ਨਵੀਂ ਦਿੱਲੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਇੱਥੇ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ’ਚ ਮੁਲਾਕਾਤ ਕੀਤੀ। ਸ੍ਰੀ ਮੋਦੀ ਨੂੰ ਸੂਬੇ ਦੀ ਤਰਸਯੋਗ ਵਿੱਤੀ ਹਾਲਤ ਬਾਰੇ ਜਾਣੂ ਕਰਵਾਉਂਦਿਆਂ ਭਗਵੰਤ ਮਾਨ ਨੇ ਕਿਹਾ,‘‘ਪਿਛਲੀਆਂ ਸਰਕਾਰਾਂ ਸੂਬੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਗਈਆਂ ਹਨ। ਸੂਬੇ ਨੂੰ ਅਗਲੇ ਦੋ ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦਾ ਵਿੱਤੀ ਪੈਕੇਜ ਤੁਰੰਤ ਦਿੱਤਾ ਜਾਵੇ ਤਾਂ ਜੋ ਲੀਹੋਂ ਲੱਥੀ ਆਰਥਿਕਤਾ ਮੁੜ ਲੀਹ ਉੱਤੇ ਲਿਆਂਦੀ ਜਾ ਸਕੇ। ਮੈਨੂੰ ਉਮੀਦ ਹੈ ਇਸ ਵਿੱਤੀ ਸਹਾਇਤਾ ਸਦਕਾ ਤੀਜੇ ਸਾਲ ਦੌਰਾਨ ਪੰਜਾਬ ਦਾ ਅਰਥਚਾਰਾ ਸਵੈ-ਨਿਰਭਰ ਅਤੇ ਵਿੱਤੀ ਪੱਖੋਂ ਸਥਿਰ ਹੋ ਜਾਵੇਗਾ।’’
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਤੋਂ ਮਾਫੀਆ ਦਾ ਮੁਕੰਮਲ ਸਫਾਇਆ ਕਰਕੇ ਖਾਲੀ ਖਜ਼ਾਨਾ ਭਰਨ ਲਈ ਠੋਸ ਯਤਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਇੱਥੋਂ ਤੱਕ ਕਿ ਹੁਣ ਵੀ ਬਹਾਦਰ ਪੰਜਾਬੀ ਜਵਾਨ ਅੰਦਰੂਨੀ ਤੇ ਬਾਹਰੀ ਦੁਸ਼ਮਣਾਂ ਤੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਸੁਰੱਖਿਆ ਕਰਨ ਲਈ ਸਰਹੱਦਾਂ ਦੀ ਰਾਖੀ ਕਰ ਰਹੇ ਹਨ।
ਪੰਜਾਬ ਦੇ ਸਰਹੱਦੀ ਸੂਬਾ ਹੋਣ ਦੇ ਸੰਦਰਭ ’ਚ ਕੌਮੀ ਸੁਰੱਖਿਆ ਦਾ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਭਗਵੰਤ ਮਾਨ ਨੇ ਸਰਹੱਦ ਪਾਰ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਦੁਸ਼ਮਣ ਤਾਕਤਾਂ ਦੇ ਯਤਨਾਂ ਨੂੰ ਨਾਕਾਮ ਕਰਨ ਲਈ ਕੇਂਦਰ ਸਰਕਾਰ ਦੇ ਖੁੱਲ੍ਹ ਦਿਲੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਭਰੋਸਾ ਦਿੱਤਾ ਕਿ ਪੰਜਾਬ ਵੱਲੋਂ ਇਸ ਸਬੰਧ ਵਿਚ ਕੇਂਦਰ ਨੂੰ ਹਰ ਬਣਦੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸੂਬੇ ਦੀਆਂ ਘੁਸਪੈਠ ਵਿਰੋਧੀ ਕਾਰਵਾਈਆਂ ਦਾ ਟਾਕਰਾ ਕਰਨ ਲਈ ਫੋਰਸਾਂ ਨੂੰ ਅਤਿ-ਆਧੁਨਿਕ ਤਕਨੀਕਾਂ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਗਈ।
ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਮੁਲਕ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਵਿਸ਼ਵ ਪੱਧਰ ਉਤੇ ਮੁਲਕ ਦਾ ਨਾਮ ਵੀ ਰੋਸ਼ਨ ਹੋਵੇਗਾ।
ਭਗਵੰਤ ਮਾਨ ਵੱਲੋਂ ਉਠਾਏ ਮਸਲਿਆਂ ਦੇ ਜਵਾਬ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਸਮੁੱਚੇ ਮਾਮਲੇ ਨੂੰ ਕੇਂਦਰੀ ਵਿੱਤ ਅਤੇ ਗ੍ਰਹਿ ਮੰਤਰਾਲਿਆਂ ਕੋਲ ਉਠਾਉਣਗੇ ਤਾਂ ਜੋ ਸੂਬੇ ਦੀ ਬਣਦੀ ਮਦਦ ਕੀਤੀ ਜਾ ਸਕੇ।
ਇਸ ਦੌਰਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਤੇ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ਚਰਖਾ ਅਤੇ ਫੁਲਕਾਰੀ ਭੇਟ ਕੀਤੇ ਅਤੇ ਪ੍ਰਧਾਨ ਮੰਤਰੀ ਨੇ ਵੀ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਮੁੱਖ ਮੰਤਰੀ ਵਜੋਂ ਸਫ਼ਲ ਪਾਰੀ ਦੀ ਸ਼ੁਰੂਆਤ ਕਰਨ ਦੀ ਕਾਮਨਾ ਕੀਤੀ।


