ਫਤਹਿਗੜ੍ਹ ਸਾਹਿਬ - ਸ੍ਰੀ ਅਕਾਲੀ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਹਾਲ ਕਰਵਾਉਣ ਲਈ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਮੀਟਿੰਗਾਂ ਦਾ ਸਿਲਸਿਲਾ ਅਰੰਭ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਸੁਹਾਗਹੇੜੀ ਵਿਖੇ ਐਸਜੀਪੀਸੀ ਮੈਂਬਰ ਤੇ ਵਿਰੋਧੀ ਧਿਰ ਦੇ ਮੁੱਖ ਬੁਲਾਰੇ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਥਕ ਅਕਾਲੀ ਲਹਿਰ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਭਾਈ ਰਣਜੀਤ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖੀ ਦਾ ਘਾਣ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਅਕਾਲ ਤਖ਼ਤ ਸਾਹਿਬ ਉੱਪਰ ਕਥਿਤ ਤੌਰ ’ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਹਾਲ ਕਰਵਾਉਣ ਲਈ ਸਿੱਖ ਸੰਗਤ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਨੇ ਦੱਸਿਆ ਕਿ ਲਹਿਰ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਜਸਜੀਤ ਸਿੰਘ ਸਮੁੰਦਰੀ ਜਨਰਲ ਸਕੱਤਰ ਦੀ ਸਰਪ੍ਰਸਤੀ ਹੇਠ 2 ਅਕਤੂਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਇਸ ਖੇਤਰ ਵਿਚ ਪੰਥਕ ਅਕਾਲੀ ਲਹਿਰ ਦੀਆਂ ਆਪਣੇ ਪੱਧਰ ‘ਤੇ ਮੀਟਿੰਗਾਂ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਹਿਮ ਯਤਨ ਅਰੰਭ ਕੀਤੇ ਹੋਏ ਹਨ।