ਅੰਮ੍ਰਿਤਸਰ - ਦਿੱਲੀ ਕਮੇਟੀ ਵੱਲੋਂ ਪੰਜਾਬ ਵਿਚ ਸ਼੍ਰੋਮਣੀ ਕਮੇਟੀ ਦੇ ਬਰਾਬਰ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਸਾਬਕਾ ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ ਨੂੰ ਲਾਇਆ ਗਿਆ। ਦਿੱਲੀ ਕਮੇਟੀ ਵਲੋਂ ਅੰਮ੍ਰਿਤਸਰ ਵਿਚ ਤਿੰਨ ਅਗਸਤ ਨੂੰ ਧਰਮ ਪ੍ਰਚਾਰ ਦਾ ਦਫਤਰ ਖੋਲ੍ਹਿਆ ਜਾਵੇਗਾ।
ਦਿੱਲੀ ਕਮੇਟੀ ਵਲੋਂ ਪੰਜਾਬ ਵਿਚ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕਰਨ ਦੇ ਫੈਸਲੇ ਨਾਲ ਦੋਵੇਂ ਸਿੱਖ ਸੰਸਥਾਵਾਂ ਆਹਮੋ-ਸਾਹਮਣੇ ਆ ਗਈਆਂ ਹਨ। ਦਿੱਲੀ ਕਮੇਟੀ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਬੰਧ ਹੇਠ ਸੀ ਪਰ ਇਸ ਵਾਰ ਹੋਈਆਂ ਚੋਣਾਂ ਤੋਂ ਬਾਅਦ ਦਿੱਲੀ ਕਮੇਟੀ ’ਤੇ ਕਾਬਜ਼ ਧੜੇ ਨੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ। ਇਸ ਤੋਂ ਬਾਅਦ ਦੋਵਾਂ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵਿਚਾਲੇ ਦੂਰੀ ਵੱਧ ਗਈ ਹੈ। ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਹੀ ਦਿੱਲੀ ਵਿਚ ਆਪਣਾ ਸਿੱਖ ਮਿਸ਼ਨ ਸਥਾਪਤ ਕੀਤਾ ਗਿਆ ਹੈ ਅਤੇ ਹੁਣ ਦਿੱਲੀ ਕਮੇਟੀ ਨੇ ਵੀ ਪੰਜਾਬ ਵਿਚ ਧਰਮ ਪ੍ਰਚਾਰ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਦਿੱਲੀ ਕਮੇਟੀ ’ਤੇ ਕਾਬਜ਼ ਧੜੇ ਨੇ ਨਾ ਸਿਰਫ ਆਪਣਾ ਵੱਖਰਾ ਅਕਾਲੀ ਦਲ ਬਣਾ ਲਿਆ ਸਗੋਂ ਉਸ ਨੂੰ ਬਾਦਲ ਵਿਰੋਧੀ ਅਕਾਲੀ ਦਲਾਂ ਦਾ ਸਮਰਥਨ ਵੀ ਮਿਲ ਰਿਹਾ ਹੈ।
ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਇਸ ਸਬੰਧ ਵਿਚ ਦਿੱਲੀ ਕਮੇਟੀ ਦੀ ਸਰਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਿਵਾਸ ਵਿਚ ਧਰਮ ਪ੍ਰਚਾਰ ਕਮੇਟੀ ਪੰਜਾਬ ਦਾ ਦਫਤਰ ਭਲਕੇ ਖੋਲ੍ਹਿਆ ਜਾਵੇਗਾ। ਸਮਾਗਮ ਵਿਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਉਨ੍ਹਾਂ ਦੀ ਟੀਮ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਭੋਮਾ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਵੀ ਹਨ। ਉਹ ਲੰਮਾ ਸਮਾਂ ਫੈਡਰੇਸ਼ਨ ਨਾਲ ਜੁੜੇ ਰਹੇ ਹਨ ਅਤੇ ਜੋਧਪੁਰ ਜੇਲ੍ਹ ਵਿਚ ਵੀ ਪੰਜ ਸਾਲ ਨਜ਼ਰਬੰਦ ਰਹੇ ਹਨ।
ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਹਾਲ ਹੀ ਵਿਚ ਦੋਸ਼ ਲਾਇਆ ਸੀ ਕਿ ਸ਼੍ਰੋਮਣੀ ਕਮੇਟੀ ਪੰਜਾਬ ਵਿਚ ਸਿੱਖੀ ਦਾ ਪ੍ਰਚਾਰ ਸਹੀ ਢੰਗ ਨਾਲ ਕਰਨ ਵਿਚ ਅਸਫਲ ਰਹੀ ਹੈ ਜਿਸ ਕਾਰਨ ਪੰਜਾਬ ਵਿਚ ਸਿੱਖਾਂ ਵਲੋਂ ਆਪਣਾ ਧਰਮ ਛੱਡ ਕੇ ਦੂਜਾ ਧਰਮ ਧਾਰਨ ਕੀਤਾ ਜਾ ਰਿਹਾ ਹੈ।


