ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨਾਲ ਆਪਣੇ ਲਗਾਅ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਕਈ ਉੱਘੀਆਂ ਸਿੱਖ ਸ਼ਖ਼ਸੀਅਤਾਂ ਤੇ ਬੁੱਧੀਜੀਵੀਆਂ ਨਾਲ ਮੁਲਾਕਾਤ ਦੌਰਾਨ ਦੇਸ਼ ਦੀ ਏਕਤਾ ਪ੍ਰਤੀ ਸਿੱਖ ਭਾਈਚਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਗਰੁੱਪ 'ਚ ਸ਼ਾਮਿਲ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ 90 ਮਿੰਟ ਤੋਂ ਵਧੇਰੇ ਸਮੇਂ ਤੱਕ ਚੱਲੀ ਇਸ ਬੈਠਕ ਦੌਰਾਨ ਸ੍ਰੀ ਮੋਦੀ ਨੇ ਉਨ੍ਹਾਂ ਦੀ ਸਰਕਾਰ ਵਲੋਂ ਸਿੱਖ ਭਾਈਚਾਰੇ ਨਾਲ ਸੰਬੰਧਿਤ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਅਤੇ ਸਾਨੂੰ ਸਿੱਖ ਭਾਈਚਾਰੇ ਨਾਲ ਸੰਬੰਧਿਤ ਕਿਸੇ ਵੀ ਮੁੱਦੇ 'ਤੇ ਉਨ੍ਹਾਂ (ਮੋਦੀ) ਨਾਲ ਸੰਪਰਕ ਕਰਨ ਲਈ ਕਿਹਾ ਹੈ। ਇਸ ਗਰੁੱਪ 'ਚ ਸ਼ਾਮਿਲ ਔਰਤਾਂ ਬਾਰੇ ਕੌਮੀ ਕਮਿਸ਼ਨ ਦੀ ਐਕਸਪਰਟ ਪੈਨਲ ਮੈਂਬਰ ਦਮਨਜੀਤ ਕੌਰ ਸੰਧੂ ਨੇ ਦੱਸਿਆ ਕਿ ਅਸੀਂ ਇਸ ਮੁਲਾਕਾਤ ਦੌਰਾਨ ਪੰਜਾਬ 'ਚ ਨਸ਼ਿਆਂ ਦੇ ਮੁੱਦੇ ਦੇ ਚਰਚਾ ਕੀਤੀ ਅਤੇ ਪ੍ਰਧਾਨ ਮੰਤਰੀ ਨੇ ਇਸ ਮਾਮਲੇ ਨੂੰ ਵੱਡੇ ਪੱਧਰ 'ਤੇ ਉਠਾਉਣ ਤੇ ਸਭ ਨੂੰ ਜਾਗਰੂਕ ਕਰਨ ਲਈ ਕਿਹਾ ਹੈ। ਇਸ ਗਰੁੱਪ 'ਚ ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਕਰਮਜੀਤ ਸਿੰਘ, ਏਅਰ ਮਾਰਸ਼ਲ (ਸੇਵਾਮੁਕਤ) ਪਰਮਜੀਤ ਸਿੰਘ ਭੰਗੂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਜਸਪਾਲ ਸਿੰਘ ਸੰਧੂ, ਪੰਜਾਬ ਤੇ ਸਿੰਧ ਬੈਂਕ ਦੇ ਚੇਅਰਮੈਨ ਚਰਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸ. ਤਰਲੋਚਨ ਸਿੰਘ, ਹਰਮੀਤ ਸਿੰਘ ਕਾਲਕਾ, ਬੱਬੂ ਤੀਰ ਸਮੇਤ ਕਈ ਹੋਰ ਸਿੱਖ ਸ਼ਖਸੀਅਤਾਂ ਸ਼ਾਮਿਲ ਸਨ।


