ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਤੋਂ ਮਿਲੇ ‘ਫਖ਼ਰ-ਏ-ਕੌਮ’ ਦਾ ਸਨਮਾਨ ਵਾਪਸ ਲੈਣ ਲਈ ਇਕ ਆਨਲਾਈਨ ਪਟੀਸ਼ਨ ਪਾਈ ਗਈ ਹੈ। ਇਸ ਵਿੱਚ ਮੰਗ ਕੀਤੀ ਗਈ ਹੈ ਕਿ ਸ੍ਰੀ ਬਾਦਲ ਤੋਂ ਇਹ ਸਨਮਾਨ ਵਾਪਸ ਲਿਆ ਜਾਵੇ ਕਿਉਂਕਿ ਉਨ੍ਹਾਂ ਦੀ ਹਕਮੂਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ ਜਿਸ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਸਭ ਤੱਥ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜੌਰੀ ਗਾਰਡਨ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਦੋਵੇਂ ਬਾਦਲ ਪਿਉ-ਪੁੱਤਰ ਦੀ ਭੂਮਿਕਾ ਤੋਂ ਪਰਦਾ ਉੱਠ ਗਿਆ ਹੈ। ਇਸ ਲਈ ਵੱਡੇ ਬਾਦਲ ਤੋਂ ਸਨਮਾਨ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਪਟੀਸ਼ਨ ਉਪਰ ਹਰ ਉਹ ਦਰਦਮੰਦ ਸਿੱਖ ਦਸਤਖ਼ਤ ਕਰੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਦੁੱਖੀ ਹੈ।
ਉਨ੍ਹਾਂ ਕਿਹਾ ਕਿ ਪੰਥਕ ਸਰਕਾਰ ਵੇਲੇ ਹੀ ਬੇਅਦਬੀ ਕਾਂਡ ਵਾਪਰਿਆ ਤੇ ਫਿਰ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਲੋਕਾਂ ਉਪਰ ਗੋਲੀਆਂ ਚਲਾਈਆਂ ਤੇ ਬੇਕਿਰਕ ਹੋ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਪਟੀਸ਼ਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਜਾਵੇਗੀ। ਜਰਨੈਲ ਸਿੰਘ ਨੇ ਦੱਸਿਆ ਕਿ 3500 ਤੋਂ ਵਧ ਲੋਕਾਂ ਵੱਲੋਂ ਦੇਸ਼-ਵਿਦੇਸ਼ ਤੋਂ ਇਸ ਪਟੀਸ਼ਨ ਉਪਰ ਦਸਤਖ਼ਤ ਕੀਤੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਜਰਨੈਲ ਸਿੰਘ ਨੇ ਦਿੱਲੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਵਿਧਾਇਕੀ ਛੱਡ ਕੇ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਬਠਿੰਡਾ ਦੇ ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਲੜੀ ਸੀ।


