ਅੰਮ੍ਰਿਤਸਰ - ਦਿੱਲੀ ਸਰਕਾਰ ਵੱਲੋਂ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੱਦ ਕਰਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਲਈ ਗਲੇ ਦੀ ਹੱਡੀ ਬਣ ਸਕਦਾ ਹੈ। ਇਸ ਸਬੰਧੀ ਅੱਜ ਸਿੱਖ ਜਥੇਬੰਦੀਆਂ ਨੇ ‘ਆਪ’ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ ਕੀਤਾ ਹੈ।
ਸਿਧਾਂਤਕ ਗੁਰਮਤਿ ਪ੍ਰਚਾਰ ਲਹਿਰ ਜਥੇਬੰੰਦੀ ਦੇ ਆਗੂ ਭਾਈ ਜੈਮਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਜਥੇਦਾਰ ਅਤੇ ਸਿੱਖ ਸੰਗਤ ਦੇ ਨਾਂ ਇੱਕ ਪੱਤਰ ਸੌਂਪਿਆ ਹੈ। ਭਾਈ ਜੈਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੱਤਰ ਰਾਹੀਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਮੈਦਾਨ ਵਿੱਚ ਖੜ੍ਹੇ ਕੀਤੇ ਗਏ ਸਿੱਖ ਉਮੀਦਵਾਰਾਂ ਕੋਲੋਂ ਪੁੱਛਣ ਕਿ ਕੀ ਉਹ ਸਿੱਖ ਕੌਮ ਦੇ ਨਾਲ ਹਨ ਜਾਂ ਵਿਰੋਧ ਵਿੱਚ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਸਬੰਧੀ ਅਪੀਲ ਰੱਦ ਕਰ ਦਿੱਤੀ ਹੈ ਤੇ ਉਨ੍ਹਾਂ ਦਾ ਫ਼ੈਸਲਾ ਸਿੱਖ ਵਿਰੋਧੀ ਹੈ ਜਿਸ ਨਾਲ ਉਨ੍ਹਾਂ ਦਾ ਸਿੱਖ ਵਿਰੋਧੀ ਚਿਹਰਾ ਵੀ ਨੰਗਾ ਹੋਇਆ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਇਸ ਸਬੰਧੀ ਕੌਮ ਨੂੰ ਸੇਧ ਦੇਣ ਦੀ ਅਪੀਲ ਕੀਤੀ।
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਉਹ ਬੀਤੇ ਦਿਨ ਕੁੱਲ ਹਿੰਦ ਅਤਿਵਾਦ ਵਿਰੋਧੀ ਫਰੰਟ ਦੇ ਮੁਖੀ ਮਨਿੰਦਰਜੀਤ ਸਿੰਘ ਬਿੱਟਾ ਨੂੰ ਮਿਲੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਬਿੱਟਾ ਨੇ ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਸੀ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਕਿ ਪ੍ਰੋ. ਭੁੱਲਰ ਦੀ ਰਿਹਾਈ ਵਿੱਚ ਅੜਿੱਕਾ ਬਣ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੱਖ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਕੇਂਦਰ ਸਰਕਾਰ ਉਨ੍ਹਾਂ ਦੀ ਰਿਹਾਈ ਬਾਰੇ ਪ੍ਰਵਾਨਗੀ ਦੇ ਚੁੱਕੀ ਹੈ ਪਰ ਕੇਜਰੀਵਾਲ ਸਰਕਾਰ ਨੇ ਰਿਹਾਈ ਦਾ ਮਤਾ ਚਾਰ ਵਾਰ ਰੱਦ ਕੀਤਾ ਹੈ। ਕੇਜਰੀਵਾਲ ਸਰਕਾਰ ਦੀ ਇਹ ਕਾਰਵਾਈ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਹੈ, ਜਿਸ ਕਾਰਨ ਸਿੱਖ ਸੰਗਤ ਵਿਚ ਰੋਸ ਹੈ।


