ਸਮਾਲਸਰ - ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਸਥਾਨ ਪਿੰਡ ਰੋਡੇ (ਮੋਗਾ) ਵਿਖੇ ਜਿੱਥੇ ਵਾਰਸ ਪੰਜਾਬ ਦੇ ਜਥੇਬੰਦੀ ਦੀ ਸਾਲਾਨਾ ਵਰ੍ਹੇਗੰਢ ਮਨਾਈ ਗਈ, ਉੱਥੇ ਇਸ ਜਥੇਬੰਦੀ ਪ੍ਰਧਾਨ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਦਸਤਾਰਬੰਦੀ ਵੀ ਕੀਤੀ ਗਈ | ਇੱਥੇ ਇਹ ਜ਼ਿਕਰਯੋਗ ਹੈ ਕਿ ਇਹ ਵਾਰਸ ਪੰਜਾਬ ਦੇ ਜਥੇਬੰਦੀ ਦੀਪ ਸਿੱਧੂ ਵਲੋਂ ਬਣਾਈ ਗਈ ਸੀ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਵੱਡੇ ਇਕੱਠ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਸੋਚ ਅਤੇ ਵਿਚਾਰਧਾਰਾ ਅਪਣਾ ਕੇ ਅਤੇ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਦਿਆਂ ਸਿੱਖ ਕੌਮ ਦੀ ਆਜ਼ਾਦੀ ਅਤੇ ਪੰਜਾਬ ਸੂਬੇ ਦੀ ਖ਼ੁਸ਼ਹਾਲੀ ਲਈ ਕੰਮ ਕਰਾਂਗੇ | ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਸੋਚ ਮੁਤਾਬਿਕ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਅ ਕੇ ਬਾਣੀ ਅਤੇ ਬਾਣੇ ਨਾਲ ਜੋੜਾਂਗੇ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਪਿੰਡਾਂ ਵਿਚ ਅੰਮਿ੍ਤ ਸੰਚਾਰ ਮੁਹਿੰਮ ਚਲਾਵਾਂਗੇ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਕੇਸਾਧਾਰੀ ਬਣਾ ਕੇ, ਅੰਮਿ੍ਤ ਛਕਾ ਕੇ ਗੁਰੂ ਵਾਲੇ ਬਣਾਵਾਂਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਿੱਖ ਕੌਮ ਦੀ ਆਜ਼ਾਦੀ ਲਈ ਇੱਕਮੁੱਠ ਹੋ ਕੇ ਯਤਨ ਕਰਨੇ ਚਾਹੀਦੇ ਹਨ, ਇਹ ਯਤਨ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਅਸੀਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਸੋਚ ਅਤੇ ਵਿਚਾਰਧਾਰਾ ਨੂੰ ਅਪਣਾਈਏ | ਉਨ੍ਹਾਂ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਦਸਤਾਰਬੰਦੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਸਿੱਖ ਕੌਮ ਤੇ ਸਿੱਖ ਨੌਜਵਾਨਾਂ ਦੀ ਅਗਵਾਈ ਕਰਨ, ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਉਨ੍ਹਾਂ ਦਾ ਡਟ ਕੇ ਸਾਥ ਦੇਵੇਗੀ | ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਅਜੋਕੇ ਹਾਲਾਤ ਵਿਚ ਬਹੁਤ ਚੁਣੌਤੀਆਂ ਦਰਪੇਸ਼ ਹਨ, ਇਸ ਲਈ ਸਾਨੂੰ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਹਾਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਉੱਚੀ ਸੁੱਚੀ ਸੋਚ ਨੂੰ ਅਪਣਾ ਕੇ, ਉਨ੍ਹਾਂ ਨੂੰ ਆਦਰਸ਼ ਮੰਨ ਕੇ ਚੱਲਣਾ ਹੋਵੇਗਾ ਤਾਂ ਹੀ ਅਸੀਂ ਸਿੱਖ ਕੌਮ ਨੂੰ ਬੁਲੰਦੀਆਂ 'ਤੇ ਲਿਜਾ ਸਕਾਂਗੇ | ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਵੱਖ-ਵੱਖ ਨਿਹੰਗ ਜਥੇਬੰਦੀਆਂ, ਸੰਤ ਮਹਾਪੁਰਸ਼ਾਂ ਅਤੇ ਹੋਰ ਸਿੱਖ ਆਗੂਆਂ ਨੇ ਸਾਂਝੇ ਰੂਪ ਵਿਚ ਭਾਈ ਅੰਮਿ੍ਤਪਾਲ ਸਿੰਘ ਦੀ ਵਾਰਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਦੇ ਤੌਰ 'ਤੇ ਦਸਤਾਰਬੰਦੀ ਵੀ ਕੀਤੀ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਅਠਾਰਾਂ ਦੇ ਕਰੀਬ ਮਤੇ ਪਾਸ ਕੀਤੇ ਗਏ | ਇਸ ਮੌਕੇ ਭਾਈ ਜਗਤਾਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਮਨਪ੍ਰੀਤ ਸਿੰਘ ਖ਼ਾਲਸਾ ਰੋਡੇ, ਭਾਈ ਹਰਪ੍ਰੀਤ ਸਿੰਘ, ਭਾਈ ਕੁਲਵੰਤ ਸਿੰਘ ਰਾਊਕੇ, ਬਲਵਿੰਦਰ ਸਿੰਘ ਬਾਵਾ, ਜਸਵੰਤ ਸਿੰਘ ਦੁਬਈ, ਮਾਤਾ ਰਣਜੀਤ ਕੌਰ ਸਮਾਲਸਰ, ਭਾਈ ਗੁਰਜੰਟ ਸਿੰਘ ਸਮਾਲਸਰ, ਜਗਸੀਰ ਸਿੰਘ ਰੋਡੇ, ਸੁਰਿੰਦਰ ਰਾਜਾ, ਗੁਰਪ੍ਰੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਆਸ-ਪਾਸ ਪਿੰਡਾਂ ਅਤੇ ਪੰਜਾਬ ਭਰ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ 'ਚ ਨੌਜਵਾਨ ਅਤੇ ਬੀਬੀਆਂ ਹਾਜ਼ਰ ਸਨ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦਸਤਾਰਾਂ ਦਿੱਤੀਆਂ ਗਈਆਂ, ਉੱਥੇ ਹੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਭੈਣ ਰਾਜਿੰਦਰ ਕੌਰ ਅਤੇ ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ ਦੀ ਮਾਤਾ ਰਣਜੀਤ ਕੌਰ ਸਮਾਲਸਰ ਵਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ |


