ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਪੰਥਕ ਤੇ ਪੰਜਾਬ ਦੀਆਂ ਚਿਰੋਕਣੀਆਂ ਮੰਗਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੌਂਪੇ ਗਏ ਮੰਗ ਪੱਤਰ ’ਤੇ ਅਮਿਤ ਸ਼ਾਹ ਨੇ ਵਫ਼ਦ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਭਾਜਪਾ ਦੇ ਆਗੂ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।
ਮੀਟਿੰਗ ਬਾਰੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਾਰਟੀ ਆਗੂਆਂ ਨੇ ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਕੋਲ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਨੂੰ ਕੁੱਲ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੂਚੀ ਸੌਂਪੀ ਗਈ ਹੈ, ਜਿਸ ’ਤੇ ਕੇਂਦਰੀ ਗ੍ਰਹਿ ਮੰਤਰੀ ਨੇ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਆਰਥਕ ਪੈਕੇਜ ਦੇਣ ਦੀ ਮੰਗ ਵੀ ਕੀਤੀ। ਸ੍ਰੀ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਤੋਂ ਜੰਮੂ-ਕਸ਼ਮੀਰ ਦੀ ਤਰਜ਼ ’ਤੇ ਪੈਕੇਜ ਦੇਣ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਪਰੋਕਤ ਮੰਗਾਂ ਨੂੰ ਵਿਚਾਰਨ ਉਪਰੰਤ ਹੱਲ ਕੱਢਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਥਕ ਮਸਲਿਆਂ ਦਾ ਹੱਲ ਕੱਢੇ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਇਨ੍ਹਾਂ ਮਸਲਿਆਂ ਵਿੱਚ ਵਿਸ਼ੇਸ਼ ਤੌਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਵੱਡੀ ਮੰਗ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਤੇ ਪੰਜਾਬ ਵਿੱਚ ਸਿੱਖਾਂ ਅਤੇ ਸੂਬੇ ਦਾ ਜੋ ਨੁਕਸਾਨ ਕੀਤਾ ਹੈ ਉਹ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਮੌਕੇ ਵਫ਼ਦ ਵਿੱਚ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਜਗਦੀਸ਼ ਸਿੰਘ ਗਰਚਾ, ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬਪੀਆਣਾ, ਸੁਖਵੰਤ ਸਿੰਘ ਸਰਾਓ ਤੇ ਹਰਪ੍ਰੀਤ ਸਿੰਘ ਬੰਨੀ ਜੌਲੀ ਸ਼ਾਮਲ ਸਨ।
ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇੱਕ ਪੰਥਕ ਪਾਰਟੀ ਹੈ, ਜੋ ਪੰਥ ਦੇ ਮਸਲਿਆਂ ਦੀ ਡਟਵੀਂ ਪੈਰਵਾਈ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕਰਜ਼ੇ ਦੇ ਭਾਰ ਕਾਰਨ ਇਸ ਵੇਲੇ ਡੂੰਘੇ ਸੰਕਟ ਵਿੱਚੋਂ ਲੰਘ ਰਿਹਾ ਹੈ। ਸ੍ਰੀ ਢੀਂਡਸਾ ਕਿਹਾ ਕਿ ਜੇ ਇਹ ਵੇਲਾ ਨਾ ਸੰਭਾਲਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਥ ਤੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਬਣੀ ਹੈ।


