ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਐੱਸਏਐੱਸ ਨਗਰ (ਮੁਹਾਲੀ) - ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਸੋਮਵਾਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਆਪਣੇ ਵਕੀਲ ਨਾਲ ਮਟੌਰ ਥਾਣੇ ਵਿੱਚ ਪਹੁੰਚੇ। ਪਿਛਲੇ ਦਿਨੀਂ ਮਟੌਰ ਥਾਣੇ ਦੇ ਐੱਸਐੱਚਓ ਨੇ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਉਨ੍ਹਾਂ ਆਪਣੀ ਇਨੋਵਾ ਗੱਡੀ ਥਾਣੇ ਦੇ ਬਾਹਰ ਖੜ੍ਹੀ ਕੀਤੀ ਅਤੇ ਪੈਦਲ ਚੱਲ ਕੇ ਅੰਦਰ ਗਏ। ਊਹ ਸਿੱਧਾ ਥਾਣਾ ਮੁਖੀ ਦੇ ਦਫ਼ਤਰ ਵਿੱਚ ਜਾ ਕੇ ਕੁਰਸੀ ’ਤੇ ਬੈਠ ਗਏ। ਥਾਣੇ ਦੇ ਗੇਟ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਸੈਣੀ ਰੋਹਬ ਝਾੜਦੇ ਵੀ ਨਜ਼ਰ ਆਏ। ਉਸ ਦੇ ਵਕੀਲ ਨੂੰ ਥਾਣਾ ਮੁਖੀ ਦੇ ਦਫ਼ਤਰ ਵਿੱਚ ਨਹੀਂ ਜਾਣ ਦਿੱਤਾ ਗਿਆ।

  ਮੁਹਾਲੀ ਦੇ ਐੱਸਪੀ (ਡੀ) ਅਤੇ ਸਿੱਟ ਮੁਖੀ ਹਰਮਨਦੀਪ ਸਿੰਘ ਹਾਂਸ, ਡੀਐੱਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਸੈਣੀ ਤੋਂ ਲਗਾਤਾਰ ਢਾਈ ਘੰਟੇ ਤੱਕ ਪੁੱਛ-ਗਿੱਛ ਕੀਤੀ। ਸੂਤਰਾਂ ਅਨੁਸਾਰ ਥਾਣੇ ਵਿੱਚ ਸੈਣੀ ਕੋਲੋਂ ਸਿੱਖ ਨੌਜਵਾਨ ਨੂੰ ਘਰੋਂ ਚੁੱਕ ਕੇ ਲਿਜਾਣ ਅਤੇ ਬਾਅਦ ਵਿੱਚ ਉਸ ਨੂੰ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਸਮੇਤ ਹੋਰ ਵੱਖ-ਵੱਖ ਪਹਿਲੂਆਂ ਨਾਲ ਸਬੰਧਤ ਲਗਭਗ 100 ਸਵਾਲ ਪੁੱਛੇ ਗਏ। ਇਹ ਵੀ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਜਦੋਂ ਉਨ੍ਹਾਂ (ਸੈਣੀ) ’ਤੇ ਬੰਬ ਧਮਾਕਾ ਹੋਇਆ ਸੀ ਤਾਂ ਕੀ ਉਸ ਵਿੱਚ ਮੁਲਤਾਨੀ ਦਾ ਹੱਥ ਸੀ? ਮੁਲਤਾਨੀ ਦੇ ਪੁਲੀਸ ਹਿਰਾਸਤ ’ਚੋਂ ਫਰਾਰ ਹੋਣ ਅਤੇ ਉਸ ਨੂੰ ਲੱਭਣ ਬਾਰੇ ਕੀਤੇ ਗਏ ਯਤਨਾਂ ਆਦਿ ਸਬੰਧੀ ਸਵਾਲ ਵੀ ਪੁੱਛੇ ਗਏ। ਸੂਤਰਾਂ ਮੁਤਾਬਕ ਸੈਣੀ ਨੇ ਪੁਲੀਸ ਦੇ ਕਿਸੇ ਵੀ ਸਵਾਲ ਦਾ ਸਿੱਧੇ ਮੂੰਹ ਜਵਾਬ ਨਹੀਂ ਦਿੱਤਾ। ਸਿੱਟ ਦੇ ਇਕ ਮੈਂਬਰ ਨੇ ਦੱਸਿਆ ਕਿ ਸਾਬਕਾ ਡੀਜੀਪੀ ਨੇ ਕਿਸੇ ਸਵਾਲ ਦਾ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਹੈ ਬਲਕਿ ਊਹ ਗੋਲ-ਮੋਲ ਜਵਾਬ ਦਿੰਦੇ ਰਹੇ।

  ਜ਼ਿਕਰਯੋਗ ਹੈ ਕਿ 15 ਸਤੰਬਰ ਨੂੰ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਉਣ ਸਮੇਂ ਉਸ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਸੀ। ਮੁਹਾਲੀ ਪੁਲੀਸ ਵੱਲੋਂ ਉਸ ਨੂੰ ਚਾਰ ਵਾਰ ਨੋਟਿਸ ਭੇਜ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਗਿਆ ਹੈ ਪ੍ਰੰਤੂ ਹੁਣ ਤੱਕ ਉਹ ਸਿਰਫ਼ ਦੋ ਵਾਰ ਹੀ ਥਾਣੇ ਪਹੁੰਚੇ ਹਨ।

  ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਪੁੱਛ-ਗਿੱਛ ਤੋਂ ਬਾਅਦ ਥਾਣੇ ’ਚੋਂ ਬਾਹਰ ਆਉਣ ਸਮੇਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਢੁੱਕਵਾਂ ਸਮਾਂ ਆਉਣ ’ਤੇ ਉਹ ਜ਼ਰੂਰ ਆਪਣੀ ਗੱਲ ਰਖਣਗੇ। ਜਦੋਂ ਉਨ੍ਹਾਂ ਤੋਂ ਕੇਸ ਬਾਰੇ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਚੁੱਪ ਵੱਟਦੇ ਹੋਏ ਸਿੱਧਾ ਆਪਣੀ ਕਾਰ ਵਿੱਚ ਬੈਠ ਕੇ ਚਲੇ ਗਏ।

  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਸ਼ ਲਾਇਆ ਕਿ ਕੁਝ ਪੰਥ ਵਿਰੋਧੀ ਤਾਕਤਾਂ ਦੀ ਸ਼ਹਿ ’ਤੇ ਕੁਝ ਲੋਕ ਇਸ ਸੰਸਥਾ ਨੂੰ ਢਾਹ ਲਾਉਣ ਦਾ ਯਤਨ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ ਨਿਖੇਧੀ ਮਤਾ ਵੀ ਪਾਸ ਕੀਤਾ ਗਿਆ ਹੈ।
  ਇਸ ਦੌਰਾਨ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਸ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਪੇਸ਼ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਜੋ ਇਸ ਸਾਲ 15 ਨਵੰਬਰ ਨੂੰ ਆ ਰਿਹਾ ਹੈ, ਸਬੰਧੀ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੌਮ ਨੇ ਲੰਮਾ ਸੰਘਰਸ਼ ਲੜਿਆ, ਜਿਸ ਨੂੰ ਸੰਗਤਾਂ ਤੱਕ ਲਿਜਾਣ ਲਈ ਵਿਸ਼ੇਸ਼ ਦਸਤਾਵੇਜ਼ ਤਿਆਰ ਕੀਤੇ ਜਾਣਗੇ। ਵਿਸ਼ੇਸ਼ ਸੋਵੀਨਰ ਵੀ ਪ੍ਰਕਾਸ਼ਤ ਹੋਵੇਗਾ, ਜਿਸ ਵਿਚ ਕੌਮ ਦੇ ਵੱਡੇ ਵਿਦਵਾਨਾਂ ਪਾਸੋਂ ਮੌਲਿਕ ਲੇਖ ਲਿਖਵਾ ਕੇ ਸ਼ਾਮਲ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਕ ਚਿੱਤਰਕਲਾ ਵਰਕਸ਼ਾਪ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਅਗਲੇ ਸਾਲ ਆ ਰਹੇ ਸਾਕਾ ਨਨਕਾਣਾ ਸਾਹਿਬ ਦੇ ਸੌ ਸਾਲਾ ਨੂੰ ਵੀ ਵਿਸ਼ੇਸ਼ ਤੌਰ ’ਤੇ ਮਨਾਇਆ ਜਾਵੇਗਾ।
  ਖਾਲੜਾ ਮਿਸ਼ਨ ਅਰਗੇਨਾਈਜ਼ੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਦਰਬਾਰ ਸਾਹਿਬ ਕੰਪਲੈਕਸ ਅੰਦਰ ਗੁਆਚੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸਤਿਕਾਰ ਕਮੇਟੀਆਂ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਹੋਏ ਝਗੜੇ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਇਸ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਭਾਈ ਸਤਵੰਤ ਸਿੰਘ ਮਾਣਕ, ਗੁਰਜੀਤ ਸਿੰਘ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਕਿਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪਹਿਲਾਂ ਦਰਬਾਰ ਸਾਹਿਬ ’ਤੇ ਫੌਜੀ ਹਮਲਾ ਕਰਵਾਇਆ ਤੇ ਹੁਣ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਿੱਲੀ ਨਾਲ ਰਲ ਕੇ ਲਾਪਤਾ ਕਰਵਾਏ।

  ਨਵੀਂ ਦਿੱਲੀ - ਕੇਂਦਰ ਨੇ ਮਹੱਤਵਪੂਰਨ ਕਦਮ ਪੁੱਟਦਿਆਂ ਜੰਮੂ-ਕਸ਼ਮੀਰ ਲਈ ਨਵੇਂ ਜ਼ਮੀਨੀ ਕਾਨੂੰਨਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਗਜ਼ਟ ਨੋਟੀਫਿਕੇਸ਼ਨ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਇਸ ਬਾਰੇ ਸੂਚਿਤ ਕੀਤਾ ਹੈ। ਇਸ ਤਹਿਤ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਵਿਚ ਕਿਸੇ ਵੀ ਭਾਰਤੀ ਲਈ ਜ਼ਮੀਨ ਖਰੀਦਣ ਦਾ ਰਾਹ ਪੱਧਰਾ ਹੋ ਗਿਆ ਹੈ। ਗ੍ਰਹਿ ਮੰਤਰਾਲੇ ਮੁਤਾਬਕ ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ।

  ਫ਼ਰੀਦਕੋਟ - ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਪਹਿਲੀ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰ ਕੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਇੱਥੇ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬੱਤਰਾ ਦੀ ਗ੍ਰਿਫ਼ਤਾਰੀ ਲਈ ਅਦਾਲਤ ਨੂੰ ਇੱਕ ਵਾਰ ਫਿਰ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ। ਅਦਾਲਤ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਜਾਂਚ ਟੀਮ ਨੂੰ ਆਦੇਸ਼ ਦਿੱਤਾ ਹੈ ਕਿ ਇਨ੍ਹਾਂ ਨੂੰ 20 ਨਵੰਬਰ ਤੱਕ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਤਿੰਨਾਂ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਛਾਪੇ ਮਾਰੇ ਜਾ ਰਹੇ ਹਨ ਪਰ ਮੁਲਜ਼ਮ ਅਜੇ ਤੱਕ ਪੁਲੀਸ ਦੀ ਗ੍ਰਿਫ਼ਤ ਵਿੱਚ ਨਹੀਂ ਆਏ। ਮੁੱਖ ਮਾਮਲੇ ਦੀ ਸੁਣਵਾਈ ਅਦਾਲਤ ਨੇ ਪਹਿਲੀ ਦਸੰਬਰ ਤੱਕ ਮੁਲਤਵੀ ਕਰ ਦਿੱਤੀ। ਅੱਜ ਸੁਣਵਾਈ ਦੌਰਾਨ ਕੋਈ ਵੀ ਡੇਰਾ ਪ੍ਰੇਮੀ ਅਦਾਲਤ ਵਿੱਚ ਹਾਜ਼ਰ ਨਹੀਂ ਸੀ। ਇਸ ਕੇਸ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। 6 ਜੁਲਾਈ ਨੂੰ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ’ਤੇ ਬੇਅਦਬੀ ਦੀ ਸਾਜਿਸ਼ ਰਚਣ ਦੇ ਦੋਸ਼ ਹੇਠ ਚਲਾਨ ਵੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ। ਡੇਰੇ ਦੇ ਮੁੱਖ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਵੀ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਉਸ ਦਾ ਨਾਭਾ ਜੇਲ੍ਹ ਵਿੱਚ ਅਦਾਲਤੀ ਹਿਰਾਸਤ ’ਚ ਕਤਲ ਹੋ ਗਿਆ ਸੀ।

  ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ) -ਦਿੱਲੀ ਦੇ ਇਤਿਹਾਸਿਕ ਗੁਰਦੁਆਰੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਅੱਜ ਹੋਈ ਮੀਟਿੰਗ ਦੇ ਇਕ ਮਤੇ ਅਨੁਸਾਰ ਹੁਣ 5 ਨਵੰਬਰ ਨੂੰ ਸਾਰੇ ਦੇਸ਼ ਭਰ ਵਿਚ 4 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਜਿਸਦਾ ਸਮਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਜਿਸ ਦੇ ਤਹਿਤ ਪੂਰੇ ਦੇਸ਼ 'ਚ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆ ਵਲੋਂ 26-27 ਨਵੰਬਰ ਨੂੰ ਦਿੱਲੀ ਚੱਲੋ ਮੁਹਿੰਮ ਸ਼ੁਰੂ ਹੋਵੇਗੀ। ਇਸ ਦੌਰਾਨ ਦੇਸ਼ ਦੀ ਰਾਜਧਾਨੀ ਵਿਚ ਵੱਡਾ ਪ੍ਰਦਰਸ਼ਨ ਕਰਦੇ ਹੋਏ ਦੋਵੇਂ ਦਿਨ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਅਜ ਗੁਰੂਘਰ ਵਿਖੇ ਹੋਈ ਮੀਟਿੰਗ ਅੰਦਰ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿਸਾ ਲਿਆ ਸੀ ।
  ਇਸ ਮੀਟਿੰਗ ਵਿਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ ਸਨ। ਮੀਟਿੰਗ ਅੰਦਰ ਰੇਲਵੇ ਵਲੋਂ ਪੰਜਾਬ ਵਿਚ ਮਾਲ ਗੱਡੀ ਨਾ ਚਲਾਣ ਦੀ ਸਖ਼ਤ ਨਿਖੇਧੀ ਕੀਤੀ ਗਈ ।

  ਨਾਗਪੁਰ - ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਇਕ ‘ਹਿੰਦੂ ਰਾਸ਼ਟਰ’ ਹੈ ਤੇ ਹਿੰਦੂਤਵ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਹੈ। ਆਰਐੱਸਐੱਸ ਦੀ ਸਾਲਾਨਾ ‘ਵਿਜੈਦਸ਼ਮੀ ਰੈਲੀ’ ਮੌਕੇ ਉਨ੍ਹਾਂ ਕਿਹਾ ਕਿ ਜਦ ਸੰਘ ਕਹਿੰਦਾ ਹੈ ਕਿ ਹਿੰਦੁਸਤਾਨ ਇਕ ‘ਹਿੰਦੂ ਰਾਸ਼ਟਰ’ ਹੈ, ਇਸ ਦੇ ਮਨ ਵਿਚ ਕੋਈ ਸਿਆਸੀ ਜਾਂ ਤਾਕਤ ’ਤੇ ਕੇਂਦਰਤ ਸੰਕਲਪ ਨਹੀਂ ਹੁੰਦਾ। ਭਾਗਵਤ ਨੇ ਕਿਹਾ ਕਿ ਅਸੀਂ ਸਿੱਧੇ ਤੌਰ ’ਤੇ ਮੁਲਕ ਦੀ ਸ਼ਖ਼ਸੀਅਤ ਨੂੰ ਹਿੰਦੂ ਇਸ ਲਈ ਗਰਦਾਨ ਰਹੇ ਹਾਂ ਕਿਉਂਕਿ ਸਾਡੀਆਂ ਸਾਰੀਆਂ ਸਭਿਆਚਾਰਕ ਤੇ ਸਮਾਜੀ ਰਵਾਇਤਾਂ ਇਸ ਦੇ ਸਿਧਾਂਤਾਂ ਤੋਂ ਹੀ ਸੇਧ ਲੈਂਦੀਆਂ ਹਨ। ਆਰਐੱਸਐੱਸ ਮੁਖੀ ਨੇ ਕਿਹਾ ਕਿ ਹਿੰਦੂਤਵ ਸ਼ਬਦ ਨੂੰ ‘ਤੋੜ-ਮਰੋੜ’ ਲਿਆ ਗਿਆ ਹੈ। ਇਸ ਨਾਲ ਕਰਮਕਾਂਡ (ਵਿਧੀ-ਵਿਧਾਨ) ਸੰਕੇਤਕ ਤੌਰ ’ਤੇ ਜੋੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘ ਇਸ ਸ਼ਬਦ ਦੀ ਵਰਤੋਂ ਮੌਕੇ ਇਸ ਗਲਤਫ਼ਹਿਮੀ ਵੱਲ ਸੰਕੇਤ ਨਹੀਂ ਕਰਦਾ। ਭਾਗਵਤ ਨੇ ਕਿਹਾ ‘ਸਾਡੇ ਲਈ, ਇਹ ਉਹ ਸ਼ਬਦ ਹੈ ਜਿਸ ਰਾਹੀਂ ਪਛਾਣ ਨੂੰ ਦਰਸਾਇਆ ਗਿਆ ਹੈ, ਇਸ ਦੇ ਨਾਲ ਹੀ ਰੂਹਾਨੀਅਤ ਨਾਲ ਜੁੜੀਆਂ ਰਵਾਇਤਾਂ ਹਨ ਜਿਨ੍ਹਾਂ ਦੀ ਨਿਰੰਤਰਤਾ ਨੂੰ ਪ੍ਰਗਟ ਕੀਤਾ ਜਾਂਦਾ ਹੈ ਅਤੇ ਭਾਰਤ ਦੀ ਧਰਤੀ ’ਚ ਪੈਦਾ ਹੋਈਆਂ ਸਮੁੱਚੀਆਂ ਕਦਰਾਂ-ਕੀਮਤਾਂ ਦਾ ਸਰਮਾਇਆ ਵੀ ਹੈ ਜਿਸ ਨੂੰ ਪ੍ਰਤੱਖ ਕੀਤਾ ਗਿਆ ਹੈ।’ ਇਸ ਲਈ ਸੰਘ ਮੰਨਦਾ ਹੈ ਕਿ ਇਹ ਸ਼ਬਦ ਭਾਰਤ ਦੀ ਸਾਰੀ 130 ਕਰੋੜ ਦੀ ਆਬਾਦੀ ’ਤੇ ਲਾਗੂ ਹੁੰਦਾ ਹੈ। ਉਨ੍ਹਾਂ ਸਾਰਿਆਂ ’ਤੇ ਜੋ ਖ਼ੁਦ ਨੂੰ ਭਾਰਤਵਰਸ਼ ਦੇ ਧੀਆਂ ਤੇ ਪੁੱਤਰ ਮੰਨਦੇ ਹਨ। ਭਾਗਵਤ ਨੇ ਕਿਹਾ ਕਿ ਉਹ ਸਾਰੇ ਜੋ ਆਪਣੇ ਵੱਡੇ-ਵਡੇਰਿਆਂ ਦੀ ਵਿਰਾਸਤ ਉਤੇ ਮਾਣ ਕਰਦੇ ਹਨ, ਉਨ੍ਹਾਂ ਸਾਰਿਆਂ ਉਤੇ ਹਿੰਦੂਤਵ ਸ਼ਬਦ ਢੁੱਕਦਾ ਹੈ। ਆਰਐੱਸਐੱਸ ਮੁਖੀ ਨੇ ਕਿਹਾ ਕਿ ਇਸ ਸ਼ਬਦ ਦੇ ਅਸਲ ਮਤਲਬ ਤੋਂ ਅਣਜਾਣ ਰਹਿਣ ਨਾਲ ਦੇਸ਼ ਤੇ ਸਮਾਜ ਨੂੰ ਏਕੇ ਵਿਚ ਬੰਨ੍ਹਣ ਵਾਲੇ ਧਾਗੇ ਕਮਜ਼ੋਰ ਪੈਂਦੇ ਹਨ ਕਿਉਂਕਿ ਦੇਸ਼-ਸਮਾਜ ਨੂੰ ਵੰਡਣ ਵਾਲੇ ਪਹਿਲਾਂ ਇਸੇ ਸ਼ਬਦ ਨੂੰ ਨਿਸ਼ਾਨਾ ਬਣਾ ਕੇ ਫ਼ਿਰਕਿਆਂ ’ਚ ਤਕਰਾਰ ਖੜ੍ਹਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਭਿੰਨਤਾ ਨੂੰ ਹਿੰਦੂ ਦਰਸ਼ਨ ਸ਼ਾਸਤਰ ਵਿਚ ਸਵੀਕਾਰ ਕਰ ਕੇ ਸਨਮਾਨ ਦਿੱਤਾ ਗਿਆ ਹੈ। ਆਨਲਾਈਨ ਪ੍ਰਸਾਰਿਤ ਭਾਸ਼ਣ ਵਿਚ ਭਾਗਵਤ ਨੇ ਕਿਹਾ ‘ਹਿੰਦੂ ਕਿਸੇ ਡੇਰੇ ਜਾਂ ਪੰਥ ਦਾ ਨਾਂ ਨਹੀਂ ਹੈ, ਨਾ ਇਹ ਕਿਸੇ ਸੂਬਾਈ ਦਾਇਰੇ ਵਿਚ ਬੱਝਿਆ ਹੈ, ਨਾ ਇਹ ਕਿਸੇ ਇਕ ਜਾਤੀ ਜਾਂ ਖ਼ਾਸ ਭਾਸ਼ਾ ਬੋਲਣ ਵਾਲੇ ਦਾ ਹੱਕ ਹੈ।’ ਮੋਹਨ ਭਾਗਵਤ ਨੇ ਕਿਹਾ ‘ਕਿਸੇ ਨੂੰ ਇਸ ਸ਼ਬਦ ਨੂੰ ਸਵੀਕਾਰਨ ਵਿਚ ਇਤਰਾਜ਼ ਹੋ ਸਕਦਾ ਹੈ ਪਰ ਜੇ ਉਨ੍ਹਾਂ ਦੇ ਮਨ ਵਿਚ ਵਿਸ਼ਾ-ਵਸਤੂ ਇਸ ਨਾਲ ਮੇਲ ਖਾਂਦਾ ਹੈ ਤਾਂ ਉਨ੍ਹਾਂ ਵੱਲੋਂ ਕਿਸੇ ਹੋਰ ਸ਼ਬਦ ਦੀ ਵਰਤੋਂ ਉਤੇ ਅਸੀਂ ਇਤਰਾਜ਼ ਨਹੀਂ ਕਰਾਂਗੇ।’ ਉਨ੍ਹਾਂ ਕਿਹਾ ਕਿ ਹਿੰਦੂ ਹੋਣ ਦਾ ਮਤਲਬ ਆਪਣਾ ਵਿਸ਼ਵਾਸ, ਭਾਸ਼ਾ, ਧਰਤੀ ਜਾਂ ਕੋਈ ਹੋਰ ਪਛਾਣ ਤਿਆਗਣਾ ਨਹੀਂ ਹੈ। ਇਹ ਸਿਰਫ਼ ਸਬਉੱਚਤਾ ਦੀ ਤਲਾਸ਼ ਤਿਆਗਣ ’ਤੇ ਜ਼ੋਰ ਪਾਉਂਦਾ ਹੈ। ਭਾਗਵਤ ਨੇ ਕਿਹਾ ਕਿ ਨਫ਼ਰਤ ਫੈਲਾਉਣ ਤੇ ਗੁਮਰਾਹ ਕਰਨ ਵਾਲੀਆਂ ਸਵਾਰਥੀ ਤਾਕਤਾਂ ਤੋਂ ਬਚਣ ਦੀ ਲੋੜ ਹੈ ਜੋ ਕੱਟੜਵਾਦ ਤੇ ਵੱਖਵਾਦ ਨੂੰ ਉਤਸ਼ਾਹਿਤ ਕਰਦੀਆਂ ਹਨ।

  ਮੇਰਠ: ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਆਲ ਇੰਡੀਆ ਹਿੰਦੂ ਮਹਾਂਸਭਾ ਦੇ ਰਾਸ਼ਟਰੀ ਉਪ ਪ੍ਰਧਾਨ ਪੰਡਿਤ ਅਸ਼ੋਕ ਸ਼ਰਮਾ ਨੇ ਵਿਜੇ ਦਸ਼ਮੀ ‘ਤੇ ਹਥਿਆਰ ਦੀ ਪੂਜਾ ਕਰਨ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਵਿਜੇ ਦਸ਼ਮੀ ਹੈ ਤੇ ਇਸ ਦਿਨ ਹਰ ਹਿੰਦੂ ਨੂੰ ਇੱਕ ਪ੍ਰਣ ਲੈਣਾ ਚਾਹੀਦਾ ਹੈ ਕਿ ਜੇ ਉਹ 100 ਰੁਪਏ ਕਮਾਉਂਦਾ ਹੈ, ਤਾਂ ਉਸ ਨੂੰ 20 ਰੁਪਏ ਦੇ ਹਥਿਆਰ ਖਰੀਦਣੇ ਚਾਹੀਦੇ ਹਨ।
  ਹਿੰਦੂ ਮਹਾਂ ਸਭਾ ਦੇ ਕੌਮੀ ਉਪ ਪ੍ਰਧਾਨ ਪੰਡਿਤ ਅਸ਼ੋਕ ਸ਼ਰਮਾ ਨੇ ਕਿਹਾ ਕਿ ਸਾਰੇ ਹਿੰਦੂ ਦੇਵੀ ਦੇਵਤਿਆਂ ਕੋਲ ਹਥਿਆਰ ਹਨ। ਅਜਿਹੀ ਸਥਿਤੀ ਵਿੱਚ, ਹਰ ਹਿੰਦੂ ਨੂੰ ਸਵੈ-ਰੱਖਿਆ ਲਈ ਇੱਕ ਹਥਿਆਰ ਰੱਖਣਾ ਚਾਹੀਦਾ ਹੈ। ਫਿਰ ਭਾਵੇਂ ਇਹ ਤ੍ਰਿਸ਼ੂਲ, ਗਦਾ, ਡੰਡੇ ਹੀ ਹੋਣ। ਹਿੰਦੂ ਮਹਾਂਸਭਾ ਨੇ ਇਸ ਮੌਕੇ ਆਪਣੇ ਵਰਕਰਾਂ ਨੂੰ ਹਥਿਆਰ ਵੰਡਣ ਦਾ ਚਿੰਨ੍ਹ ਸਨਮਾਨ ਵਜੋਂ ਦਿੱਤਾ। ਇਸ ਦੇ ਨਾਲ ਹੀ ਮਹਾਂਸਭਾ ਦੇ ਸੂਬਾ ਬੁਲਾਰੇ ਅਭਿਸ਼ੇਕ ਅਗਰਵਾਲ ਨੇ ਕਿਹਾ ਕਿ ਸੁਰੱਖਿਆ ਲਈ ਹਥਿਆਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧਰਮ ਗ੍ਰੰਥਾਂ ਦੀ ਰਾਖੀ ਲਈ ਹਥਿਆਰ ਉਠਾਉਣੇ ਜ਼ਰੂਰੀ ਹਨ।

  ਵੈਨਕੂਵਰ - ਕੈਨੇਡਾ ਦੇ ਪੱਛਮੀ ਤੱਟੀ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਲਈ ਹੋਈਆਂ ਮੱਧਕਾਲੀ ਚੋਣਾਂ ਵਿੱਚ ਸੱਤਾਧਾਰੀ ਐੱਨਡੀਪੀ ਨੂੰ ਸਪੱਸ਼ਟ ਬਹੁਮੱਤ ਮਿਲ ਗਿਆ ਹੈ। 87 ਮੈਂਬਰੀ ਵਿਧਾਨ ਸਭਾ ਲਈ ਅੱਜ ਪਈਆਂ ਵੋਟਾਂ ਦੀ ਦੇਰ ਰਾਤ ਤੱਕ ਹੋਈ ਗਿਣਤੀ ਵਿੱਚ ਐੱਨਡੀਪੀ ਨੇ ਪਿਛਲੀ ਵਾਰ ਦੇ ਮੁਕਾਬਲੇ 14 ਸੀਟਾਂ ਦੇ ਵਾਧੇ ਨਾਲ 55 ਸੀਟਾਂ ’ਤੇ ਜਿੱਤ ਹਾਸਲ ਕੀਤੀ। ਅਜੇ ਡਾਕ ਰਾਹੀਆਂ ਪਈਆਂ ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ ਪਰ ਚੋਣ ਕਮਿਸ਼ਨ ਦੇ ਸੂਤਰਾਂ ਅਨੁਸਾਰ ਉਹ ਗਿਣਤੀ ਸ਼ਾਇਦ ਹੀ ਇਕ-ਦੋ ਨਤੀਜੇ ਪ੍ਰਭਾਵਿਤ ਕਰ ਸਕੇ। ਰਿਚਮੰਡ ਕੁਈਨਬਰੋ ਹਲਕੇ ਤੋਂ ਜੇਤੂ ਰਹੇ ਅਮਨ ਸਿੰਘ ਵਿਧਾਨ ਸਭਾ ’ਚ ਬੈਠਣ ਵਾਲੇ ਪਹਿਲੇ ਪਗੜੀਧਾਰੀ ਵਿਧਾਇਕ ਹੋਣਗੇ। ਉਹ ਪੇਸ਼ੇ ਵਜੋਂ ਵਕੀਲ ਹਨ ਤੇ ਮਨੁੱਖੀ ਹੱਕਾਂ ਦੀ ਰਾਖੀ ਵਾਲੇ ਕੇਸ ਲੜਨ ਨੂੰ ਪਹਿਲ ਦਿੰਦੇ ਹਨ।
  ਲਿਬਰਲ ਪਾਰਟੀ ਦੇ ਪ੍ਰਧਾਨ ਐਂਡ੍ਰਿਊ ਵਿਲਕਿਨਸਨ ਨੇ ਕਈ ਹਲਕਿਆਂ ਵਿੱਚ ਐੱਨਡੀਪੀ ਦੇ ਵਿਧਾਇਕਾਂ ਦੇ ਮੁਕਾਬਲੇ ਇਸ ਵਾਰ ਤਕੜੇ ਸਮਝੇ ਜਾਂਦੇ ਉਮੀਦਵਾਰ ਉਤਾਰੇ ਸਨ ਪਰ ਉਨ੍ਹਾਂ ਦੀ ਪਾਰਟੀ ਵਿਰੋਧੀਆਂ ਦੇ ਕਿਸੇ ਵੀ ਵਿਧਾਇਕ ਨੂੰ ਹਰਾਉਣ ਵਿੱਚ ਸਫ਼ਲ ਨਹੀਂ ਹੋਈ ਜਦਕਿ ਐੱਨਡੀਪੀ ਨੇ ਲਿਬਰਲਾਂ ਦੇ 14 ਵਿਧਾਇਕਾਂ ਨੂੰ ਹਰਾਇਆ ਹੈ। ਸਰੀ ਦੀਆਂ 9 ਸੀਟਾਂ ਤੋਂ ਪਿਛਲੀ ਵਾਰ ਜੇਤੂ ਰਹੇ ਪੰਜ ਪੰਜਾਬੀਆਂ ਦੀ ਝੋਲੀ ਇਸ ਵਾਰ ਵੀ ਜਿੱਤ ਪਈ ਹੈ। ਗਰੀਨ ਟਿੰਬਰ ਤੋਂ ਰਚਨਾ ਸਿੰਘ ਇਸ ਵਾਰ ਪਿਛਲੀ ਵਾਰ ਤੋਂ ਵੀ ਵੱਧ ਫਰਕ ਨਾਲ ਜਿੱਤੀ ਹੈ। ਰਚਨਾ ਸਿੰਘ ਮਰਹੂਮ ਤੇਰਾ ਸਿੰਘ ਚੰਨ ਦੀ ਦੋਹਤੀ ਅਤੇ ਪ੍ਰੋ. ਰਘੁਬੀਰ ਸਿਰਜਣਾ ਦੀ ਧੀ ਹੈ। ਪੈਨੋਰਮਾ ਹਲਕੇ ਤੋਂ ਜਿੰਨੀ ਸਿਮਜ਼ ਨੇ ਡਾਕਟਰ ਗੁਲਜ਼ਾਰ ਚੀਮਾ ਨੂੰ ਹਰਾਇਆ ਹੈ। ਜਗਰੂਪ ਸਿੰਘ ਬਰਾੜ ਲਗਤਾਰ ਚੌਥੀ ਵਾਰ ਜੇਤੂ ਰਹੇ। ਕਿਰਤ ਮੰਤਰੀ ਹੈਰੀ ਬੈਂਸ (ਹਰਬਖਸ਼ ਸਿੰਘ) ਵੀ ਪਿਛਲੀ ਵਾਰ ਤੋਂ ਵੱਧ ਫਰਕ ਨਾਲ ਜਿੱਤੇ ਹਨ। ਬਰਨਬੀ ਐਡਮੰਡ ਹਲਕੇ ਤੋਂ ਰਾਜ ਚੌਹਾਨ ਵੀ ਪੰਜਵੀਂ ਵਾਰ ਜਿੱਤੇ ਹਨ। ਉਸ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਧੀ ਤ੍ਰਿਪਤ ਅਟਵਾਲ ਨੂੰ ਹਰਾਇਆ। ਪੰਜਾਬੀਆਂ ਦੀ ਵੱਡੀ ਆਬਾਦੀ ਵਾਲੇ ਐਬਟਸਫੋਰਡ ਦੇ ਤਿੰਨਾਂ ਹਲਕਿਆਂ ਵਿਚੋਂ ਕੋਈ ਪੰਜਾਬੀ ਨਹੀਂ ਜਿੱਤ ਸਕਿਆ। ਸੂਬੇ ਦੇ ਅੰਦਰੂਨੀ ਖੇਤਰ ਦੇ ਕਈ ਹਲਕਿਆਂ ਵਿਚ ਵੀ ਕਈ ਪੰਜਾਬੀਆਂ ਨੇ ਚੋਣ ਮੈਦਾਨ ’ਚ ਜ਼ੋਰ-ਅਜ਼ਮਾਈ ਕੀਤੀ ਪਰ ਜਿੱਤ ਦੇ ਨੇੜੇ ਕੋਈ ਵੀ ਨਹੀਂ ਪਹੁੰਚ ਸਕਿਆ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਐੱਨਡੀਪੀ ਵੱਲੋਂ ਬਹੁਮੱਤ ਨਾ ਹੋਣ ਦੇ ਬਾਵਜੂਦ ਪੂਰੇ ਕੀਤੇ ਆਪਣੇ ਚੋਣ ਵਾਅਦਿਆਂ ਕਾਰਨ ਉਹ ਇਸ ਵਾਰ ਲੋਕਾਂ ਦੀ ਪਸੰਦ ਬਣੇ ਹਨ।

  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਅਤੇ ਸਿੱਖ ਧਰਨਾਕਾਰੀਆਂ ਵਿਚਾਲੇ ਬੀਤੇ ਦਿਨ ਹੋਈ ਹਿੰਸਕ ਝੜਪ ਸਬੰਧੀ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਪੁਲੀਸ ਨੇ ਧਰਨਾਕਾਰੀਆਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ।
  ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਥਾਣਾ ਕੋਤਵਾਲੀ ਵਿੱਚ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਸੁਖਜੀਤ ਸਿੰਘ ਖੋਸਾ, ਦਿਲਬਾਗ ਸਿੰਘ ਸੁਲਤਾਨਵਿੰਡ, ਮਨਜੀਤ ਸਿੰਘ ਝਬਾਲ, ਬਲਬੀਰ ਸਿੰਘ ਮੁੱਛਲ, ਮਨਜੀਤ ਕੌਰ ਅਤੇ ਲਖਬੀਰ ਸਿੰਘ ਸਮੇਤ 50 ਤੋਂ 60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 452, 148, 149 ਹੇਠ ਕੇਸ ਦਰਜ ਕੀਤਾ ਹੈ। ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਵੱਲੋਂ ਥਾਣਾ ਬੀ ਡਿਵੀਜ਼ਨ ਵਿੱਚ ਸ਼ਿਕਾਇਤ ਕੀਤੀ ਗਈ, ਜਿਸ ਦੇ ਆਧਾਰ ’ਤੇ ਸੁਖਜੀਤ ਸਿੰਘ ਖੋਸਾ ਅਤੇ 30 ਤੋਂ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 341, 323, 427, 148, 149 ਹੇਠ ਕੇਸ ਦਰਜ ਕੀਤਾ ਗਿਆ ਹੈ।
  ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਵੀ ਗਲਿਆਰਾ ਪੁਲੀਸ ਚੌਕੀ ਵਿਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ ਪਰ ਫਿਲਹਾਲ ਇਸ ਮਾਮਲੇ ਵਿਚ ਕੋਈ ਕੇਸ ਦਰਜ ਨਹੀਂ ਹੋਇਆ। ਜ਼ਖਮੀ ਹੋਏ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਉਨ੍ਹਾਂ ਦੇ 9 ਸਾਥੀ ਜ਼ਖਮੀ ਹਨ, ਜਿਨ੍ਹਾਂ ’ਚੋਂ ਚਾਰ ਗੁਰੂ ਨਾਨਕ ਦੇਵ ਹਸਪਤਾਲ ਅਤੇ ਪੰਜ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਵੱਲੋਂ ਕੀਤੀ ਸ਼ਿਕਾਇਤ ’ਤੇ ਵੀ ਕੇਸ ਦਰਜ ਕੀਤਾ ਜਾਵੇ।
  ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਅਤੇ ਸਿੱਖ ਧਰਨਾਕਾਰੀਆਂ ਵਿਚਾਲੇ ਹੋਈ ਹਿੰਸਕ ਝੜਪ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਪੰਜਾਬ ਸਰਕਾਰ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਾਉਣਾ ਚਾਹੁੰਦੀ ਹੈ ਅਤੇ ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਧਰਨਾ ਲਾਉਣ ਵਾਲੇ ਸਥਾਨ ’ਤੇ ਲੋਹੇ ਦੀਆਂ ਟੀਨਾ ਲਾ ਕੇ ਇਹ ਥਾਂ ਬੰਦ ਕਰ ਦਿੱਤੀ ਹੈ। ਇਸ ਦੇ ਅੰਦਰ ਰੇਤ ਬੱਜ਼ਰੀ ਸੁੱਟੀ ਗਈ ਹੈ ਤਾਂ ਜੋ ਕੋਈ ਇਥੇ ਬੈਠ ਨਾ ਸਕੇ। ਇਸ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰੀ ਕੰਪਲੈਕਸ ਵਾਲੇ ਪਾਸੇ ਵੱਡੀ ਗਿਣਤੀ ਵਿਚ ਪੁਲੀਸ ਤਇਨਾਤ ਸੀ ਅਤੇ ਥਾਂ ਥਾਂ ’ਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਤੇ ਟਾਸਕ ਫੋਰਸ ਵੀ ਨਿਗਰਾਨੀ ਕਰ ਰਹੀ ਸੀ। ਇਹ ਸਭ ਕੁਝ ਧਰਨਾਕਾਰੀ ਸਿੱਖਾਂ ਨੂੰ ਮੁੜ ਧਰਨਾ ਲਾਉਣ ਤੋਂ ਰੋਕਣ ਲਈ ਕੀਤੇ ਗਏ ਪ੍ਰਬੰਧਾਂ ਦਾ ਹਿਸਾ ਹੈ।ਇਸ ਦੌਰਾਨ ਉਹ ਸ੍ਰੀ ਗੁਰੂ ਰਾਮਦਾਸ ਹਸਪਤਾਲ ਗਏ, ਜਿਥੇ ਉਨ੍ਹਾਂ ਨੇ ਜ਼ਖਮੀ ਹੋਏ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਦਾ ਹਾਲ ਚਾਲ ਪੁੱਛਿਆ।

  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਅਤੇ ਸਿੱਖ ਧਰਨਾਕਾਰੀਆਂ ਵਿਚਾਲੇ ਬੀਤੇ ਦਿਨ ਹੋਈ ਹਿੰਸਕ ਝੜਪ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਪੰਜਾਬ ਸਰਕਾਰ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਾਉਣਾ ਚਾਹੁੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਇਥੇ ਪੁੱਜੇ ਸ੍ਰੀ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਦਰਬਾਰ ਸਾਹਿਬ ਸਮੂਹ ਵਿੱਚ ਧਰਨਾ ਦੇ ਰਹੇ ਸਿੱਖ ਕਾਰਕੁਨਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਛੇ ਕਰਮਚਾਰੀ ਜ਼ਖਮੀ ਹੋ ਗਏ ਹਨ। ਇਨ੍ਹਾਂ ’ਚੋਂ ਦੋ ਗੰਭੀਰ ਜ਼ਖ਼ਮੀ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੁਲੀਸ ਕੋਲ ਇਨ੍ਹਾਂ ਖ਼ਿਲਾਫ਼ ਸ਼ਿਕਾਇਤ ਕੀਤੀ ਹੈ ਪਰ ਪੁਲੀਸ ਨੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਕਰਨ ਦੀ ਜਗ੍ਹਾ ਖੁੱਲ੍ਹਾ ਛੱਡ ਦਿੱਤਾ ਹੈ।
  ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਨਾਲ ਕਈ ਵਾਰ ਗੱਲਬਾਤ ਕਰਕੇ ਮਾਮਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਬੀਤੇ ਦਿਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਅਤੇ ਦੁਪਹਿਰ ਵੇਲੇ ਕਰਮਚਾਰੀਆਂ ਨਾਲ ਹੋਈ ਤਕਰਾਰ ਮਗਰੋਂ ਹਮਲਾ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿੱਖ ਸੰਸਥਾ ਨੂੰ ਤੋੜਨ ਦੀ ਮਨਸ਼ਾ ਨਾਲ ਇਹ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਅਤੇ ਲੋਕਾਂ ਦਾ ਧਿਆਨ ਇਸ ਮੁੱਦੇ ਤੋਂ ਹਟਾਉਣ ਦੀ ਸਾਜ਼ਿਸ਼ ਵੀ ਹੋ ਸਕਦੀ ਹੈ। ਇਸ ਮਗਰੋਂ ਉਹ ਗੁਰੂ ਰਾਮਦਾਸ ਹਸਪਤਾਲ ਗਏ ਅਤੇ ਜ਼ਖਮੀ ਹੋਏ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਦਾ ਹਾਲ ਪੁੱਛਿਆ।
  ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਧਰਨੇ ਵਾਲੇ ਸਥਾਨ ’ਤੇ ਟੀਨਾਂ ਲਾ ਕੇ ਇਸ ਅੰਦਰ ਬਜਰੀ ਆਦਿ ਸੁੱਟ ਦਿੱਤੀ ਹੈ ਤਾਂ ਜੋ ਇੱਥੋ ਕੋਈ ਬੈਠ ਨਾ ਸਕੇ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਦਫ਼ਤਰੀ ਕੰਪਲੈਕਸ ਵਾਲੇ ਪਾਸੇ ਵੀ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਸੀ ਅਤੇ ਵੱਖ ਵੱਖ ਥਾਵਾਂ ’ਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਨਿਗਰਾਨੀ ਕਰ ਰਹੇ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਭਵਿੱਖ ਵਿਚ ਦਰਬਾਰ ਸਾਹਿਬ ਸਮੂਹ ਵਿੱਚ ਕਿਸੇ ਨੂੰ ਵੀ ਧਰਨੇ ਲਾਉਣ ਜਾਂ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਹਿੰਸਕ ਕਾਰਵਾਈ ਦੌਰਾਨ ਮੀਡੀਆ ਨਾਲ ਹੋਈ ਬਦਸਲੂਕੀ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੇ ਮੀਡੀਆ ਕੋਲੋਂ ਮੁਆਫੀ ਮੰਗੀ ਹੈ।

  ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਇਨਸਾਫ਼ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਧਰਨਾ ਲਾਈ ਬੈਠੀ ਸਤਿਕਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਬੀਤੇ ਦਿਨ ਹੋਈ ਝੜਪ ਦੀ ਸਿੱਖ ਯੂਥ ਆਫ਼ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪਾਰਟੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਜਿਸ ਢੰਗ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਕਮੇਟੀ ਦੇ ਸਿੰਘਾਂ ਨੂੰ ਅੰਦਰ ਬੰਦੀ ਬਣਾ ਕੇ ਕੁੱਟਮਾਰ ਕੀਤੀ, ਉਹ ਗੈਰ-ਮਨੁੱਖੀ ਅਤੇ ਗੈਰ-ਕਾਨੂੰਨੀ ਕਦਮ ਹੈ। ਇਸ ਦੇ ਦੋਸ਼ੀਆਂ ’ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਹੋਈ ਬਦਸਲੂਕੀ, ਕੁੱਟਮਾਰ ਅਤੇ ਮੋਬਾਈਲ ਖੋਹਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਵਨ ਸਰੂਪਾਂ ਦੇ ਮਸਲੇ ’ਤੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਆਪਣੇ ਪਿਛਲੇ ਗੁਨਾਹਾਂ ਨੂੰ ਲੁਕਾਉਣ ਲਈ ਹੋਰ ਗੁਨਾਹ ਕਰਦੀ ਜਾ ਰਹੀ ਹੈ। ਜਦੋਂ ਤੱਕ ਕਮੇਟੀ ਇਹ ਸਪੱਸ਼ਟ ਨਹੀਂ ਕਰਦੀ ਕਿ ਪਾਵਨ ਸਰੂਪ ਕਿਸ ਨੂੰ ਅਤੇ ਕਿਸ ਦੇ ਕਹਿਣ ’ਤੇ ਦਿੱਤੇ ਗਏ ਹਨ, ਉਦੋਂ ਤਕ ਇਹ ਮਸਲਾ ਹੱਲ ਨਹੀਂ ਹੋ ਸਕਦਾ। ਇਸ ਘਟਨਾ ਦਾ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਬੁਲਾਰੇ ਜਸਬੀਰ ਸਿੰਘ ਘੁੰਮਣ, ਜਥੇਦਾਰ ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਵੀ ਵਿਰੋਧ ਕੀਤਾ ਹੈ।

  ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅਤੇ ਸਿੱਖ ਧਰਨਾਕਾਰੀਆਂ ਵਿਚਾਲੇ ਬੀਤੇ ਦਿਨ ਹੋਈ ਝੜਪ ਵਿੱਚ ਜ਼ਖ਼ਮੀ ਹੋਏ ਸਿੱਖ ਕਾਰੁਕਨਾਂ ਦਾ ਹਾਲ ਪੁੱਛਣ ਲਈ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਪੁੱਜੇ ਸ੍ਰੀ ਸੰਧਵਾਂ ਨੇ ਜ਼ਖ਼ਮੀਆਂ ਕੋਲੋਂ ਘਟਨਾ ਦੇ ਵੇਰਵੇ ਪੁੱਛੇ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਦੌਰਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਬਲਵੰਤ ਸਿੰਘ ਗੋਪਾਲਾ, ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਬੁਲਾਰੇ ਮਨਜੀਤ ਸਿੰਘ ਭੋਮਾ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਮਨਮੋਹਨ ਸਿੰਘ ਸਠਿਆਲਾ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਹਿੰਸਕ ਝੜਪਾਂ ਦੀ ਨਿਖੇਧੀ ਕੀਤੀ ਹੈ।

   

  ਚੰਡੀਗੜ੍ਹ - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਸਹਿਰੇ ਮੌਕੇ ਤਿਉਹਾਰ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ ਤੇ ਅਡਾਨੀ ਜਿਹੇ ਕਾਰਪੋਰੇਟ ਘਰਾਣਿਆਂ ਦੇ ਆਦਮਕੱਦ ਪੁਤਲੇ ਪਿੰਡਾਂ ਤੇ ਸ਼ਹਿਰਾਂ ਦੇ ਮੈਦਾਨਾਂ ’ਚ ਸਜਾਏ ਗਏ। ਇਸ ਤੋਂ ਬਾਅਦ ਸ਼ਾਮ ਨੂੰ ਮੁਰਦਾਬਾਦ ਦੇ ਨਾਅਰਿਆਂ ਦੀ ਗੂੰਜ ਵਿਚ ਇਨ੍ਹਾਂ ਪੁਤਲਿਆਂ ਨੂੰ ਸਾੜਿਆ ਗਿਆ। ਇੰਝ ਪਹਿਲੀ ਵਾਰ ਹੋਇਆ ਕਿ ਪ੍ਰਧਾਨ ਮੰਤਰੀ ਦੇ ਪੁਤਲੇ ਕਿਸੇ ਤਿਉਹਾਰ ਮੌਕੇ ਸਾੜੇ ਗਏ ਹੋਣ। ਇਕੱਠਾਂ ਵਿਚ ਸ਼ਹਿਰੀਆਂ ਅਤੇ ਕਾਰੋਬਾਰੀ ਲੋਕਾਂ ਦੀ ਸ਼ਮੂਲੀਅਤ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਕਿਸਾਨ ਅੰਦੋਲਨ ਇਕੱਲੇ ਕਿਸਾਨਾਂ-ਮਜ਼ਦੂਰਾਂ ਦਾ ਨਹੀਂ ਬਲਕਿ ਸਮੁੱਚੇ ਪੰਜਾਬ ਦਾ ਹੈ। ਤੀਹ ਕਿਸਾਨ ਧਿਰਾਂ ਦੀ ਅਗਵਾਈ ਵਿਚ ਅੱਜ ਪੰਜਾਬ ਭਰ ’ਚ ਕਰੀਬ 1100 ਪਿੰਡਾਂ ਅਤੇ ਕਰੀਬ ਇੱਕ ਸੌ ਸ਼ਹਿਰਾਂ ਤੇ ਕਸਬਿਆਂ ਵਿਚ ਇਸ ਢੰਗ ਨਾਲ ਦਸਹਿਰਾ ਮਨਾਇਆ ਗਿਆ। ਕਈ ਥਾਵਾਂ ’ਤੇ ਔਰਤਾਂ ਨੇ ਵੈਣ ਵੀ ਪਾਏ। ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਕੌਮੀ ਮਾਰਗਾਂ ’ਤੇ ਦਰਜਨਾਂ ਥਾਈਂ ਮੋਦੀ-ਅੰਬਾਨੀ-ਅਡਾਨੀ ਦੇ ਦਿਓ ਕੱਦ ਪੁਤਲੇ ਸਾੜੇ ਗਏ। ਝੋਨੇ ਦਾ ਸੀਜ਼ਨ ਸਿਖ਼ਰਾਂ ’ਤੇ ਹੋਣ ਦੇ ਬਾਵਜੂਦ ਖੇਤੀ ਅਰਥਚਾਰੇ ਨਾਲ ਜੁੜੇ ਹਰ ਤਬਕੇ ਨੇ ਸੰਘਰਸ਼ ਦੇ ਰੰਗ ’ਚ ਰੰਗੇ ਦਸਹਿਰੇ ਦੇ ਪ੍ਰੋਗਰਾਮਾਂ ਵਿਚ ਹਾਜ਼ਰੀ ਲਵਾਈ। ਬੀ.ਕੇ.ਯੂ. (ਉਗਰਾਹਾਂ) ਨੇ ਪੰਜਾਬ ਦੇ 14 ਜ਼ਿਲ੍ਹਿਆਂ ਦੇ 42 ਸ਼ਹਿਰਾਂ ਵਿਚ ਦਸਹਿਰੇ ਮੌਕੇ ‘ਤਿੱਕੜੀ’ ਦੇ ਪੁਤਲੇ ਜਲਾਏ ਤੇ ਇਨ੍ਹਾਂ ਪ੍ਰੋਗਰਾਮਾਂ ’ਚ ਕੇਸਰੀ ਚੁੰਨੀਆਂ ਲੈ ਕੇ ਵੱਡੀ ਗਿਣਤੀ ਔਰਤਾਂ ਵੀ ਪੁੱਜੀਆਂ। ਪੰਜਾਬ-ਹਰਿਆਣਾ ਸਰਹੱਦ ’ਤੇ ਮੰਡੀ ਕਿੱਲਿਆਂਵਾਲੀ ’ਚ ਦਸਹਿਰੇ ਮੌਕੇ ਜੁੜੇ ਸੰਘਰਸ਼ੀ ਇਕੱਠ ’ਚ ਹਰਿਆਣਾ ਅਤੇ ਰਾਜਸਥਾਨ ਦੇ ਪਿੰਡਾਂ ਤੋਂ ਸੈਂਕੜੇ ਕਿਸਾਨ ਸ਼ਾਮਲ ਹੋਏ। ਇਸ ਮੌਕੇ ਕਾਨੂੰਨਾਂ ਖ਼ਿਲਾਫ਼ ਕਿਸਾਨ, ਮਜ਼ਦੂਰ, ਮੁਲਾਜ਼ਮ, ਤਰਕਸ਼ੀਲ, ਕਲਮਕਾਰ, ਰੰਗਕਰਮੀ, ਕਲਾਕਾਰ, ਆੜ੍ਹਤੀਏ, ਵਪਾਰੀ, ਪੱਲੇਦਾਰ, ਟਰਾਂਸਪੋਰਟਰ, ਔਰਤਾਂ, ਵਿਦਿਆਰਥੀ ਅਤੇ ਨੌਜਵਾਨ ਇੱਕੋ ਮੰਚ ’ਤੇ ਖੜ੍ਹੇ ਨਜ਼ਰ ਆਏ। ਬੀਕੇਯੂ ਏਕਤਾ (ਉਗਰਾਹਾਂ) ਦੇ ਸੱਦੇ ’ਤੇ ਮਾਲੇਰਕੋਟਲਾ ਵਿਚ ਵੱਡਾ ਇਕੱਠ ਜੁੜਿਆ। ਮੁਸਲਿਮ ਭਾਈਚਾਰੇ ਦੀ ਵੱਡੀ ਸ਼ਮੂਲੀਅਤ ਨੇ ਕਿਸਾਨ ਅੰਦੋਲਨ ਨੂੰ ਹੋਰ ਤਾਕਤ ਬਖ਼ਸ਼ੀ। ਪ੍ਰਧਾਨ ਜੋਗਿੰਦਰ ਉਗਰਾਹਾਂ, ਮਹਿਲਾ ਵਿੰਗ ਦੀ ਪ੍ਰਧਾਨ ਹਰਿੰਦਰ ਬਿੰਦੂ, ਡਾ. ਨਵਸ਼ਰਨ ਕੌਰ, ਡਾ. ਸਾਹਿਬ ਸਿੰਘ, ਲੋਕ ਕਲਾਕਾਰ ਪੰਮੀ ਬਾਈ ਅਤੇ ਪਲਸ ਮੰਚ ਦੇ ਅਮੋਲਕ ਸਿੰਘ ਨੇ ਕੇਂਦਰ ਦੇ ਨਵੇਂ ਸੰਭਾਵੀ ਹੱਲਿਆਂ ’ਤੇ ਚਾਣਨਾ ਪਾਇਆ। ਮਸ਼ਾਲ ਮਾਰਚ ਵੀ ਕੱਢਿਆ ਗਿਆ। ਇਸ ਤਰ੍ਹਾਂ ਸਮੁੱਚੇ ਪੰਜਾਬ ’ਚੋਂ ਮਿਲੇ ਹੁੰਗਾਰੇ ਨੇ ਕਿਸਾਨ ਅੰਦੋਲਨ ਨੂੰ ਲੋਕ ਘੋਲ ਵਾਲਾ ਮੋੜਾ ਦੇ ਦਿੱਤਾ। ਬਠਿੰਡਾ, ਸੰਗਰੂਰ, ਮਾਨਸਾ, ਬਰਨਾਲਾ, ਮੋਗਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪ੍ਰੋਗਰਾਮਾਂ ਵਿਚ ਆੜ੍ਹਤੀਏ ਵਰਗ ਨੇ ਵਿਚਾਰ ਵੀ ਰੱਖੇ ਅਤੇ ਨਾਲ ਹੀ ਕਿਸਾਨ ਧਿਰਾਂ ਨੂੰ ਫੰਡ ਵੀ ਦਿੱਤਾ। ਮਾਨਸਾ ਜ਼ਿਲ੍ਹੇ ਦੇ ਕਿਸਾਨ ਆਗੂ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਈ ਸ਼ਹਿਰਾਂ ਵਿਚ ਪੁਤਲੇ ਬਣਾਉਣ ਦਾ ਖ਼ਰਚਾ ਹੀ ਸ਼ਹਿਰੀ ਲੋਕਾਂ ਨੇ ਚੁੱਕਿਆ। ਪਟਿਆਲਾ ਦੇ ਕਿਸਾਨ ਆਗੂ ਮਨਜੀਤ ਸਿੰਘ ਨਿਆਲ ਨੇ ਦੱਸਿਆ ਕਿ ਨਾਭਾ ਅਤੇ ਨਿਆਲ ਵਿਚ ਫੂਕੇ ਪੁਤਲਿਆਂ ਦਾ ਖ਼ਰਚ ਟਰੱਕ ਯੂਨੀਅਨਾਂ ਨੇ ਖ਼ੁਦ ਹੀ ਅੱਗੇ ਆ ਕੇ ਕੀਤਾ। ਕਿਸਾਨ ਧਿਰਾਂ ਨੇ ਮੋਗਾ ਵਿਚ ਅੱਜ ਨਰਿੰਦਰ ਮੋਦੀ ਦੀ ਅਰਥੀ ਪਹਿਲਾਂ ਬਾਜ਼ਾਰਾਂ ਵਿਚੋਂ ਟਰੈਕਟਰ ਪਿੱਛੇ ਪਾ ਕੇ ਘੜੀਸੀ ਅਤੇ ਮਗਰੋਂ ਕੂੜੇ ਦੇ ਢੇਰ ’ਤੇ ਸੁੱਟ ਦਿੱਤੀ। ਬਰਨਾਲਾ ਦੇ ਸਦਰ ਬਾਜ਼ਾਰ ਵਿਚੋਂ ਅੱਜ 30 ਕਿਸਾਨ ਧਿਰਾਂ ਦੀ ਅਗਵਾਈ ਵਿਚ ਕਾਫ਼ਲਾ ਲੰਘਿਆ ਅਤੇ ਅਖੀਰ ਵਿਚ ਦਿਓ ਕੱਦ ਪੁਤਲੇ ਜਲਾਏ ਗਏ। ਨਾਭਾ ਵਿਚ ਔਰਤਾਂ ਨੇ ਖੁਦ ਅੱਗੇ ਆ ਕੇ ਮੋਦੀ ਅਤੇ ਕਾਰਪੋਰੇਟਾਂ ਦੇ ਪੁਤਲਿਆਂ ਨੂੰ ਅੱਗ ਦਿਖਾਈ। ਗਿੱਦੜਬਾਹਾ ’ਚ ਮੁਸਲਿਮ ਅਤੇ ਈਸਾਈ ਭਾਈਚਾਰੇ ਦੀ ਵੀ ਕਾਫ਼ੀ ਸ਼ਮੂਲੀਅਤ ਰਹੀ। ਰੰਗਕਰਮੀਆਂ ਨੇ ਸਟੇਜਾਂ ਤੋਂ ਨਾਟਕ ਪੇਸ਼ ਕੀਤੇ। ਪੰਜਾਬ ਦੇ ਕਈ ਸ਼ਹਿਰਾਂ ਵਿਚ ਅੱਜ ਰਵਾਇਤੀ ਦਸਹਿਰਾ ਨਹੀਂ ਮਨਾਇਆ ਗਿਆ। ਸਿਆਸੀ ਧਿਰਾਂ ਦੇ ਲੀਡਰਾਂ ਨੇ ਅੱਜ ਪਾਸਾ ਵੱਟੀ ਰੱਖਿਆ। ਪੰਜਾਬ ਪੁਲੀਸ ਦੀ ਆਸ-ਪਾਸ ਬਕਾਇਦਾ ਤਾਇਨਾਤੀ ਸੀ ਪਰ ਕਿਤੇ ਵੀ ਪੁਲੀਸ ਨੇ ਰਾਹ ਨਹੀਂ ਰੋਕੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 1079 ਪਿੰਡਾਂ ਵਿਚ ਪੁਤਲੇ ਫੂਕ ਕੇ ਸੰਘਰਸ਼ੀ ਦਸਹਿਰਾ ਮਨਾਇਆ। ਅੰਮ੍ਰਿਤਸਰ ਜ਼ਿਲ੍ਹੇ ਵਿਚ ਰੇਲ ਮਾਰਗ ਕੋਲ ਪੁਤਲੇ ਫੂਕੇ ਗਏ। ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਤਰਨਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਫਾਜ਼ਿਲਕਾ, ਮੋਗਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਮੁਕਤਸਰ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਪੁਤਲੇ ਜਲਾਏ ਗਏ ਹਨ। ਤੀਹ ਕਿਸਾਨ ਧਿਰਾਂ ਦੀ ਤਾਲਮੇਲ ਕਮੇਟੀ ਦੇ ਕੋਆਰਡੀਨੇਟਰ ਡਾ. ਦਰਸ਼ਨ ਪਾਲ ਦਾ ਕਹਿਣਾ ਸੀ ਕਿ ਟੌਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ’ਤੇ ਦੋ ਦਿਨਾਂ ਤੋਂ ਕੇਂਦਰ ਸਰਕਾਰ ਅਤੇ ਉਨ੍ਹਾਂ ਦੇ ‘ਜੋਟੀਦਾਰਾਂ’ ਦੇ ਪੁਤਲੇ ਸਾੜੇ ਜਾ ਰਹੇ ਹਨ। ਬੀ.ਕੇ.ਯੂ. (ਦੋਆਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਫਿਲੌਰ ਤੇ ਬਹਿਰਾਮ ਟੌਲ ਪਲਾਜ਼ਾ ’ਤੇ ਅੱਜ ਪੁਤਲੇ ਜਲਾਏ ਗਏ ਹਨ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਕੋਰ ਕਮੇਟੀ ਦੀ ਭਲਕੇ ਦਿੱਲੀ ਵਿਚ ਮੀਟਿੰਗ ਹੋ ਰਹੀ ਹੈ ਅਤੇ 27 ਅਕਤੂਬਰ ਨੂੰ ਦਿੱਲੀ ਵਿਚ ਹੀ 250 ਧਿਰਾਂ ਦੀ ਅਗਲੀ ਰਣਨੀਤੀ ਲਈ ਮੀਟਿੰਗ ਹੋਣੀ ਹੈ। ਬੀ.ਕੇ.ਯੂ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਵਿਚ ਕੌਮੀ ਪੱਧਰ ’ਤੇ ਸਾਂਝੇ ਪ੍ਰੋਗਰਾਮ ਦੀ ਵਿਉਂਤਬੰਦੀ ਬਣੇਗੀ। ਵੱਖ ਵੱਖ ਸ਼ਹਿਰਾਂ ਵਿਚ ਹੋਏ ਸੰਘਰਸ਼ੀ ਇਕੱਠਾਂ ਨੂੰ ਬੀ.ਕੇ.ਯੂ. (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਹਰਿੰਦਰ ਬਿੰਦੂ, ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਜਥੇਬੰਦੀ ਦੇ ਲਛਮਣ ਸੇਵੇਵਾਲਾ ਤੇ ਹੋਰਾਂ ਨੇ ਸੰਬੋਧਨ ਕੀਤਾ।

   

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com