ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਵਤਾ ਸਾਂਝੀ ਕਰਨ ਦਾ ਸਮਝੌਤਾ ਕਰਨ ਦੀ ਆੜ ਵਿਚ ਪੰਜਾਬ ਦੇ ਹਿੱਤ ਦਿੱਲੀ ਨੂੰ ਵੇਚ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਅਸਲ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿਚ ਕਾਲਾ ਦਿਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਕ ਮਿਉਂਸਿਪਲ ਕਮੇਟੀ ਪ੍ਰਧਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਾਰਜ ਦੇ ਦਿੱਤਾ ਗਿਆ ਹੈ। ਪੰਜਾਬ ਹੁਣ ਦਿੱਲੀ ਅਧੀਨ ਹੋ ਗਿਆ ਹੈ, ਜੋ ਸੂਬਾ ਵੀ ਨਹੀਂ ਹੈ। ਉਨ੍ਹਾਂ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਸੂਬੇ ਦੀ ਖੁਦਮੁਖ਼ਤਿਆਰੀ ਦਿੱਲੀ ਨੂੰ ਸਮਰਪਿਤ ਕਰ ਕੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਧੋਖਾ ਕਿਉਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬੀਆਂ ਦੇ ਸਵੈ-ਮਾਣ ਨੂੰ ਸੱਟ ਮਾਰੀ ਹੈ। ਹੁਣ ਪੰਜਾਬ ਦੇ ਸਾਰੇ ਮੰਤਰੀ ਤੇ ਅਫਸਰ ਕੇਜਰੀਵਾਲ ਨੂੰ ਰਿਪੋਰਟ ਕਰਨਗੇ ਤੇ ਹੁਣ ਕੇਜਰੀਵਾਲ ਦੀ ਪਹੁੰਚ ਪੰਜਾਬ ਸਰਕਾਰ ਦੀਆਂ ਫਾਈਲਾਂ ਤੱਕ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਭੇਤ ਗੁਪਤ ਰੱਖਣ ਨਾਲ ਜੁੜੇ ਐਕਟ ਦੀ ਉਲੰਘਣਾ ਹੈ। ਇਸ ਸਮਝੌਤੇ ਦੀ ਮਦ 3 ਮੁਤਾਬਕ ਭਵਿੱਖੀ ਸਰਕਾਰਾਂ ਵੀ ਇਸ ਸਮਝੌਤੇ ਦੀ ਪਾਲਣਾ ਲਈ ਪਾਬੰਦ ਹੋਣਗੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਰਾਜਪਾਲ ਤੱਕ ਪਹੁੰਚ ਕਰਕੇ ਬੇਨਤੀ ਕਰੇਗਾ ਕਿ ਉਹ ਮੁੱਖ ਮੰਤਰੀ ਨੂੰ ਹਦਾਇਤਾਂ ਕਰਨ ਕਿ ਉਹ ਇਸ ਪੰਜਾਬ ਵਿਰੋਧੀ ਸਮਝੌਤੇ ਲਈ ਸਹਿਮਤੀ ਵਾਪਸ ਲੈਣ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਐਮਰਜੰਸੀ ਮੀਟਿੰਗ ਵਿਚ ਅਗਲੀ ਰੂਪ ਰੇਖਾ ਉਲੀਕਣ ਦਾ ਐਲਾਨ ਕੀਤਾ। ਉਨ੍ਹਾਂ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਸੌਂਪਣ ਦਾ ਖ਼ਦਸ਼ਾ ਵੀ ਪ੍ਰਗਟਾਇਆ।
ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ‘‘ਮਨੀਸ਼ ਸਿਸੋਦੀਆ ਯੂਰੋਪ ਤੇ ਫਿਨਲੈਂਡ ਦੀ ਸਿੱਖਿਆ ਪ੍ਰਣਾਲੀ ਨੂੰ ਸਮਝਣ ਲਈ ਉਥੇ ਗਏ ਸਨ। ਜੇਕਰ ਕੋਈ ਕਹੇ ਕਿ ਦਿੱਲੀ ਸਰਕਾਰ ਫਿਨਲੈਂਡ ਤੋਂ ਚੱਲ ਰਹੀ ਹੈ ਤਾਂ ਇਹ ਮੂਰਖਤਾ ਹੋਵੇਗੀ। ਹਾਲ ਹੀ ਵਿੱਚ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ.ਕੇ.ਸਟਾਲਿਨ ਦਿੱਲੀ ਆੲੇ ਸਨ। ਅਸੀਂ ਇਹ ਨਹੀਂ ਕਹਿ ਸਕਦੇ ਕਿ ਤਾਮਿਲ ਨਾਡੂ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ।’’ ਐੱਸਵਾਈਐੱਲ ਬਾਰੇ ਪੁੱਛਣ ’ਤੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਕੇਂਦਰ ਸਰਕਾਰ, ਪੰਜਾਬ ਤੇ ਹਰਿਆਣਾ ਸਣੇ ਸਾਰੇ ਭਾਈਵਾਲਾਂ ਅਤੇ ਕੋਰਟਾਂ ਨੂੰ ਇਕੱਠਿਆਂ ਹੋਣ ਦੀ ਲੋੜ ਹੈ।
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਇਹ ਸਮਝੌਤਾ ਪੰਜਾਬ ਸਰਕਾਰ ਵੱਲੋਂ ਆਪਣੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਨੂੰ ਪੂਰਨ ਤੌਰ ’ਤੇ ਤਿਲਾਂਜਲੀ ਦੇਣ ਦੇ ਬਰਾਬਰ ਹੈ। ਇਹ ਸਮਝੌਤਾ ਯਕੀਨੀ ਬਣਾਏਗਾ ਕਿ ਪੰਜਾਬ ਸਰਕਾਰ ਅਸਲ ਵਿੱਚ ਅਰਵਿੰਦ ਕੇਜਰੀਵਾਲ ਦੇ ਹੱਥ ਹੈ। ਇਹ ਗ਼ੈਰ-ਜਮਹੂਰੀ ਹੈ ਅਤੇ ਜੇ ਇਸ ਸਮਝੌਤੇ ’ਤੇ ਦਸਖ਼ਤ ਕੀਤੇ ਜਾਂਦੇ ਹਨ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ। -ਵੇਰਵੇ ਸਫ਼ਾ 3 ’ਤੇ
ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਵਟਾਂਦਰੇ ਨੂੰ ਲੈ ਕੇ ਦਿੱਲੀ ਸਰਕਾਰ ਨਾਲ ਕੀਤੇ ਸਮਝੌਤੇ ਨੂੰ ਇਤਿਹਾਸਕ ਫ਼ੈਸਲਾ ਦੱਸਦਿਆਂ ਕਿਹਾ ਕਿ ਵਿਰੋਧੀ ਧਿਰਾਂ ਬੇਬੁਨਿਆਦ, ਤਰਕਹੀਣ ਅਤੇ ਸਿਆਸਤ ਤੋਂ ਪ੍ਰੇਰਿਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਕਰਾਰ ਨੂੰ ਲੈ ਕੇ ਬੇਲੋੜਾ ਰੌਲਾ-ਰੱਪਾ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਪ੍ਰਤਾਪ ਸਿੰਘ ਬਾਜਵਾ ਤੇ ਨਵਜੋਤ ਸਿੱਧੂ ਲੋਕਾਂ ਨੂੰ ਬੇਵਜ੍ਹਾ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 44 ਸਾਲਾਂ ਤੱਕ ਪੰਜਾਬ ’ਤੇ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਜੇਕਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਖੁਸ਼ਹਾਲੀ ਲਈ ਕੋਈ ਠੋਸ ਕੰਮ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਇੰਨੀ ਵੱਡੀ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਝੋਨੇ ਦੀ ਪਰਾਲੀ ਤੋਂ ਬਿਜਲੀ ਦਾ ਉਤਪਾਦਨ ਕਰਨ ਲਈ ਸਹਿਯੋਗ ਵਾਸਤੇ ਚੀਨ ਗਏ ਸਨ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕੈਨੇਡਾ ਦੇ ਓਂਟਾਰੀਓ ਸੂਬੇ ਨਾਲ ਵੱਖ-ਵੱਖ ਖੇਤਰਾਂ ਵਿੱਚ ਕਈ ਸਮਝੌਤੇ ਕੀਤੇ ਸਨ। ਉਨ੍ਹਾਂ ਸੁਖਬੀਰ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਸਰਕਾਰ ਚੀਨ ਤੋਂ ਚਲਦੀ ਸੀ ਜਾਂ ਫਿਰ ਓਂਟਾਰੀਓ ਤੋਂ। ਮਾਨ ਨੇ ਕਿਹਾ ਕਿ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਸਿਆਸੀ ਸ਼ਹਿ ਲਈ ਬੇਬੁਨਿਆਦ ਦੋਸ਼ ਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਬਾਜਵਾ ਨੂੰ ਉਹ ਵੇਲਾ ਯਾਦ ਦਿਵਾਇਆ ਜਦੋਂ ਉਨ੍ਹਾਂ ਦੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਆਪਣੇ ਵਿਦੇਸ਼ੀ ਮਹਿਮਾਨ ਦੇ ਕਹਿਣ ’ਤੇ ਮੁੱਖ ਸਕੱਤਰ, ਡੀਜੀਪੀ ਵਰਗੇ ਸਿਖਰਲੇ ਅਧਿਕਾਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਦੇ ਹੁਕਮ ਦਿੰਦੇ ਸਨ।
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਨਾਲ ਕੀਤੇ ਗਏ ਸਮਝੌਤੇ ਬਾਰੇ ਆਖਿਆ ਕਿ ਹੁਣ ਭਗਵੰਤ ਮਾਨ ਦਾ ਇਨਕਲਾਬ ਵਾਲਾ ਜੋਸ਼ ਖ਼ਤਮ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਹੁਣ ਦਿੱਲੀ ਦੇ ਮੁੱਖ ਮੰਤਰੀ ਦੇ ਦਬਾਅ ਹੇਠ ਨਜ਼ਰ ਆ ਰਹੇ ਹਨ। ਬਾਜਵਾ ਅੱਜ ਇੱਥੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਰਾਭਾ ਨਗਰ ਸਥਿਤ ਘਰ ਪੁੱਜੇ ਸਨ, ਜਿੱਥੇ ਸਾਰੇ ਸਾਬਕਾ ਵਿਧਾਇਕ ਤੇ ਕਾਰਜਕਾਰੀ ਸੂਬਾ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਵੀ ਮੌਜੂਦ ਸਨ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ’ਚ ਜਿਸ ਤਰ੍ਹਾਂ ਇਨਕਲਾਬ ਦੀ ਝਲਕ ਪੈਂਦੀ ਸੀ, ਉਹ ਹੁਣ ਨਜ਼ਰ ਨਹੀਂ ਆਉਂਦੀ। ਉਹ ਜਦੋਂ ਤੋਂ ਮੁੱਖ ਮੰਤਰੀ ਬਣੇ ਹਨ, ਉਦੋਂ ਦੇ ਦੱਬੇ-ਦੱਬੇ ਰਹਿੰਦੇ ਹਨ। ਉਹ ਇਨਕਲਾਬ ਵਾਲੀਆਂ ਗੱਲਾਂ ਵੀ ਭੁੱਲ ਗਏ ਲੱਗਦੇ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਬਿਨਾਂ ਵਿਧਾਨ ਸਭਾ ਦਾ ਸੈਸ਼ਨ ਬੁਲਾਏ ਵੱਖ-ਵੱਖ ਵਿਭਾਗਾਂ ਦੇ 18 ਸਮਝੌਤੇ ਸਾਈਨ ਕਰ ਦਿੱਤੇ ਹਨ, ਜਿਸ ਦਾ ਕਾਂਗਰਸ ਵਿਰੋਧ ਕਰਦੀ ਹੈ। ਮਾਨ ਪੰਜਾਬ ਨੂੰ ਠੇਕੇ ’ਤੇ ਦੇਣ ਦੀ ਤਿਆਰੀ ਕਰ ਰਹੇ ਹਨ।
ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਤੋਂ ਵੱਖ ਹੋ ਕੇ ਚੱਲਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਅੱਜ ਉਹ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਆਏ ਹਨ। ਪਾਰਟੀ ’ਚ ਕੀ ਹੋ ਰਿਹਾ ਹੈ ਜਾਂ ਕੀ ਨਹੀਂ, ਇਹ ਬਾਅਦ ਦੀ ਗੱਲ ਹੈ। ਇਸ ਮੌਕੇ ਰਾਕੇਸ਼ ਪਾਂਡੇ, ਸੁਰਿੰਦਰ ਡਾਬਰ, ਕੁਲਦੀਪ ਵੈਦ, ਸੰਜੈ ਤਲਵਾੜ, ਵਿਕਰਮ ਬਾਜਵਾ, ਈਸ਼ਰਵਜੋਤ ਚੀਮਾ ਤੇ ਹੋਰ ਆਗੂ ਹਾਜ਼ਰ ਸਨ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਪਰ ਇਸ ਸਬੰਧੀ ‘ਆਪ’ ਆਗੂਆਂ ਨੂੰ ਵਿਧਾਨ ਸਭਾ ਵਿੱਚ ਘੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਦੇ ਲੋਕ ਸੁਰੱਖਿਅਤ ਨਹੀਂ ਹਨ। ਰੋਜ਼ਾਨਾ ਕਤਲ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੰਜਾਬ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਬਾਜਵਾ ਅੱਜ ਇੱਥੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨਾਲ ਉਨ੍ਹਾਂ ਦੀ ਮਾਤਾ ਮੇਹਰ ਕੌਰ ਦੀ ਮੌਤ ’ਤੇ ਦੁੱਖ ਸਾਂਝਾ ਕਰਨ ਪੁੱਜੇ ਸਨ।
ਨਗਰ ਕੌਂਸਲ ਭੁੱਚੋ ਮੰਡੀ ਦੇ ਪ੍ਰਧਾਨ ਜੌਨੀ ਬਾਂਸਲ ਦੇ ਘਰ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਪਹਿਲੀ ਜੁਲਾਈ ਤੋਂ 600 ਯੂਨਿਟ ਮੁਆਫ਼ ਕਰਨ ਦਾ ਫ਼ੈਸਲਾ ਤਾਂ ਲਿਆ ਹੈ ਪਰ ਹਾਲੇ ਤੱਕ ਇਸ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਇਸ ਫ਼ੈਸਲੇ ਦੀ ਅਸਲ ਸਥਿਤੀ ਸਾਹਮਣੇ ਆਏਗੀ। ਉਨ੍ਹਾਂ ਕਿਹਾ ਕਿ ‘ਆਪ’ ਹਰ ਵਰਗ ਨੂੰ ਇੱਕ ਅੱਖ ਨਾਲ ਦੇਖਣ ਦੀ ਜਗ੍ਹਾ ਵਿਤਕਰੇ ਵਾਲੀ ਨੀਤੀ ’ਤੇ ਚੱਲ ਰਹੀ ਹੈ। ਰਾਜਾ ਵੜਿੰਗ ਮਗਰੋਂ ਕਾਂਗਰਸੀ ਆਗੂ ਮੁਕੇਸ਼ ਸ਼ਰਮਾ ਦੇ ਘਰ ਵੀ ਗਏ। ਇਸ ਮੌਕੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਗੁਰਾ ਸਿੰਘ ਤੁੰਗਵਾਲੀ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇੱਕ ਮਹੀਨੇ ਵਿੱਚ ਪੰਜਾਬ ਪ੍ਰਦੇਸ਼ ਕਮੇਟੀ ਬਣਾ ਦਿੱਤੀ ਜਾਵੇਗੀ। ਇਸ ਮੌਕੇ ਯੂਥ ਵਿੰਗ ਦੇ ਹਲਕਾ ਇੰਚਾਰਜ ਜੱਸ ਬੱਜੋਆਣੀਆ ਤੇ ਸਾਥੀਆਂ ਨੇ ਰਾਜਾ ਵੜਿੰਗ ਦਾ ਸਨਮਾਨ ਵੀ ਕੀਤਾ।