ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ) -ਦਿੱਲੀ ਦੇ ਇਤਿਹਾਸਿਕ ਗੁਰਦੁਆਰੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਅੱਜ ਹੋਈ ਮੀਟਿੰਗ ਦੇ ਇਕ ਮਤੇ ਅਨੁਸਾਰ ਹੁਣ 5 ਨਵੰਬਰ ਨੂੰ ਸਾਰੇ ਦੇਸ਼ ਭਰ ਵਿਚ 4 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਜਿਸਦਾ ਸਮਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਜਿਸ ਦੇ ਤਹਿਤ ਪੂਰੇ ਦੇਸ਼ 'ਚ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆ ਵਲੋਂ 26-27 ਨਵੰਬਰ ਨੂੰ ਦਿੱਲੀ ਚੱਲੋ ਮੁਹਿੰਮ ਸ਼ੁਰੂ ਹੋਵੇਗੀ। ਇਸ ਦੌਰਾਨ ਦੇਸ਼ ਦੀ ਰਾਜਧਾਨੀ ਵਿਚ ਵੱਡਾ ਪ੍ਰਦਰਸ਼ਨ ਕਰਦੇ ਹੋਏ ਦੋਵੇਂ ਦਿਨ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਅਜ ਗੁਰੂਘਰ ਵਿਖੇ ਹੋਈ ਮੀਟਿੰਗ ਅੰਦਰ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿਸਾ ਲਿਆ ਸੀ ।
ਇਸ ਮੀਟਿੰਗ ਵਿਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ ਸਨ। ਮੀਟਿੰਗ ਅੰਦਰ ਰੇਲਵੇ ਵਲੋਂ ਪੰਜਾਬ ਵਿਚ ਮਾਲ ਗੱਡੀ ਨਾ ਚਲਾਣ ਦੀ ਸਖ਼ਤ ਨਿਖੇਧੀ ਕੀਤੀ ਗਈ ।


