ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਸਮੇਂ ਸਾਲ 2015 ਦੌਰਾਨ ਵਾਪਰੇ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਤਫ਼ਤੀਸ਼ ਸਬੰਧੀ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ ਕੀਤੀ ਗਈ। ‘ਸਿਟ’ ਮੁਖੀ ਐੱਲ.ਕੇ. ਯਾਦਵ ਦੀ ਅਗਵਾਈ ਹੇਠ ਤਿੰਨ ਪੁਲੀਸ ਅਧਿਕਾਰੀਆਂ ਦੀ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਇਥੇ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ਵਿੱਚ ਦੋ ਘੰਟੇ ਤੋਂ ਵੱਧ ਸਮਾਂ ਪੁੱਛ-ਪੜਤਾਲ ਕੀਤੀ। ਬਰਗਾੜੀ ਵਿੱਚ ਲੱਗੇ ਧਰਨੇ ਕਾਰਨ ‘ਆਪ’ ਸਰਕਾਰ ਨੇ ਪੁਲੀਸ ਨੂੰ ਜਾਂਚ ਦਾ ਅਮਲ ਛੇਤੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ।
  ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਬਾਦਲਾਂ ਦੀ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ’ਤੇ ਪੁੱਛਗਿੱਛ ਕਰਨ ਲਈ ਪਹੁੰਚੀ। ਪੁਲੀਸ ਅਧਿਕਾਰੀਆਂ ਦੀ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਕੋਟਕਪੂਰਾ ਪੁਲੀਸ ਗੋਲੀ ਕਾਂਡ ਨਾਲ ਸਬੰਧਤ ਸਵਾਲ ਪੁੱਛੇ। ਸੂਤਰਾਂ ਦਾ ਦੱਸਣਾ ਹੈ ਕਿ ਸਿਟ ਨੇ ਉਨ੍ਹਾਂ ਨੂੰ ਪੁੱਛਿਆ ਕਿ ਮੁੱਖ ਮੰਤਰੀ ਹੁੰਦਿਆਂ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ, ਕਿਵੇਂ ਅਤੇ ਕਿਸ ਰਾਹੀਂ ਲੱਗੀ। ਕੋਟਕਪੂਰਾ ਵਿੱਚ ਪੁਲੀਸ ਗੋਲੀ ਕਾਂਡ ਕਿਵੇਂ ਅਤੇ ਕਿਉਂ ਵਾਪਰਿਆ। ਸਰਕਾਰ ਵੱਲੋਂ ਘਟਨਾ ਉਪਰੰਤ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਪੁਲੀਸ ਨੂੰ ਗੋਲੀ ਚਲਾਉਣ ਦਾ ਹੁਕਮ ਕਿਸ ਪੱਧਰ ’ਤੇ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਨੇ ‘ਸਿਟ’ ਵੱਲੋਂ ਕੀਤੇ ਜਿਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਹੈ, ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲੀਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ।
  ਸਾਬਕਾ ਮੁੱਖ ਮੰਤਰੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਤਫਤੀਸ਼ ਵਿੱਚ ਦੂਜੀ ਵਾਰ ‘ਸਿਟ’ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਤੋਂ ਇਸ ਗੋਲੀ ਕਾਂਡ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਪੁੱਛਗਿੱਛ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ‘ਸਿਟ’ ਵੱਲੋਂ ਕੀਤੀ ਗਈ ਸੀ। ਇਸ ਸਿੱਟ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਨੂੰ ਜਦੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਤਾਂ ਕੈਪਟਨ ਸਰਕਾਰ ਵੱਲੋਂ ਐਲ.ਕੇ. ਯਾਦਵ ਦੀ ਅਗਵਾਈ ਹੇਠ ਨਵੀਂ ‘ਸਿਟ’ ਕਾਇਮ ਕੀਤੀ ਗਈ। ‘ਸਿਟ’ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੀ ਪੁੱਛਗਿੱਛ ਲਈ ਸੱਦਿਆ ਸੀ, ਪਰ ਸ੍ਰੀ ਬਾਦਲ ਤੋਂ ਹੁਣ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਪੁੱਛਗਿੱਛ ਕੀਤੀ ਗਈ ਹੈ। ਇਸ ਸਿਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਹੁਣ ਤੱਕ ਰਿਪੋਰਟ ਨਹੀਂ ਦਿੱਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਜਲਦੀ ਨੇਪਰੇ ਚਾੜ੍ਹਨਾ ਚਾਹੁੰਦੀ ਹੈ, ਤਾਂ ਜੋ ਅਕਾਲੀਆਂ ਤੇ ਕਾਂਗਰਸੀਆਂ ਵਾਂਗ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਨਾ ਹੋਵੇ। ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲੀਸ ਗੋਲੀ ਕਾਂਡਾਂ ਲਈ ਵਿਰੋਧੀਆਂ ਵੱਲੋਂ ਬਾਦਲ ਪਰਿਵਾਰ ਨੂੰ ਲਗਾਤਾਰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਜਾਂਚ ਰਿਪੋਰਟ ਕੈਪਟਨ ਸਰਕਾਰ ਨੂੰ ਸੌਂਪੀ ਗਈ ਸੀ। ਸਿਆਸੀ ਪਾਰਟੀਆਂ ਲਈ ਚਿੰਤਾ ਦੀ ਗੱਲ ਇਹ ਵੀ ਹੈ ਕਿ ਪੰਜਾਬ ’ਚ ਸੱਤ ਸਾਲ ਪਹਿਲਾਂ ਵਾਪਰੀਆਂ ਇਨ੍ਹਾਂ ਘਟਨਾਵਾਂ ਦਾ ਸਿਆਸੀ ਅਸਰ ਅਜੇ ਤੱਕ ਵੇਖਣ ਨੂੰ ਮਿਲਦਾ ਹੈ। ਇਹੀ ਵਜ੍ਹਾ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਪੜਤਾਲ ਵਿੱਚ ਤੇਜ਼ੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਉਧਰ ਬਰਗਾੜੀ ਵਿੱਚ ਸਿੱਖ ਸੰਗਠਨਾਂ ਨੇ ਮੋਰਚਾ ਲਾਇਆ ਹੋਇਆ ਹੈ। ਇਸ ਲਈ ਸਰਕਾਰ ਨੇ ਜਾਂਚ ਪੜਤਾਲ ਜਲਦੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ।
  ‘ਸਿੱਟ’ ਵੱਲੋਂ ਕੀਤੀ ਪੁੱਛਗਿੱਛ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਹਤ ਭਾਵੇਂ ਨਾਸਾਜ਼ ਹੈ, ਪਰ ਉਹ ਪੁਲੀਸ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਹਰ ਸਮੇਂ ਤਿਆਰ ਹਨ ਕਿਉਂਕਿ ਮਾਮਲਾ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਦੀ ਸਿਹਤ ਪਿਛਲੇ ਕਈ ਦਿਨਾਂ ਤੋਂ ਜ਼ਿਆਦਾ ਨਾਸਾਜ਼ ਹੈ। ਉਹ ਇੱਥੇ ਸੈਕਟਰ 9 ਵਿੱਚ ਆਪਣੀ ਨਿੱਜੀ ਰਿਹਾਇਸ਼ ’ਤੇ ਡਾਕਟਰਾਂ ਦੀ ਦੇਖ ਰੇਖ ਹੇਠ ਰਹਿ ਰਹੇ ਹਨ। ਬਾਦਲਾਂ ਦੇ ਪਰਿਵਾਰਕ ਸੂਤਰਾਂ ਦਾ ਦੱਸਣਾ ਹੈ ਕਿ ਕੁਝ ਦਿਨ ਤਾਂ ਸ੍ਰੀ ਬਾਦਲ ਬਿਨਾਂ ਸਹਾਰੇ ਤੋਂ ਉਠਣ ਅਤੇ ਲੇਟਣ ਤੋਂ ਵੀ ਅਸਮਰੱਥ ਸਨ। ਰੀੜ੍ਹ ਦੀ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਰਾਜ ਬਹਾਦਰ ਤੇ ਹੋਰ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।
  ਸਾਬਕਾ ਮੁੱਖ ਮੰਤਰੀ ਤੋਂ ਹੋਈ ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚੱਲਦਿਆਂ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਇਨ੍ਹਾਂ ਕੇਸਾਂ ਵਿੱਚ ਹੁਣ ਤੱਕ ਕੋਈ ਕਾਰਵਾਈ ਨਾ ਕਰਨਾ, ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਤੇ ਲੋਕਾਂ ਦਾ ਧਿਆਨ ਵੰਡਾਉਣ ਲਈ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ। ਸੂਬਾ ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਵਿਚ ਪੁਲੀਸ ਫਾਇਰਿੰਗ ਦੇ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ ਤੇ ਇਸ ਨੂੰ ਦੋਸ਼ੀਆਂ ਨੂੰ ਫੜਨ ਤੇ ਸਜ਼ਾਵਾਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ।

  ਅੰਮ੍ਰਿਤਸਰ - ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਖਿਆ ਕਿ ਇਸ ਸਬੰਧ ਵਿੱਚ ਪੰਥਕ ਇਕੱਠ ਬੁਲਾਉਣ ਤੋਂ ਪਹਿਲਾਂ ਉਹ ਸਿੱਖ ਵਕੀਲਾਂ ਅਤੇ ਸਿੱਖ ਬੁੱਧੀਜੀਵੀਆਂ ਦੀ ਇਕ ਉੱਚ ਤਾਕਤੀ ਕਮੇਟੀ ਬਣਾਵੇ, ਜਿਸ ਕੋਲੋਂ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਕਾਨੂੰਨੀ, ਧਾਰਮਿਕ ਅਤੇ ਰਾਜਸੀ ਪੱਖ ਤੋਂ ਸਲਾਹ ਲਈ ਜਾਵੇ।
  ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਲਈ ਐਕਟ ਨੂੰ ਮਾਨਤਾ ਦਿੱਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਫ਼ੈਸਲੇ ਖਿਲਾਫ਼ ਨਜ਼ਰਸਾਨੀ ਪਟੀਸ਼ਨ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ 30 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਵਿੱਚ ਮਤਾ ਪਾ ਕੇ ਅਪੀਲ ਕੀਤੀ ਗਈ ਸੀ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੌਮ ਦੀ ਅਗਵਾਈ ਕਰਨ ਅਤੇ ਸਮੁੱਚੀ ਕੌਮ ਉਨ੍ਹਾਂ ਦੀ ਅਗਵਾਈ ਹੇਠ ਇਸ ਫ਼ੈਸਲੇ ਖ਼ਿਲਾਫ਼ ਸੰਘਰਸ਼ ਲੜੇ। ਉਨ੍ਹਾਂ ਨੂੰ ਇਸ ਸਬੰਧ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਮਾਮਲਾ ਵਿਚਾਰਨ ਅਤੇ ਦੇਸ਼ ਵਿਦੇਸ਼ ਦੇ ਸਿੱਖਾਂ ਦਾ ਪੰਥਕ ਇਕੱਠ ਸੱਦਣ ਦੀ ਅਪੀਲ ਵੀ ਕੀਤੀ ਗਈ ਸੀ।
  ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਅਪੀਲ ਦੇ ਆਧਾਰ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ’ਚ ਆਖਿਆ ਕਿ ਉਹ ਇਸ ਮਾਮਲੇ ਵਿੱਚ ਪੰਥਕ ਇਕੱਠ ਸੱਦਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਸਿੱਖ ਵਕੀਲਾਂ ਅਤੇ ਸਿੱਖ ਬੁੱਧੀਜੀਵੀਆਂ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਵੇ। ਜਿਸ ਕਮੇਟੀ ਵਿੱਚ ਵਿਚਾਰ ਕੀਤਾ ਜਾਵੇ ਕਿ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਕਾਨੂੰਨੀ, ਧਾਰਮਿਕ ਤੇ ਰਾਜਸੀ ਤੌਰ ’ਤੇ ਕੀ ਕੁਝ ਕੀਤਾ ਜਾ ਸਕਦਾ ਹੈ। ਇਸ ਮਾਮਲੇ ਵਿੱਚ ਉੱਚ ਤਾਕਤੀ ਕਮੇਟੀ ਕੋਲੋਂ ਸੁਝਾਅ ਲਏ ਜਾਣ ਜਿਸ ਮਗਰੋਂ ਉਨ੍ਹਾਂ ਸੁਝਾਵਾਂ ’ਤੇ ਅਮਲ ਕਰਨ ਵਾਸਤੇ ਪੰਥਕ ਇਕੱਠ ਸੱਦ ਕੇ ਪੰਥ ਦੀਆਂ ਨਾਮਵਰ ਸੰਪਰਦਾਵਾਂ ਅਤੇ ਜਥੇਬੰਦੀਆਂ ਕੋਲੋਂ ਪ੍ਰਵਾਨਗੀ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਾਨੂੰਨ ਦੀ ਆੜ ਲੈ ਕੇ ਸ਼੍ਰੋਮਣੀ ਕਮੇਟੀ ਦੀ ਅਖੰਡਤਾ ਨੂੰ ਭੰਗ ਕਰਨ ਦੇ ਕੀਤੇ ਜਾ ਰਹੇ ਯਤਨ ਨਿੰਦਣਯੋਗ ਹਨ।
  ਇਸ ਮਾਮਲੇ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਦੇ ਸਿੱਖ ਪਹਿਲਾਂ ਹੀ ਆਪਸ ਵਿੱਚ ਵੰਡੇ ਗਏ ਹਨ। ਹਰਿਆਣਾ ਵਿਚਲੇ ਕੁਝ ਸਿੱਖ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰ ਰਹੇ ਹਨ ਜਦੋਂ ਕਿ ਕੁੱਝ ਸਿੱਖ ਸ਼੍ਰੋਮਣੀ ਕਮੇਟੀ ਦੇ ਨਾਲ ਹਨ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹਰਿਆਣਾ ਦੇ ਕੁਝ ਸਿੱਖਾਂ ਵਿੱਚ ਇਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਆਪਸੀ ਪਾਟੋਧਾੜ ਵੀ ਚੱਲ ਰਹੀ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਸਿੱਖ ਬੁੱਧੀਜੀਵੀ ਖਦਸ਼ਾ ਪ੍ਰਗਟਾ ਰਹੇ ਹਨ ਕਿ ਸਿੱਖ ਗੁਰਦੁਆਰਾ ਐਕਟ 1925 ਨੂੰ ਤੋੜਨ ਤੋਂ ਬਾਅਦ ਪੰਜਾਬ ਵਿੱਚ ਵੀ ਮਾਝਾ, ਮਾਲਵਾ, ਦੁਆਬਾ ਦੇ ਆਧਾਰ ਤੇ ਗੁਰਦੁਆਰਿਆਂ ਦੀ ਵੰਡ ਕੀਤੀ ਜਾ ਸਕਦੀ ਹੈ। ਇਹ ਕਾਰਵਾਈ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਖੇਰੂੰ-ਖੇਰੂੰ ਕਰਨ ਦੀ ਸਾਜ਼ਿਸ਼ ਹੈ।

  ਨਵੀਂ ਦਿੱਲੀ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਫਾਂਸੀ ਦੀ ਸਜ਼ਾਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ 'ਤੇ ਅੰਤਿਮ ਨਿਪਟਾਰੇ ਲਈ ਸੁਪਰੀਮ ਕੋਰਟ 'ਚ ਇਕ ਨਵੰਬਰ ਨੂੰ ਸੁਣਵਾਈ ਹੋਏਗੀ | ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੇ ਮਾਮਲੇ ਦੇ ਅਖਤਿਆਰ ਕੇਂਦਰ ਸਰਕਾਰ ਨੂੰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਫ਼ੈਸਲਾ ਲੈਣ ਲਈ ਆਜ਼ਾਦ ਹੈ | ਭਾਈ ਰਾਜੋਆਣਾ ਦੇ ਮਾਮਲੇ 'ਚ ਮੰਗਲਵਾਰ ਨੂੰ ਚੀਫ਼ ਜਸਟਿਸ ਯੂ. ਯੂ. ਲਲਿਤ, ਜਸਟਿਸ ਰਵਿੰਦਰ ਭੱਟ ਅਤੇ ਬੇਲਾ ਐਮ. ਤਿ੍ਵੇਦੀ ਦੇ ਤਿੰਨ ਮੈਂਬਰੀ ਬੈਂਚ ਨੇ ਸੁਣਵਾਈ ਕੀਤੀ | ਸੁਣਵਾਈ ਦੌਰਾਨ ਬੈਂਚ ਨੇ ਟਿੱਪਣੀ ਕਰਦਿਆਂ ਕਿਹਾ ਕਿ ਮੰਨ ਲਓ ਜੇਕਰ ਅਸੀਂ ਉਸ ਵਿਅਕਤੀ ਨੂੰ ਬਰੀ ਕਰ ਦਿੰਦੇ ਹਾਂ ਜੋ ਹੁਣ ਤੱਕ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਤਾਂ ਰਾਸ਼ਟਰਪਤੀ ਸਾਹਮਣੇ ਮਾਮਲਾ ਵੱਖਰਾ ਰੂਪ ਧਾਰਨ ਕਰ ਲੈਂਦਾ ਹੈ | ਉਹ ਤੁਹਾਨੂੰ ਪੂਰਨ ਮੁਆਫ਼ੀ ਵੀ ਦੇ ਸਕਦਾ ਹੈ ਅਤੇ ਤੁਹਾਨੂੰ ਛੱਡ ਸਕਦਾ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਉਹ ਦੋਵਾਂ ਮਾਮਲਿਆਂ ਸਹਿ-ਮੁਲਜ਼ਮ ਦੀ ਵਿਚਾਰ ਅਧੀਨ ਪਟੀਸ਼ਨ ਅਤੇ ਰਾਜੋਆਣਾ ਦੀ ਅਰਜ਼ੀ ਨੂੰ ਇਕ ਹੀ ਦਿਨ ਸੁਣਵਾਈ ਲਈ ਸੂਚੀਬੱਧ ਕਰ ਸਕਦੀ ਹੈ, ਜਿਸ 'ਤੇ ਰਾਜੋਆਣਾ ਵਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਬੈਂਚ ਨੂੰ ਬੇਨਤੀ ਕੀਤੀ ਕਿ ਰਾਜੋਆਣਾ ਦੀ ਪਟੀਸ਼ਨ ਦੀ ਵੱਖਰੇ ਤੌਰ 'ਤੇ ਸੁਣਵਾਈ ਕੀਤੀ ਜਾਵੇ, ਜਿਸ 'ਤੇ ਬੈਂਚ ਨੇ ਕਿਹਾ ਕਿ ਉਹ ਰਾਜੋਆਣਾ ਦੀ ਪਟੀਸ਼ਨ ਸੁਣਵਾਈ ਲਈ 1 ਨਵੰਬਰ ਨੂੰ ਸੂਚੀਬੱਧ ਕਰੇਗੀ | ਅੰਤਿਮ ਨਬੇੜੇ ਲਈ ਤਿੰਨ ਜੱਜਾਂ ਦੇ ਬੈਂਚ ਸਾਹਮਣੇ 1 ਨਵੰਬਰ ਨੂੰ ਪਟੀਸ਼ਨ 'ਤੇ ਸੁਣਵਾਈ ਹੋਵੇਗੀ | ਬੈਂਚ ਨੇ ਕਿਹਾ ਕਿ ਇਸ ਦਰਮਿਆਨ ਅਧਿਕਾਰੀ ਢੁਕਵੀਂ ਕਾਰਵਾਈ ਕਰਨ ਲਈ ਸੁਤੰਤਰ ਹਨ | ਮੁਕੁਲ ਰੋਹਤਗੀ ਨੇ ਆਪਣੇ ਮੁਵੱਕਲ ਦੇ 26 ਸਾਲਾਂ ਤੋਂ ਜੇਲ੍ਹ 'ਚ ਹੋਣ ਦੇ ਹਵਾਲੇ ਨਾਲ ਕਿਹਾ ਕਿ ਧਾਰਾ 21 ਤਹਿਤ ਉਨ੍ਹਾਂ (ਭਾਈ ਰਾਜੋਆਣਾ) ਨੂੰ ਮੌਤ ਦੇ ਅਧੀਨ ਰੱਖ ਕੇ ਉਨ੍ਹਾਂ ਦੇ ਜੀਵਨ ਦੇ ਅਧਿਕਾਰ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ 'ਤੇ ਚੀਫ਼ ਜਸਟਿਸ ਨੇ ਇਸ ਪਟੀਸ਼ਨ ਦੇ ਨਾਲ ਬਕਾਇਆ ਪਈਆਂ ਪਟੀਸ਼ਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਜੋਆਣਾ ਦੀ ਪਟੀਸ਼ਨ ਤੇ ਹੋਰ ਅਪੀਲਾਂ ਦੇ ਨਾਲ ਵਿਚਾਰ ਕੀਤਾ ਜਾ ਸਕਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਹਿ-ਮੁਲਜ਼ਮ ਬਰੀ ਹੋ ਜਾਂਦੇ ਹਨ ਤਾਂ ਇਹ ਰਾਸ਼ਟਰਪਤੀ ਦੀ ਰਹਿਮ ਦੀ ਅਪੀਲ ਲਈ ਇਕ ਕਾਰਨ ਹੋ ਸਕਦਾ ਹੈ, ਜਿਸ 'ਤੇ ਰੋਹਤਗੀ ਨੇ ਭਾਈ ਰਾਜੋਆਣਾ ਵਲੋਂ ਦਿੱਤਾ ਤਰਕ ਦੁਹਰਾਉਂਦਿਆਂ ਕਿਹਾ ਕਿ ਉਹ ਸਹਿ-ਮੁਲਜ਼ਮਾਂ ਦੀਆਂ ਅਪੀਲਾਂ ਨਾਲ ਜੁੜਨਾ ਚਾਹੁੰਦੇ ਹਨ | ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਨੇ ਦਾਇਰ ਹਲਫ਼ਨਾਮੇ 'ਚ ਕਿਹਾ ਸੀ ਕਿ ਉਹ ਜਨਵਰੀ 1996 ਤੋਂ ਜੇਲ੍ਹ 'ਚ ਹਨ | ਉਨ੍ਹਾਂ ਦੀ ਰਹਿਮ ਦੀ ਪਟੀਸ਼ਨ 2012 'ਚ ਦਾਇਰ ਕੀਤੀ ਗਈ ਹੈ | ਹੁਣ 2022 'ਚ ਇਸ ਨੂੰ 10 ਸਾਲ ਹੋ ਗਏ ਹਨ | ਉਹ ਮੌਤ ਦੀ ਸਜ਼ਾ 'ਤੇ ਹਨ | ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਉਨ੍ਹਾਂ ਤੋਂ ਅਪੀਲ ਨਹੀਂ ਕਰਨਾ ਚਾਹੁੰਦੇ | ਇਸ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦੋ ਇਤਰਾਜ਼ ਪ੍ਰਗਟਾਏ ਗਏ ਸੀ ਕਿ ਰਹਿਮ ਦੀ ਅਪੀਲ 'ਤੇ ਵਿਚਾਰ ਇਸ ਲਈ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਹ ਮੁਜਰਮ ਵਲੋਂ ਨਹੀਂ, ਸਗੋਂ ਕਿਸੇ ਸੰਗਠਨ ਵਲੋਂ ਦਾਇਰ ਕੀਤੀ ਗਈ ਹੈ | ਗ੍ਰਹਿ ਮੰਤਰਾਲੇ ਨੇ ਇਹ ਵੀ ਕਿਹਾ ਸੀ ਕਿ ਰਹਿਮ ਦੀ ਪਟੀਸ਼ਨ 'ਤੇ ਤਦ ਤੱਕ ਫ਼ੈਸਲਾ ਨਹੀਂ ਕੀਤਾ ਜਾ ਸਕਦਾ, ਜਦ ਤੱਕ ਸੁਪਰੀਮ ਕੋਰਟ ਦੇ ਅੱਗੇ ਰੱਖੇ ਮਾਮਲਿਆਂ 'ਚ ਹੋਰ ਦੋਸ਼ੀਆਂ ਵਲੋਂ ਦਾਇਰ ਅਪੀਲਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ | ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਰਵੱਈਏ 'ਤੇ ਇਤਰਾਜ਼ ਪ੍ਰਗਟਾਉਂਦਿਆਂ ਮਹੀਨੇ ਅੰਦਰ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤਾ ਸੀ |

  ਕੈਨਬਰਾ - ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੱਸਿਆ ਕਿ ਕੈਨੇਡਾ ’ਚ ਸਰਗਰਮ ਖਾਲਿਸਤਾਨੀ ਤਾਕਤਾਂ ਦਾ ਮੁੱਦਾ ਭਾਰਤ ਨੇ ਉੱਥੋਂ ਦੀ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਇਹ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ ਕਿ ਲੋਕਤੰਤਰਿਕ ਸਮਾਜ ਵਿਚ ਮਿਲੀਆਂ ਆਜ਼ਾਦੀਆਂ ਦੀ ਉਨ੍ਹਾਂ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ ਜੋ ਅਸਲ ਵਿਚ ‘ਹਿੰਸਾ’ ਤੇ ‘ਕੱਟੜਵਾਦ’ ਦੀ ਹਾਮੀ ਭਰਦੀਆਂ ਹਨ। ਪਿਛਲੇ ਕੁਝ ਹਫ਼ਤਿਆਂ ਦੌਰਾਨ ਕੈਨੇਡਾ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਵਧੀਆਂ ਹਨ। ਜੈਸ਼ੰਕਰ ਨੇ ਇਹ ਟਿੱਪਣੀਆਂ ਆਪਣੀ ਆਸਟਰੇਲਿਆਈ ਹਮਰੁਤਬਾ ਪੈਨੀ ਵੌਂਗ ਨਾਲ ਇੱਥੇ ਇਕ ਸਾਂਝੀ ਮੀਡੀਆ ਕਾਨਫਰੰਸ ਦੌਰਾਨ ਕੀਤੀਆਂ। ਜੈਸ਼ੰਕਰ ਨੇ ਕਿਹਾ, ‘ਸਮੇਂ-ਸਮੇਂ ਅਸੀਂ ਕੈਨੇਡਾ ਦੀ ਸਰਕਾਰ ਨਾਲ ਰਾਬਤਾ ਕੀਤਾ ਹੈ। ਮੈਂ ਖ਼ੁਦ ਵੀ ਇਸ ਮੁੱਦੇ (ਖਾਲਿਸਤਾਨ) ਉਤੇ ਆਪਣੇ ਕੈਨੇਡੀਅਨ ਹਮਰੁਤਬਾ ਨਾਲ ਗੱਲ ਕੀਤੀ ਹੈ।’ ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਣ ਦੀ ਲੋੜ ਹੈ ਕਿ ਲੋਕਤੰਤਰ ਕਿਵੇਂ ਕੰਮ ਕਰਦਾ ਹੈ, ਬਾਹਰਲੇ ਲੋਕਤੰਤਰਾਂ ਦੀ ਦੂਜੇ ਲੋਕਤੰਤਰਿਕ ਮੁਲਕਾਂ ਪ੍ਰਤੀ ਜ਼ਿੰਮੇਵਾਰੀ ਵੀ ਬਣਦੀ ਹੈ। ਸਿਰਫ਼ ਆਪਣੇ ਘਰ ਵਿਚ ਹੀ ਨਹੀਂ ਬਲਕਿ ਦੂਜੇ ਦੇਸ਼ਾਂ ਦੀਆਂ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਖਿਆਲ ਰੱਖਣ ਦੀ ਵੀ ਲੋੜ ਹੈ। ਭਾਰਤ ਨੇ ਕਿਹਾ ਸੀ ਕਿ ਕਿਸੇ ਮਿੱਤਰ ਮੁਲਕ ਵਿਚ ਇਸ ਤਰ੍ਹਾਂ ਦੀਆਂ ‘ਸਿਆਸਤ ਤੋਂ ਪ੍ਰੇਰਿਤ’ ਗਤੀਵਿਧੀਆਂ ਦਾ ਹੋਣਾ ਇਤਰਾਜ਼ਯੋਗ ਹੈ। ਕੈਨੇਡਾ ਦੀ ਯਾਤਰਾ ਬਾਰੇ ਭਾਰਤ ਵੱਲੋਂ ਜਾਰੀ ਚਿਤਾਵਨੀਆਂ ਦੇ ਮੁੱਦੇ ’ਤੇ ਜੈਸ਼ੰਕਰ ਨੇ ਕਿਹਾ, ‘ਅਸੀਂ ਇਸ ਬਾਰੇ ਬਹੁਤ ਸਪੱਸ਼ਟ ਹਾਂ। ਜਦ ਅਸੀਂ ਯਾਤਰਾ ਬਾਰੇ ਹਦਾਇਤਾਂ ਜਾਰੀ ਕਰਦੇ ਹਾਂ ਤਾਂ ਇਹ ਸਾਡੇ ਨਾਗਰਿਕਾਂ ਦੀ ਸੁਰੱਖਿਆ ਨਾਲ ਜੁੜੀਆਂ ਹੁੰਦੀਆਂ ਹਨ। ਇਸ ਤੋਂ ਵੱਧ ਇਨ੍ਹਾਂ ਵਿਚ ਹੋਰ ਕੁੱਝ ਨਹੀਂ ਹੁੰਦਾ।’ ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਜਾਰੀ ਚਿਤਾਵਨੀਆਂ ਤੋਂ ਬਾਅਦ ਕੈਨੇਡਾ ਨੇ ਵੀ ਉਸੇ ਤਰਜ਼ ’ਤੇ ਭਾਰਤ ਦੀ ਯਾਤਰਾ ਲਈ ਚਿਤਾਵਨੀਆਂ ਜਾਰੀ ਕਰ ਦਿੱਤੀਆਂ ਸਨ। ਭਾਰਤ ਨੇ ਕਿਹਾ ਸੀ ਕਿ ਕੈਨੇਡਾ ਵਿਚ ਵਾਪਰੀਆਂ ਨਫ਼ਰਤੀ ਅਪਰਾਧਾਂ ਦੀਆਂ ਘਟਨਾਵਾਂ ਖ਼ਿਲਾਫ਼ ਉੱਥੋਂ ਦੀ ਅਥਾਰਿਟੀ ਨੇ ਬਣਦੀ ਕਾਰਵਾਈ ਨਹੀਂ ਕੀਤੀ ਹੈ।

  ਅੰਮ੍ਰਿਤਸਰ - ਸਾਕਾ ਨੀਲਾ ਤਾਰਾ ਦੇ ਸਬੰਧ ਵਿਚ ਭਾਰਤੀ ਫੌਜ ਦੇ ਜਨਰਲ ਏਐੱਸ ਵੈਦਿਆ ਨੂੰ ਕਤਲ ਕਰਨ ਵਾਲੇ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦਾ ਬਰਸੀ ਸਮਾਗਮ ਇੱਥੇ ਦਰਬਾਰ ਸਾਹਿਬ ਸਮੂਹ ਵਿੱਚ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਝੰਡਾ ਬੁੰਗਾ ਵਿਖੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਮਾਗਮ ਵਿੱਚ ਭਾਈ ਜਿੰਦਾ ਦੇ ਭਰਾ ਭੁਪਿੰਦਰ ਸਿੰਘ, ਨਿਰਵੈਲ ਸਿੰਘ ਅਤੇ ਭਾਈ ਸੁੱਖਾ ਦੀ ਭੈਣ ਕੁਲਵੰਤ ਕੌਰ ਤੇ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਸ਼ਾਮਲ ਸਨ, ਜਿਨ੍ਹਾਂ ਨੂੰ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਆਦਿ ਨੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਫੈਡਰੇਸ਼ਨ ਆਗੂ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਮੰਗ ਕੀਤੀ ਕਿ ਸਿੱਖਾਂ ਦੇ ਸਮੂਹ ਸ਼ਹੀਦਾਂ ਦੇ ਬਰਸੀ ਸਮਾਗਮਾਂ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਭੋਗ ਪਾਉਣ ਤੋਂ ਬਾਅਦ ਬਾਕੀ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕੀਤੇ ਜਾਣ। ਸਿੱਖ ਆਗੂ ਨਰੈਣ ਸਿੰਘ ਚੌੜਾ ਨੇ ਆਖਿਆ ਕਿ ਸਿੱਖ ਗੁਰਧਾਮਾਂ ’ਤੇ ਹਮਲਾ ਕਰਨ ਵਾਲਿਆਂ ਕੋਲੋਂ ਸਿੱਖ ਬਦਲਾ ਜ਼ਰੂਰ ਲੈਣਗੇ। ਸਮਾਗਮ ਵਿੱਚ ਦਲ ਖ਼ਾਲਸਾ ਵੱਲੋਂ ਸਰਬਜੀਤ ਸਿੰਘ ਘੁਮਾਣ, ਪਰਮਜੀਤ ਸਿੰਘ ਮੰਡ, ਮਾਨ ਦਲ ਵੱਲੋਂ ਹਰਬੀਰ ਸਿੰਘ ਸੰਧੂ, ਬਲਵਿੰਦਰ ਸਿੰਘ ਕਾਲਾ ਤੇ ਬੇਅੰਤ ਸਿੰਘ ਖਿਆਲਾ ਆਦਿ ਸ਼ਾਮਲ ਸਨ।

  ਨਵੀਂ ਦਿੱਲੀ - ਸਿੱਖ ਰਾਜਨੀਤੀ ਵਿੱਚ ਲਗਪਗ 20 ਸਾਲ ਸਿਆਸੀ ਸ਼ਰੀਕ ਰਹੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਬਣਾ ਕੇ ਬਾਦਲਾਂ ਨੂੰ ਦਿੱਲੀ ’ਚ ਮਾਤ ਦੇਣ ਵਾਲੇ ਪਰਮਜੀਤ ਸਿੰਘ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਇਕਾਈ ਦਾ ਪ੍ਰਧਾਨ ਬਣਾ ਦਿੱਤਾ ਹੈ।
  ਜਾਣਕਾਰੀ ਮੁਤਾਬਿਕ ਪਰਮਜੀਤ ਸਿੰਘ ਸਰਨਾ ਦੇ ਪੰਜਾਬੀ ਬਾਗ ਸਥਿਤ ਘਰ ਵਿੱਚ ਅੱਜ ਹੋਈ ਪੰਥਕ ਇੱਕਤਰਤਾ ’ਚ ਸੁਖਬੀਰ ਬਾਦਲ ਵੱਲੋਂ ਦੋਵੇੇਂ ਧੜਿਆਂ ਵਿਚਾਲੇ ਇੱਕਜੁਟਤਾ ਪ੍ਰਗਟ ਕੀਤੀ ਗਈ ਅਤੇ ਪਰਮਜੀਤ ਸਿੰਘ ਸਰਨਾ ਨੂੰ ਸਿਰੋਪਾ ਦੇ ਕੇ ਦਿੱਲੀ ਇਕਾਈ ਦਾ ਪ੍ਰਧਾਨ ਐਲਾਨ ਦਿੱਤਾ। ਇਹ ਅਹੁਦਾ ਅਵਤਾਰ ਸਿੰਘ ਹਿੱਤ ਦੇ ਦੇਹਾਂਤ ਮਗਰੋਂ ਖਾਲੀ ਪਿਆ ਸੀ।
  ਜ਼ਿਕਰਯੋਗ ਹੈ ਕਿ ਸਾਲ ਪਹਿਲਾਂ ਹੋਈਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਟਿਕਟ ’ਤੇ ਚੋਣ ਜਿੱਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰਾਂ ਨੇ ਕੁਝ ਸਮੇਂ ਬਾਅਦ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਸਟੇਟ ਬਣਾ ਲਿਆ ਸੀ। ਇਸ ਨਾਲ ਅਕਾਲ ਦਲ ਨੂੰ ਕਰਾਰੀ ਸੱਟ ਲੱਗੀ ਸੀ ਤੇ ਇਸ ਧੜੇ ਕੋਲ ਸਿਰਫ਼ 2-3 ਮੈਂਬਰ ਹੀ ਰਹਿ ਗਏ ਸਨ, ਜਦੋਂ ਕਿ ਸਰਨਾ ਧੜੇ ਕੋਲ 14 ਮੈਂਬਰ ਹਨ।
  ਦੋਵੇਂ ਦਲਾਂ ਦੇ ਰਲੇਵੇਂ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੀ ਪੰਥਕ ਇਕੱਤਰਤਾ ਮੁੜ ਪੰਥਕ ਸੁਰਜੀਤੀ ਦਾ ਸੰਕੇਤ ਦਿੰਦੀ ਹੈ। ਸਿੱਖ ਕੌਮ ਵਿੱਚ ਘਰੇਲੂ ਜੰਗ ਛੇੜਨ ਲਈ ਕੋਝੀਆਂ ਸਾਜ਼ਿਸ਼ਾਂ ਕੰਮ ਕਰ ਰਹੀਆਂ ਹਨ, ਇਹ ਏਕਤਾ ਹੀ ਇਨ੍ਹਾਂ ਸਾਜ਼ਿਸ਼ਾਂ ਨੂੰ ਅਸਫ਼ਲ ਕਰੇਗੀ। ਸ੍ਰੀ ਬਾਦਲ ਨੇ ਕਿਹਾ ਕਿ ਸੰਕਟ ਦੇ ਦੌਰ ਨੇ ਹਮੇਸ਼ਾਂ ਖਾਲਸਾ ਪੰਥ ਨੂੰ ਇਕਜੁੱਟ ਕੀਤਾ ਹੈ। ਲੁਕਵੇਂ ਦੁਸ਼ਮਣ ਹਰਿਆਣੇ ਲਈ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਤੋੜ ਕੇ ਪੰਥ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਾਹਰੀ ਹਮਲੇ ਤੇ ਅੰਦਰੂਨੀ ਜੋੜ ਤੋੜ ਨਾਲ ਲੜਨ ਲਈ ਏਕਤਾ ਸਮੇਂ ਦੀ ਲੋੜ ਹੈ। ਉਨ੍ਹਾਂ ਸਰਨਾ ਨੂੰ ਪੰਥ ਨੂੰ ਇੱਕਜੁਟ ਕਰਨ ਸਬੰਧੀ ਮੁਹਿੰਮ ਦੀ ਅਗਵਾਈ ਕਰਨ ਲਈ ਆਖਿਆ। ਸ੍ਰੀ ਸਰਨਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਾਰਟੀ ਦੀ ਟਿਕਟ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਧੋਖਾ ਦਿੱਤਾ ਹੈ, ਉਨ੍ਹਾਂ ਨੂੰ ਪੰਥ ਦੇ ਨਾਲ-ਨਾਲ ਗੁਰੂ ਸਾਹਿਬ ਤੋਂ ਵੀ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਪਾਰਟੀ ਵਿੱਚ ਵਾਪਸ ਆਉਣਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ।

  ਚੰਡੀਗੜ੍ਹ - ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਚ ਚੱਲ ਰਹੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਗੁਰਦੁਆਰਾ ਸਾਹਿਬ 'ਚ ਹੋਈ ਅਰਦਾਸ ਵਿਚ ਸ਼ਾਮਿਲ ਹੋਏ | ਉਨ੍ਹਾਂ ਨੇ ਵੱਡੀ ਗਿਣਤੀ ਵਿਚ ਮੌਜੂਦ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸੁਪਰੀਮ ਕੋਰਟ ਵਿਚ ਹਰਿਆਣਾ ਵਿਚ ਅਲੱਗ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਕੇਸ ਦੀ ਵਧੀਆ ਤਰੀਕੇ ਨਾਲ ਪੈਰਵੀ ਕੀਤੀ | ਇਸ ਦਾ ਨਤੀਜਾ ਇਹ ਰਿਹਾ ਕਿ ਫੈਸਲਾ ਹਰਿਆਣਾ ਦੀ ਸਿੱਖ ਸੰਗਤ ਦੇ ਪੱਖ 'ਚ ਆਇਆ | ਇਸ ਨਾਲ ਪੰਥ ਨੂੰ ਏਕਤਾ ਅਤੇ ਮਜ਼ਬੂਤੀ ਮਿਲੇਗੀ | ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ 18 ਮਹੀਨਿਆਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਜਾਵੇਗੀ, ਉਦੋਂ ਤੱਕ ਐਡਹਾਕ ਕਮੇਟੀ ਵਿਵਸਥਾ ਦੇਖੇਗੀ | ਚੋਣ ਵਿਚ ਸਮਾਜ ਜਿਸ ਨੂੰ ਚੁਣੇਗਾ ਉਸ ਨੂੰ ਕਮੇਟੀ ਦੀ ਕਮਾਨ ਸੌਂਪ ਦਿੱਤੀ ਜਾਵੇਗੀ, ਇਸ ਵਿਚ ਸਰਕਾਰ ਦੀ ਕੋਈ ਦਖ਼ਲ-ਅੰਦਾਜ਼ੀ ਨਹੀਂ ਹੋਵੇਗੀ ਅਤੇ ਚੋਣ ਤੋਂ ਬਾਅਦ ਐਡਹਾਕ ਕਮੇਟੀ ਆਪਣਾ ਕੰਮਕਾਜ ਨਵੀਂ ਚੁਣੀ ਕਮੇਟੀ ਨੂੰ ਸੁਪਰਦ ਕਰ ਦੇਵੇਗੀ | ਉਨ੍ਹਾਂ ਕਿਹਾ ਕਿ ਪੰਚਕੂਲਾ ਵਿਚ ਐਚ. ਐਸ. ਆਈ. ਡੀ. ਸੀ. ਦਾ ਪਲਾਟ ਨਾਢਾ ਸਾਹਿਬ ਗੁਰਦੁਆਰਾ ਸਾਹਿਬ ਨੂੰ ਦੇਣ ਦੀ ਗੱਲ ਚਲ ਰਹੀ ਹੈ | ਜਲਦ ਹੀ ਇਸ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਤੋਂ ਆਪਣੇ ਹੱਥ 'ਚ ਪ੍ਰਬੰਧ ਦੀ ਤਾਕਤ ਮਿਲੀ ਹੈ ਅਤੇ ਉਸ ਤਾਕਤ ਦਾ ਬਾਖੂਬੀ ਇਸਤੇਮਾਲ ਕਰਦੇ ਹੋਏ ਬਿਨਾਂ ਕਿਸੇ ਭੇਦਭਾਵ ਦੇ ਸਮਾਜ ਹਿਤ ਵਿਚ ਕੰਮ ਕਰਾਂਗੇ | ਮੁੱਖ ਮੰਤਰੀ ਨੇ ਉਮੀਦ ਪ੍ਰਗਟਾਉਂਦੇ ਹੋਏ ਕਿਹਾ ਕਿ ਪੂਰਾ ਸਿੱਖ ਸਮਾਜ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨਾਲ ਇਕਜੁੱਟ ਹੋ ਕੇ ਚੱਲੇਗਾ ਅਤੇ ਸਮਾਜ ਹਿਤ ਵਿਚ ਬਿਹਤਰੀਨ ਕੰਮ ਕਰੇਗਾ | ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਵਲੋਂ ਸਿੱਖ ਸਮਾਜ ਨੂੰ ਪੂਰਾ ਸਹਿਯੋਗ ਮਿਲੇਗਾ ਅਤੇ ਸਾਰੇ ਮਿਲ ਕੇ ਸਮਾਜ ਦਾ ਭਲਾ ਕਰਾਂਗੇ | ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ, ਕਮੇਟੀ ਦੇ ਸੰਸਥਾਪਕ ਮੁਖੀ ਜਗਦੀਸ਼ ਸਿੰਘ ਝੀਂਡਾ, ਹਰਿਆਣਾ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਸਮੇਤ ਹਰਿਆਣਾ ਸਿੱਖ ਸਮਾਜ ਦੀਆਂ ਅਨੇਕਾਂ ਸ਼ਖ਼ਸੀਅਤਾਂ ਮੌਜੂਦ ਸਨ | ਖੱਟਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਜ ਵੀ ਸਰਬਉੱਚ ਸੰਸਥਾ ਹੈ ਪਰ ਜੋ ਅਲੱਗ-ਅਲੱਗ ਜਗ੍ਹਾ ਗੁਰਦੁਆਰਾ ਸਾਹਿਬ ਬਣੇ ਹਨ ਉੱਥੇ ਦੀ ਵਿਵਸਥਾ ਲਈ ਸਥਾਨਕ ਕਮੇਟੀਆਂ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਪ੍ਰਬੰਧ ਦੀ ਵਿਵਸਥਾ ਅਲੱਗ ਬਣਾਉਣ ਨਾਲ ਪੰਥ ਏਕਤਾ ਵਿਚਕਾਰ ਸਾਡੀ ਕੋਈ ਅੜਚਨ ਨਹੀਂ ਆਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਨਾਂਦੇੜ ਸਾਹਿਬ, ਪਟਨਾ ਸਾਹਿਬ ਅਤੇ ਦਿੱਲੀ ਵਿਚ ਅਲੱਗ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣ ਸਕਦੀ ਹੈ ਤਾਂ ਹਰਿਆਣਾ ਵਿਚ ਕਿਉਂ ਨਹੀਂ | ਉਨ੍ਹਾਂ ਕਿਹਾ ਕਿ ਇਹ ਕੇਵਲ ਸ਼ਾਸਨ ਅਤੇ ਪ੍ਰਬੰਧ ਵਿਵਸਥਾ ਲਈ ਹੈ | ਧਾਰਮਿਕ ਵਿਵਸਥਾ ਸੁਪਰੀਮ ਹੈ, ਸਰਕਾਰ ਦੀ ਉਸ ਵਿਚ ਕੋਈ ਦਖ਼ਲ-ਅੰਦਾਜ਼ੀ ਨਹੀਂ ਹੁੰਦੀ |

  ਗੁਰੂਗ੍ਰਾਮ - ਸਮਾਜਵਾਦੀ ਪਾਰਟੀ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਮੁਲਾਇਮ ਸਿੰਘ ਯਾਦਵ (82) ਦਾ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਸਾਬਕਾ ਰੱਖਿਆ ਮੰਤਰੀ ਨੂੰ ਇਥੋਂ ਦੇ ਮੇਦਾਂਤਾ ਹਸਪਤਾਲ ’ਚ 2 ਅਕਤੂਬਰ ਨੂੰ ਆਈਸੀਯੂ ’ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪੁੱਤਰ ਅਖਿਲੇਸ਼ ਯਾਦਵ ਨੇ ਟਵੀਟ ਕਰਕੇ ਦੱਸਿਆ,‘‘ਮੇਰੇ ਪੂਜਨੀਕ ਪਿਤਾ ਅਤੇ ਸਾਰਿਆਂ ਦੇ ਨੇਤਾਜੀ ਨਹੀਂ ਰਹੇ।’’ ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਯੂਪੀ ਦੇ ਇਟਾਵਾ ਜ਼ਿਲ੍ਹੇ ’ਚ ਜੱਦੀ ਸ਼ਹਿਰ ਸੈਫਈ ’ਚ ਕੀਤਾ ਜਾਵੇਗਾ। ਸਮਾਜਵਾਦੀ ਪਾਰਟੀ ਸੁਪਰੀਮੋ ਦੇ ਸਨਮਾਨ ’ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ’ਚ ਤਿੰਨ ਦਿਨ ਦੇ ਸੋਗ ਦਾ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਯਾਦਵ ਦਾ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
  ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਹੋਰ ਆਗੂਆਂ ਨੇ ਮੁਲਾਇਮ ਯਾਦਵ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਸਪਤਾਲ ’ਚ ਅਖਿਲੇਸ਼ ਯਾਦਵ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟਾਇਆ। ਕਾਂਗਰਸ ਆਗੂ ਰਾਜੀਵ ਸ਼ੁਕਲਾ ਅਤੇ ਜਨਤਾ ਦਲ (ਯੂ) ਆਗੂ ਕੇ ਸੀ ਤਿਆਗੀ ਨੇ ਵੀ ਹਸਪਤਾਲ ਦਾ ਦੌਰਾ ਕੀਤਾ। ਸੈਫਈ ਦੇ ਕਿਸਾਨ ਪਰਿਵਾਰ ’ਚ 22 ਨਵੰਬਰ, 1939 ’ਚ ਜਨਮੇ ਮੁਲਾਇਮ ਸਿੰਘ ਯਾਦਵ ਨੇ 1996 ਤੋਂ 1998 ਤੱਕ ਰੱਖਿਆ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ ਸਨ ਜਦਕਿ ਉਹ 1989 ਤੋਂ 91, 1993 ਤੋਂ 95 ਅਤੇ ਫਿਰ 2003 ਤੋਂ 2007 ਤੱਕ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ। ਸਮਾਜਵਾਦੀ ਪਾਰਟੀ ਸੁਪਰੀਮੋ 10 ਵਾਰ ਵਿਧਾਇਕ ਅਤੇ ਸੱਤ ਵਾਰ (ਜ਼ਿਆਦਾਤਰ ਮੈਨਪੁਰੀ ਤੇ ਆਜ਼ਮਗੜ੍ਹ) ਸੰਸਦ ਮੈਂਬਰ ਚੁਣੇ ਗਏ ਸਨ। ਸ੍ਰੀ ਮੁਲਾਇਮ ਸਿੰਘ ਯਾਦਵ ਨੇ ਦੋ ਵਿਆਹ ਕਰਵਾਏ ਸਨ ਅਤੇ ਉਨ੍ਹਾਂ ਦੀਆਂ ਦੋ ਪਤਨੀਆਂ ਮਾਲਤੀ ਦੇਵੀ ਅਤੇ ਸਾਧਨਾ ਗੁਪਤਾ ਸਨ। ਅਖਿਲੇਸ਼ ਉਨ੍ਹਾਂ ਦੀ ਪਹਿਲੀ ਪਤਨੀ ਮਾਲਤੀ ਦੇਵੀ ਤੋਂ ਪੁੱਤਰ ਹੈ। ਉਹ ਕਈ ਦਹਾਕਿਆਂ ਤੱਕ ਕੌਮੀ ਆਗੂ ਵਜੋਂ ਵਿਚਰਦੇ ਰਹੇ ਪਰ ਉੱਤਰ ਪ੍ਰਦੇਸ਼ ਉਨ੍ਹਾਂ ਦਾ ‘ਅਖਾੜਾ’ ਰਿਹਾ ਜਿਥੇ ਮੁਲਾਇਮ ਯਾਦਵ ਨੇ ਛੋਟੇ ਹੁੰਦਿਆਂ ਤੋਂ ਹੀ ਆਪਣੀ ਸਿਆਸਤ ਸ਼ੁਰੂ ਕੀਤੀ ਅਤੇ ਉਹ ਸਮਾਜਵਾਦੀ ਆਗੂਆਂ ਰਾਮ ਮਨੋਹਰ ਲੋਹੀਆ ਅਤੇ ਜੈਪ੍ਰਕਾਸ਼ ਨਾਰਾਇਣ ਦੇ ਵਿਚਾਰਾਂ ਤੋਂ ਪ੍ਰਭਾਵਿਤ ਸਨ।

  ਸ੍ਰੀ ਆਨੰਦਪੁਰ ਸਾਹਿਬ - ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਖ਼ਿਲਾਫ਼ ਤਖਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਸ਼ਾਲ ਰੋਸ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਸਵੇਰੇ ਪਹਿਲਾਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸਮਾਗਮ ਹੋਇਆ, ਜਿੱਥੇ ਸੰਗਤਾਂ ਨੂੰ ਸ੍ਰੀ ਧਾਮੀ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਸਿੱਖਾਂ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਸਿੱਖ ਕੌਮ ਵੱਲੋਂ ਇਕੱਠਿਆਂ ਹੋ ਕੇ ਲੜੀ ਜਾਂਦੀ ਲੜਾਈ ਕਾਰਨ ਇਹ ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਹੁਣ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਪੰਥ ਨੂੰ ਦੋਫਾੜ ਕਰਨ ਦੀ ਕੋਸ਼ਿਸ਼ ਵਜੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਕੋਝੀ ਸਾਜ਼ਿਸ਼ ਕਰ ਕੇ ਸਿੱਖ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
  ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਦੇ ਦੁਆਰ ਬੰਦ ਹੋ ਜਾਣ ਤਾਂ ਗੁਰੂ ਦੇ ਦੁਆਰ ਖੁੱਲ੍ਹ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਵਿਚਾਰ ਰੱਖੇ। ਇਸ ਤੋਂ ਬਾਅਦ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਇਹ ਰੋਸ ਮਾਰਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋ ਗਿਆ। ਰੋਸ ਮਾਰਚ ਵਿਚ ਸ਼ਾਮਲ ਆਗੂਆਂ ਵੱਲੋਂ ਜਿਥੇ ਆਪਣੀਆਂ ਪੱਗਾਂ ਅਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ ਉੱਥੇ ਹੀ ਸੰਗਤਾਂ ਵੱਲੋਂ ਆਪਣੇ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਇਸ ਮੌਕੇ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਪਰਮਜੀਤ ਕੌਰ ਲਾਂਡਰਾ, ਹਰਜਿੰਦਰ ਕੌਰ(ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਸਾਬਕਾ ਵਿਧਾਇਕ ਹਰਵਿੰਦਰ ਸਿੰਘ ਚੰਦੂਮਾਜਰਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਮਦਮੀ ਟਕਸਾਲ ਦੇ ਬੁਲਾਰੇ ਬਾਬਾ ਸੁਖਦੇਵ ਸਿੰਘ, ਬਾਬਾ ਸੁੱਚਾ ਸਿੰਘ, ਗੁਰਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਮੈਨੇਜਰ ਮਲਕੀਅਤ ਸਿੰਘ, ਅਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਸੰਦੀਪ ਸਿੰਘ ਕਲੋਤਾ, ਬੀਬੀ ਕੁਲਵਿੰਦਰ ਕੌਰ, ਮਨਜੀਤ ਸਿੰਘ ਬਾਸੋਵਾਲ, ਠੇਕੇਦਾਰ ਜਰਨੈਲ ਸਿੰਘ, ਸਰਕਲ ਪ੍ਰਧਾਨ ਜਥੇਦਾਰ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਮਟੌਰ ਸਮੇਤ ਬਹੁਤ ਵੱਡੀ ਗਿਣਤੀ ਅਕਾਲੀ ਆਗੂ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
  ਬਠਿੰਡਾ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਬਠਿੰਡਾ ਹਲਕੇ ਦੇ ਆਸ ਪਾਸ ਦੇ ਵੱਡੀ ਗਿਣਤੀ ਵਿਚ ਜਥੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਵਰਕਰ ਤਖ਼ਤ ਦਮਦਮਾ ਸਾਹਿਬ ਪੁੱਜੇ। ਖਾਲਸਾ ਰੋਸ ਮਾਰਚ ਤਖ਼ਤ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋਇਆ।

  ਚਮਕੌਰ ਸਾਹਿਬ - ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਾ ਫੜੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ਮਾਨ ਵੱਲੋਂ ਇੱਥੋਂ ਦੇ ਬਾਜ਼ਾਰਾਂ ਵਿੱਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਦੀ ਅਗਵਾਈ ਹੇਠ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਸੰਤੋਖਗੜ੍ਹ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਲੰਮੇ ਸਮੇਂ ਤੋਂ ਬੰਦੀ ਬਣਾ ਕੇ ਰੱਖਿਆ ਹੋਇਆ ਹੈ ਜਿਨ੍ਹਾਂ ਨੂੰ ਸਰਕਾਰ ਵੱਲੋਂ ਨਜ਼ਰ ਅੰਦਾਜ਼ ਕਰ ਕੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com