ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਦਾ ਫ਼ੈਸਲਾ ਨਾ ਸਿਰਫ਼ ਪੰਜਾਬ ਪੁਨਰਗਠਨ ਐਕਟ ਦੀ ਉਲੰਘਣਾ ਹੈ ਬਲਕਿ ਇਹ ਰਾਜੀਵ ਗਾਂਧੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਦਰਮਿਆਨ ਹੋਏ ਸਮਝੌਤੇ ਅਤੇ ਇਸ ਤੋਂ ਬਾਅਦ ਦੇ ਸਾਰੇ ਕਮਿਸ਼ਨਾਂ ਦੀ ਉਲੰਘਣਾ ਹੈ। ਉਨ੍ਹਾਂ ਵਿਚ ਕਿਹਾ ਗਿਆ ਸੀ ਕਿ ਪੰਜਾਬ ਦਾ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਡਾ ਹਿੱਸਾ ਬਣਦਾ ਹੈ। ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਭਾਵਨਾਵਾਂ ਦਾ ਹੈ ਅਤੇ ਪੰਜਾਬ ਤੇ ਪੰਜਾਬੀਆਂ ਦੀ ਚੰਡੀਗੜ੍ਹ ਨਾਲ ਡੂੰਘੀ ਸਾਂਝ ਹੈ।
ਸਾਬਕਾ ਰਾਜ ਸਭਾ ਮੈਂਬਰ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਦਾ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦਾ ਫ਼ੈਸਲਾ ਸੰਘੀ ਢਾਂਚੇ ਨੂੰ ਸੱਟ ਮਾਰਨ ਵਾਲਾ ਹੈ। ਇਸ ਖ਼ਿਲਾਫ਼ ਲੜਾਈ ਲਈ ਕਾਨੂੰਨੀ ਬਦਲ ਤਲਾਸ਼ੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੂੰ ਫ਼ੌਰੀ ਐਡਵੋਕੇਟ ਜਨਰਲ ਨਾਲ ਮਸ਼ਵਰਾ ਕਰਨਾ ਚਾਹੀਦਾ ਹੈ।


