ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸੱਤ ਮੈਂਬਰੀ ਪੜਤਾਲੀਆ ਕਮੇਟੀ ਨੇ ਇਸ ਸਬੰਧੀ ਪਲੇਠੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ 15 ਤੇ 18 ਦਸੰਬਰ ਨੂੰ ਵਾਪਰੀਆਂ ਬੇਅਦਬੀ ਦੀਆਂ ਦੋ ਘਟਨਾਵਾਂ ਬਾਰੇ ਘੋਖ ਵਿਚਾਰ ਕੀਤੀ ਗਈ। ਇਹ ਜਾਂਚ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। ਦੂਜੇ ਪਾਸੇ ਪੁਲੀਸ ਨੂੰ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਪਛਾਣ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ ਹੈ।
ਸ਼੍ਰੋਮਣੀ ਕਮੇਟੀ ਦੀ ਸੱਤ ਮੈਂਬਰੀ ਕਮੇਟੀ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਸਮੇਤ ਦੋ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਗੁਰਚਰਨ ਸਿੰਘ ਗਰੇਵਾਲ ਅਤੇ ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦਾ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਨਾਮਜ਼ਦ ਕੀਤਾ ਗਿਆ ਹੈ।
ਮੀਟਿੰਗ ਵਿਚ ਕਮੇਟੀ ਦੇ ਸੱਤ ਮੈਂਬਰ ਤੇ ਹੋਰ ਅਧਿਕਾਰੀ ਹਾਜ਼ਰ ਸਨ। ਮਿਲੇ ਵੇਰਵਿਆਂ ਮੁਤਾਬਕ ਕਮੇਟੀ ਵੱਲੋਂ 15 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਗੁਟਕਾ ਸੁੱਟਣ ਵਾਲੀ ਘਟਨਾ ਤੇ 18 ਦਸੰਬਰ ਨੂੰ ਪ੍ਰਕਾਸ਼ ਅਸਥਾਨ ’ਤੇ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਵਾਪਰੀ ਘਟਨਾ ਬਾਰੇ ਘੋਖ ਵਿਚਾਰ ਕੀਤਾ ਹੈ। ਕਮੇਟੀ ਇਸ ਸਿੱਟੇ ’ਤੇ ਪੁੱਜੀ ਹੈ ਕਿ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਸਰਕਾਰ ਅਤੇ ਪੁਲੀਸ ਤੰਤਰ ਅਸਲੀ ਗੁਨਾਹਗਾਰਾਂ ਨੂੰ ਕਾਬੂ ਕਰਨ ਵਿੱਚ ਤੇ ਇਨ੍ਹਾਂ ਘਟਨਾਵਾਂ ਪਿਛਲੇ ਉਦੇਸ਼ ਨੂੰ ਸਾਹਮਣੇ ਲਿਆਉਣ ਵਿੱਚ ਅਸਫਲ ਰਹੇ ਹਨ। ਕਮੇਟੀ ਵੱਲੋਂ ਘਟਨਾਵਾਂ ਨੂੰ ਰੋਕਣ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਪੁਲੀਸ ਦੇ ਡੀਸੀਪੀ ਪੀਐੱਸ ਭੰਡਾਲ, ਜੋ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਹਨ, ਨੇ ਦੱਸਿਆ ਕਿ ਪੁਲੀਸ ਨੂੰ ਹੁਣ ਤਕ ਮੁਲਜ਼ਮ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ਜਾਂਚ ਕਮੇਟੀ ਨੇ ਹੁਣ ਤਕ ਦੀ ਆਪਣੀ ਰਿਪੋਰਟ ਪੁਲੀਸ ਕਮਿਸ਼ਨਰ ਨੂੰ ਸੌਂਪ ਦਿੱਤੀ ਹੈ। ਇਸੇ ਤਰ੍ਹਾਂ 15 ਦਸੰਬਰ ਨੂੰ ਸਰੋਵਰ ਵਿਚ ਗੁਟਕਾ ਸੁੱਟਣ ਵਾਲੇ ਵਿਅਕਤੀ ਨੂੰ ਦਿਮਾਗੀ ਤੌਰ ’ਤੇ ਬਿਮਾਰ ਦੱਸਿਆ ਗਿਆ ਹੈ। ਮੁਲਜ਼ਮ ਇਸ ਵੇਲੇ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਵਿੱਚ ਹੈ।


