ਤਲਵੰਡੀ ਸਾਬੋ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਕੇ ਕੇਂਦਰ ਨੇ ਸਿੱਖ ਕੌਮ ’ਤੇ ਭਵਿੱਖ ਵਿੱਚ ਆਉਣ ਵਾਲੀ ਵੱਡੀ ਬਿਪਤਾ ਟਾਲੀ ਹੈ। ਇੱਥੇ ਆਪਣੀ ਰਿਹਾਇਸ਼ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੀ ਹੱਦਾਂ ’ਤੇ ਬੈਠੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਸੱਤ ਸੌ ਤੋਂ ਵੱਧ ਕੀਮਤੀ ਜਾਨਾਂ ਚਲੀਆਂ ਗਈਆਂ ਹਨ, ਜਿਨ੍ਹਾਂ ਦਾ ਹਮੇਸ਼ਾ ਅਫ਼ਸੋਸ ਰਹੇਗਾ।
ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਦੇਸ਼-ਵਿਦੇਸ਼ ਦੇ ਸਿੱਖਾਂ ਦਾ ਵੀ ਹਰ ਪੱਖੋਂ ਵਿਸ਼ੇਸ਼ ਯੋਗਦਾਨ ਰਿਹਾ ਹੈ। ਚਿੰਤਾ ਦਾ ਵਿਸ਼ਾ ਇਹ ਸੀ ਕਿ ਕਿਸਾਨ ਅੰਦੋਲਨ ਵਿੱਚ ਕੁੱਝ ਅਜਿਹੀਆਂ ਧਿਰਾਂ ਸਨ, ਜੋ ਸਿੱਖ ਸੋਚ, ਸਿੱਖ ਫਲਸਫ਼ੇ ਅਤੇ ਸਿੱਖ ਇਤਿਹਾਸ ਨੂੰ ਦਰਕਿਨਾਰ ਕਰ ਰਹੀਆਂ ਸਨ ਤੇ ਕੁੱਝ ਅਜਿਹੀਆਂ ਧਿਰਾਂ ਵੀ ਸਨ, ਜੋ ਕਿਸਾਨੀ ਦੇ ਇਸ ਮਸਲੇ ਨੂੰ ਸਿੱਖਾਂ ਅਤੇ ਭਾਰਤ ਸਰਕਾਰ ਨਾਲ ਜੋੜਨ ਦਾ ਯਤਨ ਕਰ ਰਹੀਆਂ ਸਨ। ਇਸ ਦੇ ਆਉਣ ਵਾਲੇ ਸਮੇਂ ਵਿੱਚ ਵੱਡੇ ਨੁਕਸਾਨ ਝੱਲਣੇ ਪੈ ਸਕਦੇ ਸਨ ਪਰ ਹੁਣ ਇਹ ਚਿੰਤਾ ਟਲ ਗਈ ਹੈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਕੈਬਨਿਟ ਦਾ ਧੰਨਵਾਦ ਕੀਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੀ ਆੜ ਵਿੱਚ ਕੁੱਝ ਸ਼ਰਾਰਤੀ ਧਿਰਾਂ ਭਾਈਚਾਰਕ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਚਾਹੁੰਦੇ ਹਨ ਕਿ ਭਾਰਤ ਵਿੱਚ ਸਿੱਖ ਚੰਗੀ ਜ਼ਿੰਦਗੀ ਗੁਜ਼ਾਰਦੇ ਰਹਿਣ। ਉਨ੍ਹਾਂ ਕਿਹਾ ਕਿ ਹਿੰਦੂ-ਸਿੱਖ ਦਾ ਰਿਸ਼ਤਾ ਮਜ਼ਬੂਤ ਸੀ, ਮਜ਼ਬੂਤ ਹੈ ਅਤੇ ਮਜ਼ਬੂਤ ਹੀ ਰਹੇ। ਇਸ ਕਾਰਜ ਲਈ ਉਹ ਹਮੇਸ਼ਾ ਯਤਨਸ਼ੀਲ ਰਹੇ ਹਨ ਅਤੇ ਅੱਗੇ ਵੀ ਯਤਨਸ਼ੀਲ ਰਹਿਣਗੇ। ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਗੁਰੂ ਨਾਨਕ ਦੇਵ ਦੇ ਅਵਤਾਰ ਦਿਹਾੜੇ ਮੌਕੇ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਰਖਵਾਏ ਗਏ ਅਖੰਡ ਪਾਠਾਂ ਦੇ ਅਰਦਾਸ ਸਮਾਗਮ ਮੌਕੇ ਵੀ ਸ਼ਾਮਲ ਹੋਏ।


