ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਏ ਅੰਦਰੂਨੀ ਸੰਕਟ ਵਿਚ ਅੱਜ ਉਸ ਵੇਲੇ ਹੋਰ ਵਾਧਾ ਹੋ ਗਿਆ ਜਦੋਂ ਮਾਝੇ ਦੇ ਇਕ ਹੋਰ ਟਕਸਾਲੀ ਅਕਾਲੀ ਆਗੂ ਭਾਈ ਮਨਜੀਤ ਸਿੰਘ ਨੇ ਵੀ ਪਾਰਟੀ ਦੀਆਂ ਨੀਤੀਆਂ ’ਤੇ ਕਿੰਤੂ-ਪ੍ਰੰਤੂ ਕਰਦਿਆਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣਾ ਪਾਰਟੀ ਲਈ ਆਤਮਘਾਤੀ ਫੈਸਲਾ ਕਰਾਰ ਦਿੱਤਾ। ਉਨ੍ਹਾਂ ਨੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਬਰਗਾੜੀ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਮੁਆਫ਼ੀ ਮੰਗਣ ਦਾ ਸੁਝਾਅ ਦਿੱਤਾ ਹੈ।
ਭਾਈ ਮਨਜੀਤ ਸਿੰਘ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਹਨ ਅਤੇ ਇਸ ਤੋਂ ਪਹਿਲਾਂ ਪਾਰਟੀ ਦੇ ਮੀਤ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਦੇ ਅਹੁਦੇ ’ਤੇ ਰਹਿ ਚੁੱਕੇ ਹਨ। ਉਹ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸਵਰਗੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਬੇਟੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਵਰਗੀ ਭਾਈ ਅਮਰੀਕ ਸਿੰਘ ਦੇ ਭਰਾ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਤ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਉਸ ਵੇਲੇ ਦੀ ਸਰਕਾਰ ਨੇ ਇਸ ਘਟਨਾ ਕ੍ਰਮ ਦੀ ਜੜ੍ਹ ਨੂੰ ਲੱਭ ਲਿਆ ਹੁੰਦਾ ਤਾਂ ਅੱਜ ਪੰਜਾਬ ਦੇ ਹਾਲਾਤ ਕੁਝ ਹੋਰ ਹੁੰਦੇ ਤੇ ਸਪੱਸ਼ਟੀਕਰਨ ਦੇਣ ਦੀ ਲੋੜ ਨਾ ਪੈਂਦੀ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਏਜੰਡੇ ਨੂੰ ਤਿਆਗ ਕੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦਿੱਤੀ ਸੀ, ਜੋ ਪਾਰਟੀ ਲਈ ਆਤਮਘਾਤੀ ਫੈਸਲਾ ਸਾਬਤ ਹੋਇਆ ਹੈ। ਇਸ ਫੈਸਲੇ ਨਾਲ ਸ੍ਰੀ ਅਕਾਲ ਤਖ਼ਤ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਨੂੰ ਢਾਹ ਲੱਗੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਦੀ ਲੀਡਰਸ਼ਿਪ ਵਿਚ ਬਦਲਾਅ ਬਾਰੇ ਸਮੂਹ ਸੀਨੀਅਰ ਆਗੂਆਂ ਨੂੰ ਮਿਲ ਬੈਠ ਕੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਪਾਰਟੀ ਵਿਚ ਰਹਿ ਕੇ ਅਜਿਹੀ ਨੀਤੀ ਦਾ ਵਿਰੋਧ ਕਰਨਗੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਹਟਾਉਣ ਦਾ ਸਮਰਥਨ ਕੀਤਾ ਹੈ। ਬਾਅਦ ਦੁਪਹਿਰ ਤਿੰਨ ਵਜੇ ਭਾਈ ਮਨਜੀਤ ਸਿੰਘ ਨੇ ਆਪਣੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ 14 ਅਕਤੂਬਰ ਨੂੰ ਬਰਗਾੜੀ ਵਿਖੇ ਹੋਣ ਵਾਲੇ ਸ਼ਹੀਦੀ ਸੰਮੇਲਨ ਵਿਚ ਸ਼ਾਮਲ ਹੋਣਗੇ।


