ ਪੰਥ ਅਤੇ ਕਾਂਗਰਸ ਤੇ ‘ਕਾਂਗਰਸ ਪੰਥ’ ਵਿਚਕਾਰ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੂੰ ਗੁਰਧਾਮਾਂ ’ਤੇ ਕਬਜ਼ੇ ਕਰਨ ਤੋਂ ਰੋਕਣ ਲਈ ਪੰਥ ਨੂੰ ਅੱਗੇ ਆਉਣਾ ਪੈਣਾ ਹੈ। ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਭ ਤੋਂ ਵੱਡਾ ਵਿਸ਼ਵਾਸ਼ਘਾਤ ਕੀਤਾ ਗਿਆ ਹੈ। ਗੁੱਸੇ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਕੈਪਟਨ ਨੂੰ ‘ਹਿਟਲਰ’ ਵੀ ਆਖ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਅਸਲੀ ਦੈਂਤ ਉਹ ਸਨ, ਜਿਨ੍ਹਾਂ ਨੇ ਬਰਗਾੜੀ ਵਿਖੇ ਬੇਅਦਬੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਭ ਤੋਂ ਵੱਧ ਦੁੱਖ ਅਕਾਲੀ ਦਲ ਨੂੰ ਪਹੁੰਚਾਇਆ ਸੀ ਅਤੇ ਕਾਂਗਰਸ ਨੇ ਇਸ ਘਟਨਾ ਦਾ ਇਸਤੇਮਾਲ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ। ‘ਕਾਂਗਰਸ ਨੇ ਅਜਿਹੇ ਲੋਕਾਂ ਨਾਲ ਜੁੰਡਲੀ ਬਣਾਈ ਹੋਈ ਹੈ, ਜਿਹੜੇ ਧਰਮ ਦੇ ਨਾਂ ਉੱਤੇ ਪੈਸੇ ਇਕੱਠੇ ਕਰਨ ਲਈ ਪੰਥ ਦਾ ਇਸਤੇਮਾਲ ਕਰ ਰਹੇ ਹਨ।’ ਆਮ ਆਦਮੀ ਪਾਰਟੀ ਆਗੂ ਸੁਖਪਾਲ ਖਹਿਰਾ ਬਾਰੇ ਉਨ੍ਹਾਂ ਕਿਹਾ ਕਿ ਉਸ ਦੇ ਮਨ ਵਿੱਚ ਗੁਰੂ ਗ੍ਰੰਥ ਸਾਹਿਬ ਲਈ ਕੋਈ ਸਤਿਕਾਰ ਨਹੀਂ ਹੈ, ਉਹ ਸਿਰਫ ਪੈਸੇ ਕਮਾਉਣ ਦੇ ਲਾਲਚ ਵਿਚ ਅੱਜ ਬਰਗਾੜੀ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਬੀ ’ਚ ਰੈਲੀ ਕਰਨ ਬਾਰੇ ਸੁਖਬੀਰ ਨੇ ਕਿਹਾ ਕਿ ਲੋਕਾਂ ਵੱਲੋਂ ਨਕਾਰੇ ਜਾਣ ਤੋਂ ਡੇਢ ਸਾਲ ਮਗਰੋਂ ਕੈਪਟਨ ਨੂੰ ਲੰਬੀ ਆਉਣ ਦਾ ਸਮਾਂ ਮਿਲ ਗਿਆ। ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਸਮੇਤ ਕਾਂਗਰਸੀ ਆਗੂ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਰੋਣਾ ਰੋ ਰਹੇ ਹਨ। ਉਨ੍ਹਾਂ ਕਾਂਗਰਸ ਸਰਕਾਰ ਨੂੰ 32 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਬਾਰੇ ਸਵਾਲ ਕੀਤਾ। ਇਸ ਮੌਕੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਹਰਪਾਲ ਜੁਨੇਜਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਰੱਖੜਾ ਅਤੇ ਹਰਿੰਦਰਪਾਲ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ।

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com