ਅੰਮ੍ਰਿਤਸਰ - ਇੱਥੇ ਦਰਬਾਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ। ਇਸ ਮੌਕੇ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ ਅਤੇ ਦੀਪਮਾਲਾ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਭਾਈ ਧਰਮਵੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਤੇਜਿੰਦਰ ਸਿੰਘ ਪੱਡਾ, ਮਲਕੀਤ ਸਿੰਘ ਬਹਿੜਵਾਲ ਸਣੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ। ਇਸ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਭਾਈ ਵੀਰ ਸਿੰਘ ਨਿਵਾਸ ਤੋਂ ਪ੍ਰਭਾਤ ਫੇਰੀ ਵੀ ਕੱਢੀ ਗਈ, ਜੋ ਹਰਿਮੰਦਰ ਸਾਹਿਬ ਪੁੱਜ ਕੇ ਸਮਾਪਤ ਹੋਈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਾਏ ਗਏ।
ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ।
ਤਖ਼ਤ ਦਮਦਮਾ ਸਾਹਿਬ ਵਿੱਚ ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਨਤਮਸਤਕ ਹੋਈ। ਇਸ ਦੌਰਾਨ ਅਖੰਡ ਪਾਠ ਦੇ ਭੋਗ ਪਾਉਣ ਮਗਰੋਂ ਕੀਰਤਨ ਕੀਤਾ ਗਿਆ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਅਤੇ ਗੁਰੂ ਸਾਹਿਬ ਦੇ ਫਲਸਫ਼ੇ ’ਤੇ ਚੱਲਣ ਲਈ ਪ੍ਰੇਰਿਆ। ਇਸੇ ਤਰ੍ਹਾਂ ਗੁਰਦੁਆਰਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰਨ ਮਨਾਇਆ ਗਿਆ। ਮਸਤੂਆਣਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਕਾਕਾ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ।


