ਅੰਮ੍ਰਿਤਸਰ - ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਇਕ ਪੱਤਰ ਭੇਜ ਕੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪ੍ਰੋ. ਸਰਚਾਂਦ ਸਿੰਘ ਨੇ ਪੱਤਰ ਵਿੱਚ ਕਿਹਾ ਹੈ ਕਿ ਪਾਵਨ ਸਰੂਪ ’ਚ ਦਰਜ ਬਾਣੀ ਨਾਲ ਕਿਸੇ ਵਿਅਕਤੀ ਜਾਂ ਸੰਸਥਾ ਵੱਲੋਂ ਕੋਈ ਛੇੜਛਾੜ ਨਹੀਂ ਕੀਤੀ ਜਾ ਸਕਦੀ। ਇਸ ਸਬੰਧੀ ਅਕਾਲ ਤਖ਼ਤ ਤੋਂ ਆਦੇਸ਼ ਵੀ ਜਾਰੀ ਹੋ ਚੁੱਕਾ ਹੈ। ਪਾਵਨ ਸਰੂਪ ਛਾਪਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਗਿਆ ਹੈ। ਜੇ ਕਿਸੇ ਵਿਅਕਤੀ ਨੇ ਸਰੂਪ ਛਾਪਣਾ ਹੋਵੇ ਤਾਂ ਉਸ ਸਬੰਧੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕਾ ਦੀ ਇੱਕ ਸੰਸਥਾ ਵੱਲੋਂ ਪਾਵਨ ਸਰੂਪ ਛਾਪਿਆ ਗਿਆ ਹੈ ਅਤੇ ਗੁਰਬਾਣੀ ਨਾਲ ਛੇੜਛਾੜ ਕੀਤੀ ਗਈ ਹੈ। ਇਹ ਸਿੱਖ ਰਹਿਤ ਮਰਿਆਦਾ ਅਤੇ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਹੈ, ਜਿਸ ਦਾ ਸਿੱਖ ਜਗਤ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।


