ਅੰਮ੍ਰਿਤਸਰ - ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ 17 ਮੈਂਬਰੀ ਜਥੇ ਨੇ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਮੱਥਾ ਟੇਕਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰੋਜ਼ਾਨਾ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਗੀ ਜਥੇ ਭੇਜੇ ਜਾਣਗੇ। ਇਸ ਤੋਂ ਇਲਾਵਾ ਲੋੜ ਅਨੁਸਾਰ ਰਸਦਾਂ ਅਤੇ ਹੋਰ ਲੋੜੀਂਦਾ ਸਾਮਾਨ ਵੀ ਪੁੱਜਦਾ ਕੀਤਾ ਜਾਵੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ ਤੇ ਤਾਰੂ ਸਿੰਘ ਸਣੇ ਹੋਰ ਸਿੱਖ ਆਗੂਆਂ ਨੇ ਜਥੇ ਦਾ ਨਿੱਘਾ ਸਵਾਗਤ ਕੀਤਾ। ਗੁਰਦੁਆਰਾ ਕਰਤਾਰਪੁਰ ਸਾਹਿਬ ਪੁੱਜ ਕੇ ਬੀਬੀ ਜਗੀਰ ਕੌਰ ਨੇ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕਰ ਕੇ ਸ਼ਰਧਾ ਪ੍ਰਗਟਾਈ ਅਤੇ ਸਰਬੱਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸੇ ਦੌਰਾਨ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਨੇ ਕੀਰਤਨ ਕੀਤਾ। ਦੇਸ਼ ਪਰਤਣ ਮਗਰੋਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਸਰਕਾਰਾਂ ਨੂੰ ਇਸ ਸੰਸਥਾ ਨੂੰ ਬਣਦਾ ਮਾਣ-ਸਨਮਾਨ ਦੇਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਭਾਰਤ ਤੇ ਪੰਜਾਬ ਦੀ ਸਰਕਾਰ ’ਤੇ ਗਿਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਦੇ ਸਬੰਧਿਤ ਅਧਿਕਾਰੀਆਂ ਦੇ ਕਹਿਣ ਅਨੁਸਾਰ 101 ਮੈਂਬਰਾਂ ਦੀ ਪ੍ਰਵਾਨਗੀ ਮੰਗੀ ਸੀ ਪਰ ਦੁੱਖ ਦੀ ਗੱਲ ਹੈ ਕਿ ਸਿਰਫ਼ 20 ਜਣਿਆਂ ਨੂੰ ਹੀ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ’ਚੋਂ ਤਿੰਨ ਮੈਂਬਰ ਸੂਚਨਾ ਮਿਲਣ ਵਿਚ ਹੋਈ ਦੇਰ ਕਾਰਨ ਨਹੀਂ ਜਾ ਸਕੇ, ਜਿਸ ਕਰ ਕੇ ਅੱਜ ਸਿਰਫ਼ 17 ਮੈਂਬਰੀ ਵਫ਼ਦ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਹੋ ਕੇ ਪਰਤਿਆ ਹੈ। ਜਥੇ ਵਿੱਚ ਸਾਬਕਾ ਅਕਾਲੀ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਕਿਰਨਜੋਤ ਕੌਰ ਸ਼ਾਮਲ ਸਨ।


