ਰੂਪਨਗਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਥਾਪ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ 1984 ਦੇ ਸਿੱਖ ਵਿਰੋਧੀ ਦੰਗਿਆ ਵਿੱਚ ਕਮਲ ਨਾਥ ਦੀ ਭੂਮਿਕਾ ਜੱਗ ਜਾਹਰ ਹੈ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਬਨਣ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਪਾਕਿਸਤਾਨ ਦੀ ਚਾਲ ਵਾਲੀ ਦਿੱਤੀ ਟਿੱਪਣੀ ਦੀ ਆਲੋਚਨਾ ਕਰਦਿਆਂ ਕਿਹਾ `ਕਿ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਨੇ ਸਿੱਖ ਸੰਗਤਾਂ ਦੇ ਮਨਾਂ ’ਤੇ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾ ਚੁੱਕਾ ਹੈ ਤਾਂ ਕੈਪਟਨ ਦੁਆਰਾ ਅਜਿਹਾ ਬਿਆਨ ਦੇਣਾ ਮੰਦਾਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਆਕਾਲੀ ਦਲ ਕੁਰਬਾਨੀਆਂ ਅਤੇ ਬਲਿਦਾਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ। ਉਨ੍ਹਾਂ ਕਿਹਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬੀ ਸੂਬੇ ਦੀ ਮੰਗ ਲਈ ਆਕਾਲੀ ਦਲ ਦੇ ਵਰਕਰਾਂ ਨੇ ਆਪਣੀ ਜਾਨ ਦੀ ਪ੍ਰਵਾਹ ਕਰੇ ਬਿਨਾਂ 1966 ਵਿੱਚ ਪੰਜਾਬੀ ਸੂਬੇ ਦੀ ਹੋਂਦ ਕਾਇਮ ਕਰਵਾਈ ਸੀ।


