ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਮੇਤ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਪੁਲੀਸ ਗੋਲੀ ਕਾਂਡ ਦੀ ਤਫ਼ਤੀਸ਼ ਸੂਬਾਈ ਪੁਲੀਸ ਅਧਿਕਾਰੀਆਂ ’ਤੇ ਆਧਾਰਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਰੇਗੀ। ਇਸ ਦੌਰਾਨ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ -ਭਾਜਪਾ ਦੇ ਸਾਰੇ ਵਿਧਾਇਕਾਂ ਨੇ ਬਹਿਸ ਦਾ ਬਾਈਕਾਟ ਕਰ ਦਿੱਤਾ। ਵਿਧਾਨ ਸਭਾ ਵਿੱਚ ਅੱਜ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਬਾਰੇ ਘਟਨਾਵਾਂ ਦੀਆਂ ਪੜਤਾਲੀਆਂ ਰਿਪੋਰਟਾਂ ਦੀ ਬਹਿਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇੱਕਸੁਰ ਹੋ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਅਤੇ ਹੋਰਨਾਂ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਮੁੱਖ ਮੰਤਰੀ ’ਤੇ ਦਬਾਅ ਪਾਇਆ। ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਜਾਂਚ ਏਜੰਸੀ ਬਦਲਣ ਸਬੰਧੀ ਮਤਾ ਲਿਆਉਣ ਲਈ ਕਿਹਾ ਅਤੇ ਸ੍ਰੀ ਬਾਜਵਾ ਨੇ ਸਦਨ ਵਿੱਚ ਬਰਗਾੜੀ ਬੇਅਦਬੀ ਘਟਨਾ ਅਤੇ ਗੋਲੀਕਾਂਡਾਂ ਦੇ ਮਾਮਲਿਆਂ ਦੀ ਜਾਂਚ ਸੀਬੀਆਈ ਦੀ ਥਾਂ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤੋਂ ਕਰਾਉਣ ਦਾ ਮਤਾ ਪੇਸ਼ ਕੀਤਾ। ਇਸ ਮਤੇ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮੁੱਖ ਮੰਤਰੀ ਨੇ ਇਨ੍ਹਾਂ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਾਉਣ ਅਤੇ ਜਾਂਚ ਦੇ ਆਧਾਰ ’ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਤੋਂ ਬਾਅਦ ਪਹਿਲੀ ਵਾਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਨਿੱਜੀ ਹਮਲੇ ਕੀਤੇ। ਉਨ੍ਹਾਂ ਸਦਨ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਵਿਰੁੱਧ ਬੁਜ਼ਦਿਲ, ਝੂਠਾ ਤੇ ਡਰਪੋਕ ਜਿਹੇ ਸ਼ਬਦ ਵਰਤੇ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਜਿਨ੍ਹਾਂ ਸਮਾਜਿਕ ਤੇ ਆਰਥਿਕ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਉਸ ਦੀ ਜੜ੍ਹ ਪ੍ਰਕਾਸ਼ ਸਿੰਘ ਬਾਦਲ ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਅਕਤੀ ਨੇ ਅਤਿਵਾਦ ਦੇ ਸਮੇਂ ਗੱਲਬਾਤ ਨੂੰ ਤਾਰਪੀਡੋ ਕੀਤਾ ਅਤੇ ਆਪਣੇ ਨਿੱਜੀ ਮੁਫ਼ਾਦਾਂ ਲਈ ਰਾਜਨੀਤੀ ਕੀਤੀ। ਸਾਕਾ ਨੀਲਾ ਤਾਰਾ ਲਈ ਵੀ ਕੈਪਟਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਾਂਗਰਸ ਅਤੇ ‘ਆਪ’ ਵਿਧਾਇਕਾਂ ਵੱਲੋਂ ਬਾਦਲਾਂ ਖਿਾਲਾਫ਼ ਕਾਰਵਾਈ ਦੀ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕਿਹਾ ‘‘ਬਾਦਲ ਦਾ ਕਿਰਦਾਰ ਹੀ ਅਜਿਹਾ ਹੈ ਜੋ ਕਿਸੇ ਪ੍ਰਕਾਰ ਦੀ ਰਾਹਤ ਦਾ ਹੱਕਦਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਦਲ ਬਿਮਾਰ ਹੋਣ ਦਾ ਬਹਾਨਾ ਕਰ ਰਿਹਾ ਹੈ, ਅਸਲ ਵਿੱਚ ਉਸ ਨੂੰ ਪਤਾ ਹੈ ਕਿ ਸਦਨ ਵਿੱਚ ਬੁਰੀ ਹੋਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸ ਇਸ ਵਿਅਕਤੀ ਨੂੰ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅਤਿਵਾਦ ਦੇ ਸਮੇਂ ਅਤਿਵਾਦੀਆਂ ਨੂੰ ਹੱਲਾਸ਼ੇਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਜਾਂਦੀ ਰਹੀ ਹੈ ਤੇ ਆਪਣਾ ਪੁੱਤ ਪੜ੍ਹਨ ਲਈ ਵਿਦੇਸ਼ ਭੇਜ ਦਿੱਤਾ। ਮੁੱਖ ਮੰਤਰੀ ਨੇ ਬਿਕਰਮ ਸਿੰਘ ਮਜੀਠੀਆ ’ਤੇ ਨਿੱਜੀ ਹਮਲਾ ਕਰਦਿਆਂ ਕਿਹਾ, ‘ਮੈਂ ਇਸ ਦੇ ਪੜਦਾਦੇ ਤੋਂ ਲੈ ਕੇ ਪਿਤਾ ਤੱਕ ਸਾਰੇ ਖਾਨਦਾਨ ਨੂੰ ਜਾਣਦਾ ਹਾਂ। ਇਹ ਇੱਕੋ ਇਹੋ ਅਜਿਹਾ ਵਿਅਕਤੀ ਹੈ, ਜੋ ਖਾਨਦਾਨ ਵਿੱਚ ਸਭਨਾਂ ਨਾਲੋਂ ਵੱਖਰਾ ਹੈ। ਉਨ੍ਹਾਂ ਇੱਥੋਂ ਤੱਕ ਕਿਹਾ, ‘ਪਤਾ ਨਹੀਂ ਇਹ ਕਿੱਥੋਂ ਆਇਐ’।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਗੱਲ ਵੀ ਸਮਝ ਤੋਂ ਬਾਹਰ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋ ਗਈ ਤੇ ਲੋਕ ਰੋਸ ਮਨਾਉਣ ਲਈ ਸੜਕਾਂ ’ਤੇ ਉਤਰੇ ਹੋਏ ਸਨ ਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਹੋਏ ਘੂਕ ਸੁੱਤੇ ਪਏ ਸਨ। ਉਨ੍ਹਾਂ ਕਿਹਾ ਕਿ ਪੜਤਾਲੀਆ ਰਿਪੋਰਟਾਂ ਤੋਂ ਤਾਂ ਇਸ ਤਰ੍ਹਾਂ ਜਾਪਦਾ ਹੈ ਕਿ ਜਿਵੇਂ ਪ੍ਰਕਾਸ਼ ਸਿੰਘ ਬਦਲ ਗੋਲੀ ਚਲਾਉਣ ਦਾ ਪ੍ਰਬੰਧ ਕਰ ਰਹੇ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਜਿ਼ੰਮੇਵਾਰੀ ਲੈਣੀ ਪਵੇਗੀ ਤੇ ਹੇਠਲੇ ਅਫਸਰਾਂ ’ਤੇ ਜਿ਼ੰਮੇਵਾਰੀ ਲੱਦ ਦੇਣ ਨਾਲ ਕੰਮ ਨਹੀਂ ਚੱਲਣਾ। ਉਨ੍ਹਾਂ ਕਿਹਾ ਕਿ ਜਦੋਂ ਕੋਟਕਪੂਰਾ ਵਿੱਚ ਧਰਨੇ ਮੁਜ਼ਾਹਰੇ ਹੋ ਰਹੇ ਸਨ ਤਾਂ ਹੋਰਨਾਂ ਥਾਵਾਂ ਉੱਤੇ ਵੀ ਕਈ ਧਰਨੇ ਚੱਲ ਰਹੇ ਸਨ ਪਰ ਸਰਕਾਰ ਵੱਲੋਂ ਇਸ ਥਾਂ ’ਤੇ ਹੀ ਸ਼ਕਤੀ ਦੀ ਵਰਤੋਂ ਕੀਤੀ ਗਈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਹੁੰਦਿਆਂ ਵੀ ਬਾਦਲ ਪਰਿਵਾਰ ’ਤੇ ਭ੍ਰਿਸ਼ਟਾਚਾਰ ਦੇ ਕੇਸ ਦਰਜ ਕੀਤੇ ਸਨ ਪਰ ਸਾਰੇ ਗਵਾਹ ਮੁੱਕਰ ਗਏ ਪਰ ਇਸ ਵਾਰੀ ਪੱਕੇ ਪੈਰੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ’ਤੇ ਅੱਜ ਵਿਧਾਨ ਸਭਾ ਵਿੱਚ ਹੋਈ ਬਹਿਸ ਦਾ ਬਾਈਕਾਟ ਕਰ ਕੇ ਸਦਨ ਦੇ ਬਾਹਰ ਆਪਣਾ ‘ਮੌਕ ਸੈਸ਼ਨ’ ਚਲਾਇਆ। ਅਕਾਲੀ-ਭਾਜਪਾ ਵਿਧਾਇਕਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਬਹਿਸ ’ਤੇ ਬੋਲਣ ਲਈ ਅਲਾਟ ਕੀਤੇ 14 ਮਿੰਟ ਦੇ ਸਮੇਂ ਨੂੰ ਘੱਟ ਕਰਾਰ ਦਿੰਦਿਆਂ ਸਦਨ ਵਿੱਚ ਹੰਗਾਮਾ ਕੀਤਾ, ਜਿਸ ਕਾਰਨ ਸਪੀਕਰ ਨੂੰ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰਨੀ ਪਈ।
ਸਪੀਕਰ ਵੱਲੋਂ ਅਕਾਲੀ ਵਿਧਾਇਕਾਂ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਕਾਮਯਾਬ ਨਾ ਹੋਈਆਂ। ਸਦਨ ਦੇ ਮੁੜ ਜੁੜਨ ’ਤੇ ਅਕਾਲੀ-ਭਾਜਪਾ ਵਿਧਾਇਕ ਸਦਨ ਵਿੱਚ ਨਹੀਂ ਆਏ ਤੇ ਬਾਹਰ ਆਪਣਾ ਮੌਕ ਸੈਸ਼ਨ ਚਲਾ ਲਿਆ। ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚਲਦੇ ਸੈਸ਼ਨ ਨੂੰ ਸੰਸਦੀ ਪ੍ਰਣਾਲੀ ਅਤੇ ਮਰਿਆਦਾ ਦੇ ਖਿਲਾਫ਼ ਦੱਸਦਿਆਂ ਨਿੰਦਾ ਕਰਨ ਦੀ ਮੰਗ ਕੀਤੀ ਅਤੇ ਸਦਨ ਨੇ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਅੱਜ ਅਕਾਲੀ-ਭਾਜਪਾ ਨੂੰ ਬੋਲਣ ਦਾ ਲੋਕਤੰਤਰੀ ਅਧਿਕਾਰ ਦੇਣ ਤੋਂ ਇਨਕਾਰ ਕਰ ਦਿੱਤਾ, ਜੋ ਜਮਹੂਰੀਅਤ ਦਾ ਕਤਲ ਹੈ। ਉਨ੍ਹਾਂ ਕਿਹਾ, ‘‘ਅਕਾਲੀ-ਭਾਜਪਾ ਨੇ ਸੈਸ਼ਨ ਦਾ ਬਾਈਕਾਟ ਨਹੀਂ ਕੀਤਾ, ਸਗੋਂ ਸਪੀਕਰ ਨੇ ਸਾਨੂੰ ਆਪਣਾ ਕੇਸ ਪੇਸ਼ ਕਰਨ ਲਈ ਸਿਰਫ 14 ਮਿੰਟਾਂ ਦੇ ਸਮਾਂ ਦੇ ਕੇ ਸਾਡਾ ਮੂੰਹ ਬੰਦ ਕਰ ਦਿੱਤਾ।’’ ਉਨ੍ਹਾਂ ਕਿਹਾ, ‘‘ਅਸੀਂ ਕਮਿਸ਼ਨ ਦੀ ਰਿਪੋਰਟ ਬਾਰੇ ਚਰਚਾ ਕਰਨੀ ਚਾਹੁੰਦੇ ਸਾਂ ਪਰ ਸਪੀਕਰ ਨੇ ਜਾਣਬੁੱਝ ਕੇ ਤਾਨਾਸ਼ਾਹ ਰਵੱਈਆ ਅਪਣਾਇਆ।’’ ਸ੍ਰੀ ਬਾਦਲ ਨੇ ਦਾਅਵਾ ਕੀਤਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਉੱਤੇ ਝੂਠਾ ਫਸਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਰਕਾਰ ਨੂੰ ਕਾਮਯਾਬੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਸੇ ਰਿਪੋਰਟ ਨੇ ਬੇਅਦਬੀ ਦੇ ਕੇਸਾਂ ਵਿਚਲਾ ਸੱਚ ਬਾਹਰ ਲਿਆਉਣ ਕੀਤੀਆਂ ਈਮਾਨਦਾਰ ਅਤੇ ਸਖ਼ਤ ਕੋਸ਼ਿਸ਼ਾਂ ਲਈ ਸਰਕਾਰੀ ਮਸ਼ੀਨਰੀ ਦੀ ਤਾਰੀਫ਼ ਕੀਤੀ ਹੈ, ਜਿਨ੍ਹਾਂ ਵਿਚ ਸੀਨੀਅਰ ਪੁਲਿਸ ਅਧਿਕਾਰੀ ਆਰ.ਐਸ. ਖੱਟੜਾ ਵੀ ਸ਼ਾਮਿਲ ਹਨ। ਇਹ ਰਿਪੋਰਟ ਕੈਪਟਨ ਅਮਰਿੰਦਰ ਸਿੰਘ, ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਜੀਤ ਸਿੰਘ ਦਾਦੂਵਾਲ ਅਤੇ ਉਨ੍ਹਾਂ ਦੀਆਂ ‘ਸ਼ਾਮਾਂ ਦੇ ਸਾਥੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ’, ਜਿਸ ਨੂੰ ਸਿਰਫ ਇਸ ਰਿਪੋਰਟ ਨੂੰ ਕਾਨੂੰਨੀ ਰੰਗ ਦੇਣ ਵਾਸਤੇ ‘ਘੁੱਗੀ ਮਾਰਨ ਲਈ’ ਵਰਤਿਆ ਗਿਆ, ਆਦਿ ਵੱਲੋਂ ਲਿਖਿਆ, ਤਿਆਰ ਕੀਤਾ ਅਤੇ ਨਿਰਦੇਸ਼ਿਤ ਕੀਤਾ ਇੱਕ ਘਟੀਆ ਨਾਟਕ ਸੀ। ‘ਮੌਕ ਸੈਸ਼ਨ’ ਦੀ ਪ੍ਰਧਾਨਗੀ ਲਖਬੀਰ ਸਿੰਘ ਲੋਧੀਨੰਗਲ ਨੇ ਕੀਤੀ। ‘ਬਹਿਸ’ ਵਿਚ ਬਿਕਰਮ ਸਿੰਘ ਮਜੀਠੀਆ, ਹਰਿੰਦਰਪਾਲ ਚੰਦੂਮਾਜਰਾ, ਗੁਰਪ੍ਰਤਾਪ ਵਡਾਲਾ, ਪਵਨ ਕੁਮਾਰ ਟੀਨੂ, ਬਲਦੇਵ ਖਾਰਾ, ਅਰੁਣ ਨਾਰੰਗ, ਡਾਕਟਰ ਸੁਖਵਿੰਦਰ ਸੁੱਖੀ, ਪਰਕਾਸ਼ ਚੰਦ ਗਰਗ ਅਤੇ ਐਨਕੇ ਸ਼ਰਮਾ ਸ਼ਾਮਿਲ ਹੋਏ।