ਚੀਮਾ ਮੰਡੀ - ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿੱਚ ਸਿੱਖ ਪੰਥ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਹੋਈਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਧਰਮ ਨਾਲ ਸਬੰਧਤ ਲੋਕਾਂ ਦੇ ਹਿਰਦੇ ਬਲੂੰਦਰੇ ਗਏ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਬਜ਼ ਲੋਕਾਂ ਤੋਂ ਬਚਾਉਣਾ ਸਮੇਂ ਦੀ ਲੋੜ ਹੈ। ਇਸ ਸਮੇਂ ਉਹ ਕਸਬੇ ਵਿਚ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜੈਵਿੰਦਰ ਸਿੰਘ ਦੀ ਮਾਤਾ ਨਮਿਤ ਰੱਖੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਲੋਕਾਂ ਨੇ ਨਰੈਣੂ ਮਾਹੰਤ ਨੂੰ ਵੀ ਮਾਤ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੌ ਸਾਲ ਦੇ ਅਰਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਪੜ੍ਹਾਈ ਲਈ ਕਿਸੇ ਵੀ ਲੋੜਵੰਦ ਸਿੱਖ ਪਰਵਾਰ ਦੇ ਬੱਚੇ ਦੀ ਫੀਸ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਕੋਈ ਵੀ ਸਿੱਖ ਪੰਥਕ ਲਹਿਰ ਵਿੱਚ ਸ਼ਾਮਲ ਹੋ ਸਕਦਾ ਹੈ ਤੇ ਭਾਂਵੇ ਉਹ ਕਿਸੇ ਵੀ ਪਾਰਟੀ ਵਿੱਚ ਕੰਮ ਕਰਦਾ ਹੋਵੇ, ਪਰ ਰਾਜਸੀ ਇੱਛਾ ਰੱਖਣ ਵਾਲੇ ਲਈ ਪੰਥਕ ਲਹਿਰ ਵਿੱਚ ਕੋਈ ਥਾਂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗਰੁਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲ ਤਖ਼ਤ ’ਤੇ ਕਾਬਜ਼ ਲੋਕ ਗੁਰੂ ਗ੍ਰੰਥ ਸਾਹਿਬ ਦੀ ਬੇਅਦਵੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਹਨ। ਉਨ੍ਹਾਂ ਅਦਾਲਤ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਖ਼ਾਲਿਸਤਾਨੀ ਸਾਹਿਤ ਰੱਖਣ ਦੇ ਦੋਸ਼ ਵਿੱਚ ਦਿੱਤੀ ਉਮਰ ਕੈਦ ਦੀ ਸਜ਼ਾ ਸਬੰਧੀ ਬੋਲਦਿਆਂ ਕਿਹਾ ਕਿ ਸਿੱਖਾਂ ਨੂੰ ਇਸ ਬਾਰੇ ਘਬਰਾਉਣ ਦੀ ਲੋੜ ਨਹੀਂ। ਇਸ ਵਿਰੁੱਧ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਹੋਣ ਤੋਂ ਬਾਅਦ ਸਿੱਖਾਂ ਨੂੰ ਇਨਸਾਫ਼ ਮਿਲੇਗਾ।