


ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ-2014 ਨੂੰ ਮਾਨਤਾ ਦੇਣ ਦੇ ਫ਼ੈਸਲੇ ਨੂੰ ਪੰਥ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੇ ਸਿੱਖਾਂ ਵਿੱਚ ਰੋਸ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ, ਜੋ ਅੰਤਰਰਾਜੀ ਸੰਸਥਾ ਹੈ, ਨੂੰ ਇਕ ਸੂਬਾਈ ਕਾਨੂੰਨ ਦੇ ਆਧਾਰ ’ਤੇ ਵੰਡਿਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ’ਤੇ ਕਾਨੂੰਨ ਬਣਾਉਣ ਦੀ ਤਾਕਤ ਸਿਰਫ਼ ਕੇਂਦਰ ਦੇ ਹੱਥ ਹੈ। ਸ੍ਰੀ ਸੁਖਬੀਰ ਨੇ ਕਿਹਾ ਕਿ ਕਾਂਗਰਸ ਦਹਾਕਿਆਂ ਤੋਂ ਅਕਾਲੀ ਦਲ ਦੇ ਨਾਲ-ਨਾਲ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਲੱਗੀ ਹੈ। 2014 ਦੇ ਐਕਟ ਰਾਹੀਂ ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦਾ ਗਠਨ ਕਰਨਾ, ਇਸੇ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਕੇਸ ਵਿਚ ਸੁਪਰੀਮ ਕੋਰਟ ਵਿੱਚ ਸ਼੍ਰੋਮਣੀ ਕਮੇਟੀ ਦੇ ਉਲਟ ਸਟੈਂਡ ਲਿਆ। ਉਨ੍ਹਾਂ ਕਿਹਾ ਕਿ ਤਾਬੂਤ ਵਿੱਚ ਆਖ਼ਰੀ ਕਿੱਲ ਗੱਡਣ ਦਾ ਕੰਮ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਜਿਨ੍ਹਾਂ ਦੇ ਐਡਵੋਕੇਟ ਜਨਰਲ ਨੇ ਅਦਾਲਤ ਵਿੱਚ ਕੇਸ ’ਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਲਿਖਤੀ ਹਲਫ਼ਨਾਮਾ ਦਾਇਰ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੌ ਸਾਲ ਪੁਰਾਣੇ ਐਕਟ ਨਾਲ ਛੇੜਛਾੜ ਬਰਦਾਸ਼ਤ ਨਹੀਂ ਕਰੇਗਾ। ਇਸ ਸਬੰਧੀ ਰਣਨੀਤੀ ਲਈ ਪਾਰਟੀ ਨੇ ਸੀਨੀਅਰ ਆਗੂਆਂ ਦੀ ਮੀਟਿੰਗ ਸੱਦੀ ਹੈ। ਉਨ੍ਹਾਂ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਿੱਖਾਂ ਨੂੰ ਵੰਡਣ ਦੀ ਇਸ ਸਾਜ਼ਿਸ਼ ਖ਼ਿਲਾਫ਼ ਇਕਜੁੱਟ ਹੋਣ।
ਸ੍ਰੀ ਬਾਦਲ ਨੇ ਕਿਹਾ ਕਿ ਦੇਸ਼ ਵਿਚ ਪਹਿਲਾਂ ਲੋਕਾਂ ਨੇ ਵੇਖਿਆ ਕਿ ਕਿਵੇਂ ਚੁਣੀ ਹੋਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਰੂਪ ਰਾਤੋ-ਰਾਤ ਬਦਲ ਕੇ ਇਸ ’ਤੇ ਕਬਜ਼ਾ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਦਰਿਆਈ ਪਾਣੀ ਖੋਹਣ ਸਣੇ ਬਿਨਾਂ ਰਾਜਧਾਨੀ ਸ਼ਹਿਰ ਚੰਡੀਗੜ੍ਹ ਤੋਂ ਵਿਚਰਨ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ ਨਾਲ ਸ਼੍ਰੋਮਣੀ ਕਮੇਟੀ ਨੂੰ ਛੋਟਾ ਕੀਤਾ ਜਾ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਜਰਮਨੀ ਘਟਨਾ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀਆਂ ਕਾਰਵਾਈਆਂ ਨੇ ਪੰਜਾਬ ਤੇ ਪੰਜਾਬੀਆਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਹਾਜ਼ ’ਚ ਸਵਾਰ ਉਦਯੋਗਪਤੀ ਤੇ ਹੋਟਲ ਮਾਲਕ ਅਨੁਸਾਰ ਭਗਵੰਤ ਮਾਨ ਹਵਾਈ ਜਹਾਜ਼ ਵਿਚ ਦਾਖ਼ਲ ਹੋਣ ਮੌਕੇ ਪਹਿਲੀ ਸੀਟ ’ਤੇ ਡਿੱਗ ਪਏ ਸਨ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਏਅਰਲਾਈਨ ਨੇ ਪ੍ਰਾਈਵੇਸੀ ਕਾਨੂੰਨਾਂ ਦਾ ਹਵਾਲਾ ਦੇ ਕੇ ਘਟਨਾ ਦੀ ਜਾਣਕਾਰੀ ਦੇਣ ਤੋਂ ਨਾਂਹ ਕਰ ਦਿੱਤੀ। ਸ੍ਰੀ ਬਾਦਲ ਨੇ ਜਾਂਚ ਦੀ ਮੰਗ ਕਰਦਿਆਂ ਰਾਜਪਾਲ ਤੋਂ ਮੰਗ ਕੀਤੀ ਕਿ ਭਗਵੰਤ ਮਾਨ ਨੂੰ ਬਰਖ਼ਾਸਤ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਬੀਐਮਡਬਲਿਊ ਵੱਲੋਂ ਪੰਜਾਬ ਵਿਚ ਕਾਰ ਕਾਰਖਾਨਾ ਲਾਉਣ ਦੇ ਦਾਅਵੇ ਲੀਰੋ-ਲੀਰ ਹੋ ਗਏ ਹਨ।
ਵਾਸ਼ਿੰਗਟਨ - ਵਿਸ਼ਵ ਬੈਂਕ ਦੇ ਬੋਰਡ ਆਫ ਡਾਇਰੈਕਟਰਾਂ ਨੇ ਪੰਜਾਬ ਲਈ 15 ਕਰੋੜ ਅਮਰੀਕੀ ਡਾਲਰ (ਕਰੀਬ 1195 ਕਰੋੜ ਰੁਪਏ) ਦਾ ਕਰਜ਼ਾ ਮਨਜ਼ੂਰ ਕੀਤਾ ਹੈ। ਸੂਬੇ ਨੂੰ ਇਹ ਕਰਜ਼ਾ ਇਸ ਦੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਤੇ ਜਨਤਕ ਸੇਵਾਵਾਂ ਤੱਕ ਪਹੁੰਚ ਬਿਹਤਰ ਬਣਾਉਣ ਲਈ ਦਿੱਤਾ ਗਿਆ ਹੈ। ਕੌਮਾਂਤਰੀ ਵਿੱਤੀ ਸੰਸਥਾ, ਨੇ ਇਕ ਬਿਆਨ ਵਿਚ ਕਿਹਾ ਕਿ ਬੈਂਕ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਸੰਸਥਾਗਤ ਸਮਰੱਥਾ ਨੂੰ ਮਜ਼ਬੂਤ ਕਰਨ ਵਿਚ ਰਾਜ ਵੱਲੋਂ ਕੀਤੇ ਜਾ ਰਹੇ ਯਤਨਾਂ ਵਿਚ ਸਹਾਈ ਹੋਵੇਗੀ। ਇਸ ਤੋਂ ਇਲਾਵਾ ਵਿੱਤੀ ਜੋਖ਼ਮਾਂ ਨਾਲ ਨਜਿੱਠਣ ਤੇ ਸੋਚ-ਵਿਚਾਰ ਕੇ ਨੀਤੀਆਂ ਦੀ ਚੋਣ ਵਿਚ ਵੀ ਮਦਦ ਕਰੇਗੀ ਤਾਂ ਕਿ ਟਿਕਾਊ ਵਿਕਾਸ ਵੱਲ ਵਧਿਆ ਜਾ ਸਕੇ। ਇਕ ਬਿਆਨ ਵਿਚ ਵਿਸ਼ਵ ਬੈਂਕ ਨੇ ਕਿਹਾ, ‘ਪੰਜਾਬ ਦਾ ਵਿਕਾਸ ਸਮਰੱਥਾ ਮੁਤਾਬਕ ਨਹੀਂ ਹੈ। ਵਿੱਤੀ ਚੁਣੌਤੀਆਂ ਤੇ ਸੀਮਤ ਸੰਸਥਾਗਤ ਸਮਰੱਥਾ ਦਾ ਮਤਲਬ ਹੈ ਕਿ ਤਰਜੀਹੀ ਵਿਕਾਸ ’ਤੇ ਸਰੋਤਾਂ ਦੀ ਘਾਟ ਭਾਰੂ ਪੈ ਰਹੀ ਹੈ।’ ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟ ਰਾਜ ਦੀ ਵਿਕਾਸ ਦੇ ਟੀਚਿਆਂ ਦੀ ਪ੍ਰਾਪਤੀ ਵਿਚ ਮਦਦ ਕਰਨਗੇ। ਅਜਿਹਾ ਯੋਜਨਾਬੰਦੀ, ਬਜਟ ਤੇ ਨਿਗਰਾਨੀ ਰਾਹੀਂ ਕੀਤਾ ਜਾ ਸਕਦਾ ਹੈ। ਵਿਸ਼ਵ ਬੈਂਕ ਨੇ ਡਿਜੀਟਲ ਤਕਨੀਕ ਦੀ ਵਰਤੋਂ, ਸਰਕਾਰੀ ਖ਼ਰੀਦ ਢਾਂਚੇ ’ਚ ਜ਼ਿੰਮੇਵਾਰੀ ਤੈਅ ਕਰਨ ਦਾ ਵੀ ਜ਼ਿਕਰ ਕੀਤਾ ਹੈ। ਭਾਰਤ ਵਿਚ ਵਿਸ਼ਵ ਬੈਂਕ ਦੇ ਡਾਇਰੈਕਟਰ ਅਗਸਟੇ ਟਾਨੋ ਕੁਆਮੇ ਨੇ ਕਿਹਾ ਕਿ ਇਹ ਨਵਾਂ ਪ੍ਰਾਜੈਕਟ ਰਾਜ ਦੀ ਨਵੀਂ ਡੇਟਾ ਨੀਤੀ, ਜਿਸ ਦਾ ਮੰਤਵ ਵੱਖ-ਵੱਖ ਸਮਾਜਿਕ ਸੁਰੱਖਿਆ ਉੱਦਮਾਂ ਨੂੰ ਇਕੱਠੇ ਕਰਨਾ ਹੈ ਤੇ ਸੰਭਾਵੀ ਲੀਕੇਜ ਨੂੰ ਘਟਾਉਣਾ ਹੈ, ਨੂੰ ਲਾਗੂ ਕਰਨ ਵਿਚ ਮਦਦ ਕਰੇਗਾ। ਇਸ ਪ੍ਰਾਜੈਕਟ ਤਹਿਤ ਦੋ ਉੱਦਮ ਕੀਤੇ ਜਾਣਗੇ। ਸੇਵਾਵਾਂ ਤੱਕ ਪਹੁੰਚ ਬਿਹਤਰ ਕਰਨ ਲਈ ਨਗਰ ਨਿਗਮਾਂ ਨੂੰ ਕਾਰਗੁਜ਼ਾਰੀ ਦੇ ਅਧਾਰ ’ਤੇ ਗਰਾਂਟਾਂ ਦਿੱਤੀਆਂ ਜਾਣਗੀਆਂ।
ਦੂਜੇ ਉੱਦਮ ਤਹਿਤ ਅੰਮ੍ਰਿਤਸਰ ਤੇ ਲੁਧਿਆਣਾ ਦੇ ਚੋਣਵੇਂ ਇਲਾਕਿਆਂ ਵਿਚ ਚੌਵੀ ਘੰਟੇ ਜਲ ਸਪਲਾਈ ਯਕੀਨੀ ਬਣਾਈ ਜਾਵੇਗੀ। ਪਾਣੀ ਦੀ ਲੀਕੇਜ ਘਟਾਉਣ ਲਈ ਯਤਨ ਹੋਣਗੇ। ਵਿਸ਼ਵ ਬੈਂਕ ਨੇ ਬਿਆਨ ਵਿਚ ਕਿਹਾ ਕਿ 15 ਕਰੋੜ ਡਾਲਰ ਦੇ ਕਰਜ਼ੇ ਦੀ ਮਿਆਦ 15 ਸਾਲ ਹੋਵੇਗੀ ਤੇ ਛੇ ਮਹੀਨਿਆਂ ਦਾ ਗਰੇਸ ਪੀਰੀਅਡ ਹੋਵੇਗਾ।
ਨਵੀਂ ਦਿੱਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਇੱਥੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦਾ ਹੋਰ ਕੋਈ ਸੀਨੀਅਰ ਨੇਤਾ ਹਾਜ਼ਰ ਨਹੀਂ ਸੀ ਹਾਲਾਂਕਿ ਪਹਿਲਾਂ ਇਹ ਕਿਹਾ ਗਿਆ ਸੀ ਕਿ ਉਹ ਭਾਜਪਾ ਦੇ ਵੱਡੇ ਨੇਤਾਵਾਂ ਦੀ ਹਾਜ਼ਰੀ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਣਗੇ।
ਇਸ ਤੋਂ ਪਹਿਲਾਂ ਇਸ ਸਬੰਧੀ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਂ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਹਾਲਾਂਕਿ, ਦੋਹਾਂ ਵਿਚਾਲੇ ਹੋਈ ਮੀਟਿੰਗ ਦੇ ਵੇਰਵੇ ਪ੍ਰਾਪਤ ਨਹੀਂ ਹੋ ਸਕੇ ਹਨ। ਭਾਜਪਾ ’ਚ ਸ਼ਾਮਲ ਹੋਣ ਦੌਰਾਨ ਕੈਪਟਨ ਅਮਰਿੰਦਰ ਵੱਲੋਂ ਹਾਲ ਹੀ ਵਿੱਚ ਆਪਣੀ ਨਵੀਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਆਵਾਲ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੋਮਵਾਰ ਨੂੰ ਭਾਜਪਾ ’ਚ ਸ਼ਾਮਲ ਹੋਣਗੇ।
ਐੱਸਏਐੱਸ ਨਗਰ - ਚੰਡੀਗੜ੍ਹ ਯੂਨੀਵਰਸਿਟੀ ਦੀਆਂ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕੀਤੇ ਜਾਣ ਦੇ ਦੋਸ਼ਾਂ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਉਣ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮਹਿਲਾ ਅਧਿਕਾਰੀਆਂ ਦੀ ਇਕ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਇਸ ਟੀਮ ਦੀ ਅਗਵਾਈ ਸੀਨੀਅਰ ਆਈਪੀਐੱਸ ਅਧਿਕਾਰੀ ਗੁਰਪ੍ਰੀਤ ਦਿਓ ਕਰਨਗੇ। ਉੱਧਰ, ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਭਰੋਸਾ ਦਿਵਾਏ ਜਾਣ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਪ੍ਰਦਰਸ਼ਨ ਖ਼ਤਮ ਕਰ ਦਿੱਤਾ। ਪ੍ਰਦਰਸ਼ਨ ਖ਼ਤਮ ਹੋਣ ਤੋਂ ਬਾਅਦ ਵਿਦਿਆਰਥਣਾਂ ਆਪੋ ਆਪਣੇ ਮਾਪਿਆਂ ਨਾਲ ਹੋਸਟਲ ਛੱਡ ਕੇ ਘਰਾਂ ਲਈ ਰਵਾਨਾ ਹੋ ਗਈਆਂ। ਇਸੇ ਦੌਰਾਨ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਅਦਾਲਤ ਨੇ ਮੁਲਜ਼ਮਾਂ ਨੂੰ ਸੱਤ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਦੋ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਨੇ ਲਾਪ੍ਰਵਾਹੀ ਦੇ ਦੋਸ਼ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਅਤੇ 24 ਸਤੰਬਰ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਹੋਸਟਲ ਦੇ ਸਮੇਂ ਤੇ ਵਿਦਿਆਰਥੀਆਂ ਦੀਆਂ ਹੋਰ ਮੰਗਾਂ ਸਬੰਧੀ ਮਾਮਲਿਆਂ ਨੂੰ ਸੁਲਝਾਉਣ ਲਈ ਵਿਦਿਆਰਥੀਆਂ ਤੇ ਸੀਨੀਅਰ ਅਹੁਦੇਦਾਰਾਂ ਦੀ ਇਕ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ, ‘‘ਵਿਦਿਆਰਥੀਆਂ ਨੇ ਐਤਵਾਰ ਦੇਰ ਰਾਤ ਕਰੀਬ 1.30 ਵਜੇ ਪ੍ਰਦਰਸ਼ਨ ਖ਼ਤਮ ਕਰ ਦਿੱਤਾ।’’ ਯੂਨੀਵਰਸਿਟੀ ਨੇ ਟਵੀਟ ਕੀਤਾ, ‘‘ਅਸੀਂ ਹਮੇਸ਼ਾ ਆਪਣੇ ਵਿਦਿਆਰਥੀਆਂ ਨਾਲ ਹਾਂ, ਭਾਵੇਂ ਕਿ ਉਨ੍ਹਾਂ ਦੀਆਂ ਅਕਾਦਮਿਕ ਇੱਛਾਵਾਂ ਦੀ ਗੱਲ ਹੋਵੇ ਜਾਂ ਉਨ੍ਹਾਂ ਦੀ ਸੁਰੱਖਿਆ ਜਾਂ ਭਲਾਈ ਦਾ ਮਾਮਲਾ ਹੋਵੇ। ਅਸੀਂ ਆਪਣੇ ਵਿਦਿਆਰਥੀਆਂ ਪ੍ਰਤੀ ਆਪਣੀ ਇਸ ਵਚਨਬੱਧਤਾ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।’’
ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਹੁਣ ਤਕ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਕਾਰਜ ਖੇਤਰ ਆਦਿ ਬਾਰੇ ਨਿਯਮ ਤਿਆਰ ਕਰਨ ਵਿੱਚ ਅਸਫ਼ਲ ਰਹੀ ਹੈ। ਇਹ ਨਿਯਮ ਤਿਆਰ ਕਰਨ ਦੀ ਮੰਗ ਮੁੜ ਉੱਭਰੀ ਹੈ। ਇਸ ਵਾਰ ਇਹ ਮੰਗ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਇਹ ਮੁੱਦਾ ਸ੍ਰੀ ਅਕਾਲ ਤਖ਼ਤ ਵਿਖੇ ਇਕ ਸਮਾਗਮ ਦੌਰਾਨ ਉਭਾਰਿਆ ਅਤੇ ਉਸ ਵੇਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉੱਥੇ ਹਾਜ਼ਰ ਸਨ। ਉਨ੍ਹਾਂ ਐਡਵੋਕੇਟ ਧਾਮੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੁਣ ਤੱਕ ਇਹ ਨਿਯਮ ਕਿਉਂ ਨਹੀਂ ਬਣਾ ਸਕੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰਾਂ ਲਈ ਨਿਯਮ ਹੋਣੇ ਚਾਹੀਦੇ ਹਨ। ਉਂਜ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਆਪਣੇ ਪੱਧਰ ’ਤੇ ਸਿੱਖ ਵਿਦਵਾਨਾਂ ਦੀ ਰਾਏ ਨਾਲ ਤਖ਼ਤਾਂ ਦੇ ਜਥੇਦਾਰਾਂ ਦੀ ਸੇਵਾ ਲਈ ਨਿਯਮਾਂ ਦਾ ਇਕ ਖਰੜਾ ਤਿਆਰ ਕੀਤਾ ਸੀ ਜੋ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਗਿਆ ਸੀ ਪਰ ਇਸ ਮਾਮਲੇ ਵਿੱਚ ਅਗਾਂਹ ਕੋਈ ਕਾਰਵਾਈ ਨਹੀਂ ਹੋਈ। ਜਥੇਦਾਰਾਂ ਦੀ ਨਿਯੁਕਤੀ ਅਤੇ ਹੋਰ ਅਧਿਕਾਰਾਂ ਆਦਿ ਬਾਰੇ ਕੋਈ ਨਿਯਮ ਨਾ ਹੋਣ ਕਾਰਨ ਕਈ ਵਾਰ ਤਖ਼ਤਾਂ ਦੇ ਜਥੇਦਾਰਾਂ ਨੂੰ ਗੈਰਜਮਹੂਰੀ ਤਰੀਕੇ ਨਾਲ ਹਟਾਇਆ ਗਿਆ ਹੈ। ਹਾਲ ਹੀ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 1999 ਵਿਚ ਭਾਈ ਰਣਜੀਤ ਸਿੰਘ, 2000 ਵਿੱਚ ਗਿਆਨੀ ਪੂਰਨ ਸਿੰਘ, 2008 ਵਿਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, 2015 ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਤੇ 2017 ਵਿੱਚ ਇਸੇ ਤਖ਼ਤ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਗੈਰਜਮਹੂਰੀ ਤਰੀਕੇ ਨਾਲ ਹਟਾਇਆ ਗਿਆ ਸੀ। ਇਹ ਮੁੱਦਾ ਸਾਬਕਾ ਜਥੇਦਾਰ ਮਰਹੂਮ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵੱਲੋਂ ਵੀ ਉਭਾਰਿਆ ਗਿਆ ਸੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਇਹ ਨਿਯਮ ਬਣਾਉਣ ਵਾਸਤੇ 2015 ਵਿੱਚ ਸਿੱਖ ਵਿਦਵਾਨਾਂ ਦੀ ਇੱਕ ਕਮੇਟੀ ਦਾ ਗਠਨ ਵੀ ਕੀਤਾ ਸੀ। ਕਮੇਟੀ ਦੀ ਸਿਰਫ਼ ਇੱਕ ਮੀਟਿੰਗ ਹੋਈ ਸੀ ਅਤੇ ਉਸ ਤੋਂ ਬਾਅਦ ਇਹ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ।
ਜਲੰਧਰ - ਪਿੰਡ ਬੁੱਟਰਾਂ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਦੇਸ਼ ਦੀ ਵੰਡ ਵੇਲੇ ਤੋਂ ਸਾਂਭੀ ਹੱਥ ਲਿਖਤ ਕੁਰਾਨ ਸ਼ਰੀਫ਼ ਜਲੰਧਰ ਦੀ ਸਭ ਤੋਂ ਵੱਡੀ ਮਸਜਿਦ ਇਮਾਮ ਨਾਸਿਰ ਦੇ ਪ੍ਰਬੰਧਕਾਂ ਨੂੰ ਸੌਂਪ ਦਿੱਤੀ ਹੈ। ਗੁਰਦੁਆਰਾ ਸਿੰਘ ਸਭਾ ਬੁੱਟਰਾਂ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਗ੍ਰੰਥੀ ਗੁਰਮੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬਜ਼ੁਰਗ ਦੱਸਦੇ ਸਨ ਕਿ ਪਿੰਡ ਵਿੱਚ ਮੁਸਲਿਮ ਪਰਿਵਾਰ ਰਹਿੰਦਾ ਸੀ। ਦੇਸ਼ ਦੀ ਵੰਡ ਵੇਲੇ ਇਹ ਪਰਿਵਾਰ ਇੱਥੋਂ ਪਾਕਿਸਤਾਨ ਚਲਾ ਗਿਆ ਅਤੇ ਜਾਣ ਤੋਂ ਪਹਿਲਾਂ ਉਹ ਗੁਰੂ ਘਰ ਵਿੱਚ ਕੁਰਾਨ ਸ਼ਰੀਫ਼ ਰੱਖ ਗਏ ਸਨ। ਮਸਜਿਦ ਇਮਾਮ ਨਾਸਿਰ ਤੋਂ ਆਏ ਪ੍ਰਬੰਧਕਾਂ ਮਸਜਿਦ ਇਮਾਮ ਨਾਸਿਰ ਤੋਂ ਮੌਲਾਨਾ ਅਦਨਾਨ ਜਮਾਈ, ਮੌਲਾਨਾ ਸ਼ਮਸ਼ਾਦ, ਮੁਹੰਮਦ ਕਲੀਮ ਸਿੱਦੀਕੀ ਨੇ ਦੱਸਿਆ ਕਿ ਇਹ ਹੱਥ ਲਿਖਤ ਕੁਰਾਨ ਸ਼ਾਰੀਫ 1938 ਵਿੱਚ ਲਾਹੌਰ ’ਚ ਤਿਆਰ ਕੀਤੀ ਗਈ ਸੀ। ਅਜੇ ਵੀ ਇਸ ਪੁਰਾਤਨ ਕੁਰਾਨ ਸ਼ਰੀਫ ਦੇ ਵਰਕੇ ਸੁਰੱਖਿਅਤ ਹਨ। ਗ੍ਰੰਥੀ ਸਿੰਘ ਨੇ ਦੱਸਿਆ ਕਿ ਗੁਰੂ ਘਰ ਵਿੱਚ ਪਵਿੱਤਰ ਕੁਰਾਨ ਸ਼ਰੀਫ਼ ਨੂੰ ਪੂਰੀ ਸ਼ਾਨ ਨਾਲ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਿੰਡ ਦੀ ਅਗਲੀ ਪੀੜ੍ਹੀ ਉਰਦੂ ਅਤੇ ਫਾਰਸੀ ਤੋਂ ਜਾਣੂ ਨਹੀਂ ਹੈ। ਇਸ ਲਈ ਉਨ੍ਹਾਂ ਨੇ ਕੁਰਾਨ ਸ਼ਰੀਫ ਨੂੰ ਮਸਜਿਦ ਇਮਾਮ ਨਾਸਿਰ ਨੂੰ ਸੌਂਪਣ ਦਾ ਫ਼ੈਸਲਾ ਕੀਤਾ।
ਫ਼ਰੀਦਕੋਟ - ਇੱਥੋਂ ਦੀ ਜਰਮਨ ਕਲੋਨੀ ਦੇ ਗੁਰਦੁਆਰੇ ਵਿੱਚ ਅੱਜ ਅੱਸੂ ਦੀ ਸੰਗਰਾਂਦ ਸਬੰਧੀ ਧਾਰਮਿਕ ਸਮਾਗਮ ਦੀ ਸਮਾਪਤੀ ਮਗਰੋਂ ਦੋ ਧੜਿਆਂ ਦਰਮਿਆਨ ਝੜਪ ਹੋ ਗਈ ਤੇ ਇਸ ਮੌਕੇ ਕਿਰਪਾਨਾਂ ਵੀ ਚੱਲੀਆਂ। ਜਾਣਕਾਰੀ ਅਨੁਸਾਰ, ਬੰਸਾ ਸਿੰਘ ਨਾਮ ਦੇ ਵਿਅਕਤੀ ਨੇ ਗੁਰਦੁਆਰੇ ਦਾ ਕਥਿਤ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ। ਗੁਰਦੁਆਰੇ ਦੇ ਮੌਜੂਦਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਬੰਸਾ ਸਿੰਘ ਆਪਣੇ ਨਾਲ ਕੁਝ ਵਿਅਕਤੀਆਂ ਨੂੰ ਲੈ ਕੇ ਆਇਆ ਸੀ, ਜਿਸ ਨੇ ਸੰਗਤ ’ਤੇ ਕਥਿਤ ਹਮਲਾ ਕਰ ਦਿੱਤਾ। ਇਸ ਘਟਨਾ ਦੀ ਚਸ਼ਮਦੀਦ ਗੁਰਦੇਵ ਕੌਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਈ ਲੜਾਈ ਦੌਰਾਨ ਪੱਗਾਂ ਲੱਥ ਗਈਆਂ। ਘਟਨਾ ਵਿੱਚ ਨਰਿੰਦਰ ਸਿੰਘ ਤੇ ਪ੍ਰਭਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਿਟੀ ਪੁਲੀਸ ਫ਼ਰੀਦਕੋਟ ਨੇ ਇਸ ਮਾਮਲੇ ਸਬੰਧੀ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਥਾਣਾ ਸਿਟੀ ਫ਼ਰੀਦਕੋਟ ਦੇ ਐੱਸਐੱਚਓ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਹਰਬੰਸ ਸਿੰਘ, ਠਾਣਾ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਅਮਰਜੋਤ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ ਅਤੇ ਅਮਰਜੀਤ ਸਿੰਘ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 295, 506, 324, 323, 148, 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਇਕ ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਨੇ ਵੀ ਘਟਨਾ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹੀ ਘਟਨਾ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਗੁਰੂ ਘਰਾਂ ਵਿੱਚ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹਵਾਲੇ ਨਾਲ ਉਨ੍ਹਾਂ ਦੇ ਓਐੱਸਡੀ ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਵਾਸਤੇ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਜੋ ਭਲਕੇ ਘਟਨਾ ਸਥਾਨ ’ਤੇ ਪੁੱਜੇਗੀ।
ਲੰਡਨ - ਬਰਤਾਨੀਆ ਦੇ ਨਵੇਂ ਬਣੇ ਮਹਾਰਾਜਾ ਚਾਰਲਸ ਤੀਜੇ ਨੇ ਬਰਤਾਨੀਆ ਦੇ ਨਵੇਂ ਸ਼ਾਸਕ ਵਜੋਂ ਦੇਸ਼ ਦੀ ਧਾਰਮਿਕ ਵਿਭਿੰਨਤਾ ਅਤੇ ਰਾਸ਼ਟਰਮੰਡਲ 'ਚ ਵੱਖ-ਵੱਖ ਭਾਈਚਾਰਿਆਂ ਦੀ ਪ੍ਰਭੂਸੱਤਾ ਦੀ ਰਾਖੀ ਕਰਨ ਦਾ 'ਫਰਜ਼' ਨਿਭਾਉਣ ਦਾ ਵਾਅਦਾ ਕੀਤਾ ਹੈ | ਸ਼ੁੱਕਰਵਾਰ ਸ਼ਾਮ ਨੂੰ ਬਕਿੰਘਮ ਪੈਲੇਸ ਦੇ ਬੋ ਰੂਮ 'ਚ ਵੱਖ-ਵੱਖ ਧਰਮਾਂ ਅਤੇ ਸੰਪਰਦਾਵਾਂ ਦੇ ਨੇਤਾਵਾਂ ਦੇ ਇਕ ਸਮੂਹ ਨੂੰ ਸੰਬੋਧਨ ਕਰਦੇ ਹੋਏ ਚਾਰਲਸ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਵਿਚਾਰ ਰਿਹਾ ਹੈ ਕਿ ਬਿ੍ਟੇਨ 'ਵੱਖ-ਵੱਖ ਭਾਈਚਾਰਿਆਂ ਦਾ ਭਾਈਚਾਰਾ ਹੈ | ਮਰਹੂਮ ਮਹਾਰਾਣੀ ਐਲਿਜ਼ਾਬੈਥ ਦੂਜੀ ਦਾ ਤਾਬੂਤ ਵੈਸਟਮਿੰਸਟਰ ਹਾਲ ਦੀ ਅੰਤਿਮ ਯਾਤਰਾ ਤੋਂ ਪਹਿਲਾਂ ਇਸੇ ਚੈਂਬਰ 'ਚ ਰੱਖਿਆ ਗਿਆ ਸੀ | ਐਂਗਲੋ-ਈਸਾਈ ਸੰਪਰਦਾ ਲਈ ਵਚਨਬੱਧ, ਚਾਰਲਸ ਨੇ ਕਿਹਾ ਕਿ ਉਹ ਸਾਰੇ ਧਰਮਾਂ ਦੀ ਰੱਖਿਆ ਕਰਨ ਅਤੇ ਆਪਣੀ ਪਿਆਰੀ ਮਾਂ ਦੁਆਰਾ ਰੱਖੀ ਗਈ ਨੀਂਹ ਨੂੰ ਮਜ਼ਬੂਤ ਕਰਨ 'ਚ ਵਿਸ਼ਵਾਸ ਰੱਖਦੇ ਹਨ | ਇਸ ਮੌਕੇ ਵੱਖ-ਵੱਖ ਧਰਮਾਂ ਅਤੇ ਸੰਪਰਦਾਵਾਂ ਦੇ ਲਗਭਗ 30 ਨੇਤਾ ਹਾਜ਼ਰ ਸਨ | ਜਿਨ੍ਹਾਂ ਨੂੰ ਸੰਬੋਧਨ ਕਰਦੇ ਹੋਏ ਮਹਾਰਾਜਾ ਚਾਰਲਸ ਨੇ ਕਿਹਾ, ਬਿ੍ਟੇਨ ਬਾਰੇ ਮੇਰਾ ਨਜ਼ਰੀਆ ਹਮੇਸ਼ਾ ਇਹ ਰਿਹਾ ਹੈ ਕਿ ਇਹ ਭਾਈਚਾਰਿਆਂ ਦਾ ਇਕ ਭਾਈਚਾਰਾ ਹੈ | ਇਸ ਮੌਕੇ ਲਾਰਡ ਇੰਦਰਜੀਤ ਸਿੰਘ ਵੀ ਹਾਜ਼ਰ ਸਨ |
ਚੰਡੀਗੜ੍ਹ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇ ਰਾਜਸੀ ਪਹੁੰਚ ਦੀ ਨੀਤੀ ਦੇ ਨਾਲ-ਨਾਲ ਕਾਨੂੰਨੀ ਲੜਾਈ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਨਾਲ ਇਸ ਮੁੱਦੇ ’ਤੇ ਵਿਸ਼ੇਸ਼ ਮੀਟਿੰਗ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਕੌਮ ਦਾ ਸਭ ਤੋਂ ਅਹਿਮ ਮਾਮਲਾ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਕਾਨੂੰਨੀ ਮਾਹਰਾਂ ਨੇ ਬੈਠਕ ਦੌਰਾਨ ਅਹਿਮ ਸੁਝਾਅ ਦਿੱਤੇ ਹਨ, ਜਿਸ ਤਹਿਤ ਕਾਨੂੰਨੀ ਲੜਾਈ ਅੱਗੇ ਵਧਾਈ ਜਾਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਭਾਵੇਂ ਪਹਿਲਾਂ ਹੀ ਬੰਦੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਪਰ ਹੁਣ ਵੱਖ-ਵੱਖ ਕਾਨੂੰਨੀ ਪਹਿਲੂਆਂ ਦੇ ਮੱਦੇਨਜ਼ਰ ਸਮੂਹਕ ਤੌਰ ’ਤੇ ਸਿੱਖ ਬੰਦੀਆਂ ਦਾ ਕੇਸ ਰੱਖਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ’ਚ ਬਿਹਤਰੀਨ ਸੁਝਾਅ ਪ੍ਰਾਪਤ ਹੋਏ ਹਨ ਤੇ ਆਉਂਦੇ ਦਿਨਾਂ ਵਿੱਚ ਇਕੱਤਰਤਾ ਮੁੜ ਬੁਲਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਲੰਬੇ ਅਰਸੇ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਤੋਂ ਇਲਾਵਾ ਮੌਜੂਦਾ ਸਮਿਆਂ ਦੌਰਾਨ ਕਈ ਕੇਸਾਂ ’ਚ ਫਸਾਏ ਗਏ ਸਿੱਖ ਨੌਜਆਨਾਂ ਨੂੰ ਛੁਡਾਉਣ ਲਈ ਵੀ ਯਤਨ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਬੰਦੀ ਸਿੰਘਾਂ ਦੇ ਵਿਰੋਧ ਵਿੱਚ ਭੁਗਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਬੰਦੀ ਸਿੰਘਾਂ ਨਾਲ ਹਮਦਰਦੀ ਰੱਖਦੀ ਹੁੰਦੀ ਤਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇੱਕ ਆਦੇਸ਼ ’ਤੇ ਬਾਹਰ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕੋਲ ਉਹ (ਐਡਵੋਕੇਟ ਧਾਮੀ) ਖ਼ੁਦ ਵਫ਼ਦ ਲੈ ਕੇ ਪੁੱਜੇ ਸਨ, ਪਰ ਉਨ੍ਹਾਂ ਮਿਲਨਾ ਵੀ ਮੁਨਾਸਿਬ ਨਹੀਂ ਸਮਝਿਆ। ਦੂਸਰੇ ਪਾਸੇ ਕਾਂਗਰਸ ਦੇ ਆਗੂਆਂ ਵੱਲੋਂ ਵੀ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦਾ ਮਾਮਲਾ ਹਾਲਾਤਾਂ ’ਚੋਂ ਨਿਕਲੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਇਹ ਗੱਲ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ। ਐਡਵੋਕੇਟ ਧਾਮੀ ਵੱਲੋਂ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਐਡਵੋਕੇਟ ਜੀਐਸ ਬੱਲ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਸੀਨੀਅਰ ਐਡਵੋਕੇਟ ਗੁਰਿੰਦਰ ਸਿੰਘ ਪੁਨੀਆਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਸਬੰਧੀ ਵਿਚਾਰ-ਚਰਚਾ ਕੀਤੀ ਗਈ।
ਅੰਮ੍ਰਿਤਸਰ - ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਦੀ ਬਣੀ ਜਥੇਬੰਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਯਾਰਕ ਆਉਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਜਾਵੇਗਾ। ਜਥੇਬੰਦੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ 29 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ ਸਮਾਗਮ ਦੌਰਾਨ ਸੰਬੋਧਨ ਕਰਨ ਲਈ ਨਿਊਯਾਰਕ ਆਉਣਾ ਹੈ। ਉਨ੍ਹਾਂ ਕਿਹਾ ਕਿ ਉਸ ਦਿਨ ਸਿੱਖ ਜਥੇਬੰਦੀਆਂ ਅਤੇ ਹੋਰ ਘੱਟ ਗਿਣਤੀਆਂ ਵੱਲੋਂ ਭਾਰਤ ਵਿੱਚ ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਖ਼ਿਲਾਫ਼ ਰੋਸ ਵਿਖਾਵਾ ਕੀਤਾ ਜਾਵੇਗਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਸਵੈ ਨਿਰਣੇ ਦਾ ਹੱਕ ਮੰਗਿਆ ਜਾ ਰਿਹਾ ਹੈ ਪਰ ਭਾਰਤ ਸਰਕਾਰ ਇਸ ਨੂੰ ਅਪਰਾਧ ਵਜੋਂ ਪੇਸ਼ ਕਰ ਰਹੀ ਹੈ।
The Sikh Spokesman Newspaper,
Toronto, Canada.
Published Every Thursday
Email : This email address is being protected from spambots. You need JavaScript enabled to view it.
www.sikhspokesman.com
Canada Tel : 905-497-1216
India : 94632 16267