ਅੰਮਿ੍ਤਸਰ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪਹਿਲਾਂ ਤੋਂ ਹੀ ਬਰਗਾੜੀ ਕਾਂਡ ਤੇ ਲਾਪਤਾ ਪਾਵਨ ਸਰੂਪ ਮਾਮਲਿਆਂ ਸਮੇਤ ਕਈ ਅਹਿਮ ਪੰਥਕ ਮੁੱਦਿਆਂ 'ਤੇ ਦੇਸ਼ ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਸਿੱਖ ਸੰਸਥਾ ਸ਼ੋ੍ਰਮਣੀ ਕਮੇਟੀ ਅਤੇ ਇਸ ਦੇ ਮੌਜੂਦਾ ਸਰਪ੍ਰਸਤ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹੁਣ ਤੋਂ ਹੀ ਪੰਥਕ ਵਿਵਾਦਾਂ ਨੂੰ ਹੱਲ ਕਰਨ ਲਈ ਵਿਉਂਤਬੰਦੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ | ਸਮਝਿਆ ਜਾਂਦਾ ਹੈ ਕਿ ਲੰਮੇ ਸਮੇਂ ਤੋਂ ਵਿਵਾਦਾਂ ਦਾ ਕਾਰਨ ਬਣੇ ਹੋਏ ਪੰਥਕ ਮਾਮਲਿਆਂ 'ਚ ਇਕ ਅਹਿਮ ਮਾਮਲਾ ਡਾ: ਪਾਲ ਸਿੰਘ ਪੁਰੇਵਾਲ ਵਲੋਂ ਸਿੱਖਾਂ ਦੀ ਵੱਖਰੀ ਹੋਂਦ ਹਸਤੀ ਤੇ ਸਭਿਆਚਾਰ ਨੂੰ ਦਰਸਾਉਣ ਹਿਤ ਤਿਆਰ ਕੀਤੇ ਨਾਨਕਸ਼ਾਹੀ ਕੈਲੰਡਰ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ਦਾ ਵੀ ਹੈ | ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਵਲੋਂ ਅਰੰਭੇ ਸੰਘਰਸ਼ ਨੂੰ ਦੇਖਦਿਆਂ ਮਜਬੂਰੀ ਵੱਸ ਭਾਜਪਾ ਨਾਲੋਂ ਸਿਆਸੀ ਗੱਠਜੋੜ ਤੋੜਨ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਨਵੇਂ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ ਤਾਂ ਸ਼ੋ੍ਰਮਣੀ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਨੇ ਸਿੱਖ ਸੰਗਤਾਂ ਦੀ ਕਚਹਿਰੀ 'ਚ ਜਾਣ ਤੋਂ ਪਹਿਲਾਂ 'ਡੈਮਜ ਕੰਟਰੋਲ' ਕਰਨ ਹਿਤ ਕੁਝ ਪੰਥਕ ਵਿਵਾਦਾਂ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਵੀ ਸ਼ੁਰੂ ਕਰ ਦਿੱਤੀਆਂ ਹਨ | ਜਾਣਕਾਰ ਸੂਤਰਾਂ ਅਨੁਸਾਰ ਹੁਣ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੰਬੇ ਅਰਸੇ ਤੋਂ ਸਿੱਖ ਪੰਥ 'ਚ ਵਿਵਾਦ ਦਾ ਕਾਰਨ ਬਣੇ ਹੋਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਲਾਗੂ ਕਰਨ ਬਾਰੇ ਵੀ ਅੰਦਰਖਾਤੇ ਵਿਚਾਰ ਸ਼ੁਰੂ ਕਰ ਦਿੱਤੀ ਗਈ ਹੈ | ਸਮਝਿਆ ਜਾਂਦਾ ਹੈ ਕਿ ਦੋਵਾਂ ਸਿੱਖ ਜਥੇਬੰਦੀਆਂ ਦੇ ਪ੍ਰਧਾਨਾਂ ਵਲੋਂ ਪਿਛਲੇ ਹਫ਼ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਾਲ ਬੰਦ ਕਮਰਾ ਬੈਠਕ ਦੌਰਾਨ ਹੋਰਨਾਂ ਪੰਥਕ ਮਾਮਲਿਆਂ ਸਮੇਤ ਇਹ ਮਾਮਲਾ ਵੀ ਵਿਚਾਰਿਆ ਗਿਆ ਸੀ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਵੀ ਇਸ ਸਬੰਧੀ ਕਈ ਸਿੱਖ ਜਥੇਬੰਦੀਆਂ ਦੇ ਮੁਖੀਆਂ ਕੋਲ ਜਾ ਕੇ ਉਨ੍ਹਾਂ ਦੀ ਸਹਿਮਤੀ ਲੈਣ ਦੀ ਕੋਸ਼ਿਸ਼ ਕਰ ਚੁੱਕੇ ਹਨ | ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ, ਅਮਰੀਕਨ ਸਿੱਖ ਗੁ: ਪ੍ਰ: ਕਮੇਟੀ ਤੇ ਪੰਥਕ ਤਾਲਮੇਲ ਸੰਗਠਨ ਸਮੇਤ ਦੇਸ਼ ਵਿਦੇਸ਼ ਦੀਆਂ ਕਈ ਪ੍ਰਮੁੱਖ ਗੁ: ਕਮੇਟੀਆਂ ਤੇ ਸਿੱਖ ਸੰਸਥਾਵਾਂ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰਦਿਆਂ ਅਜੇ ਵੀ ਗੁਰਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾ ਰਹੇ ਹਨ ਅਤੇ ਕੈਲੰਡਰ ਵਿਵਾਦ ਕਾਰਨ ਕਈ ਵਾਰ ਤਾਂ ਭਾਰਤ ਤੋਂ ਸਿੱਖ ਯਾਤਰੀ ਜਥੇ ਗੁਰਪੁਰਬਾਂ ਸਮੇਂ ਪਾਕਿਸਤਾਨ ਭੇਜਣ ਵੇਲੇ ਯਾਤਰੂਆਂ ਦੇ ਵੀਜ਼ਿਆਂ ਦੀ ਵੀ ਸਮੱਸਿਆ ਆਉਂਦੀ ਹੈ | ਜਾਣਕਾਰੀ ਅਨੁਸਾਰ ਸ਼ੋ੍ਰਮਣੀ ਕਮੇਟੀ ਦੀਆਂ ਸਿਰ 'ਤੇ ਆਈਆਂ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਅਤੇ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਸਮੇਤ ਹੋਰ ਕਈ ਸਿੱਖ ਤੇ ਗੈਰ ਸਿੱਖ ਜਥੇਬੰਦੀਆਂ ਤੋਂ ਸਖ਼ਤ ਚੁਣੌਤੀ ਮਿਲਣ ਦੀ ਸੰਭਾਵਨਾ ਕਾਰਨ ਅਕਾਲੀ ਦਲ ਬਾਦਲ ਚੋਣਾਂ ਸਮੇਂ ਪਾਵਨ ਸਰੂਪਾਂ ਦੇ ਨਾਲ-ਨਾਲ ਨਾਨਕਸ਼ਾਹੀ ਕੈਲੰਡਰ ਦੇ ਵੀ ਮੱੁਖ ਮੁੱਦਾ ਬਣਨ ਨੂੰ ਲੈ ਕੇ ਪ੍ਰੇਸ਼ਾਨੀ ਦੇ ਆਲਮ 'ਚ ਹੈ ਅਤੇ ਸਮਝਿਆ ਜਾਂਦਾ ਹੈ ਕਿ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਵਲੋਂ ਇਸ ਮਾਮਲੇ 'ਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕਰਕੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਲਾਗੂ ਕਰਨ ਦੀ ਅਪੀਲ ਕੀਤੀ ਜਾ ਸਕਦੀ ਹੈ ਤਾਂ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਤੋਂ ਇਕ ਪੰਥਕ ਮੁੱਦਾ ਖੋਹਿਆ ਜਾ ਸਕੇ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਬੀਤੇ ਵਰ੍ਹੇ ਜਦੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਤੋਂ ਭਾਰਤ ਤੱਕ ਸਜਾਏ ਨਗਰ ਕੀਰਤਨ 'ਚ ਸ਼ਾਮਿਲ ਹੋਣ ਲਈ ਸ੍ਰੀ ਨਨਕਾਣਾ ਸਾਹਿਬ ਗਏ ਸਨ ਤਾਂ ਪਾਕਿਸਤਾਨ ਗੁ: ਕਮੇਟੀ ਨੇ ਉਨ੍ਹਾਂ ਨੂੰ ਸਟੇਜ ਤੋਂ ਹੀ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ, ਖ਼ਾਸਕਰ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਦੀ ਮਿਤੀ ਸਬੰਧੀ ਵਿਵਾਦ ਹੱਲ ਕਰਨ ਦੀ ਅਪੀਲ ਕੀਤੀ ਸੀ, ਜਿਸ 'ਤੇ ਉਨ੍ਹਾਂ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਅਗਲੇ ਵਰੇ੍ਹ ਤੱਕ ਇਸ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ | ਪੰਥਕ ਹਲਕਿਆਂ ਦਾ ਕਹਿਣਾ ਹੈ ਕਿ ਜੇਕਰ ਸ਼ੋ੍ਰਮਣੀ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਚੋਣਾਂ ਅਤੇ ਸ਼ੋ੍ਰਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਤੋਂ ਪਹਿਲਾਂ ਮੂਲ ਨਾਨਕਸ਼ਾਹੀ ਕੈਲੰਡਰ ਇਸ ਵਾਰ ਲਾਗੂ ਕਰਵਾ ਲੈਂਦੀਆਂ ਹਨ ਤਾਂ ਉਨ੍ਹਾਂ ਵਲੋਂ ਇਕ ਪੰਥਕ ਵਿਵਾਦ ਤਾਂ ਖ਼ਤਮ ਕੀਤਾ ਹੀ ਜਾ ਸਕਦਾ ਹੈ |


